07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਚੰਡੀਗੜ੍ਹ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਉੱਤਰੀ ਭਾਰਤ ਦਾ ਹੋਰ ਮਜ਼ਬੂਤ ਸਿਹਤ, ਸਿੱਖਿਆ ਤੇ ਖੋਜ ਕੇਂਦਰ ਬਣਾਇਆ ਜਾ ਰਿਹਾ-ਪ੍ਰਧਾਨ ਮੰਤਰੀ ਮੋਦੀ

Ad Position 21
No active advertisement
ਅਜੀਤ ਡੈਸਕ 18-07-2026
ਚੰਡੀਗੜ੍ਹ, 17 ਜੁਲਾਈ (ਸੰਦੀਪ ਕੁਮਾਰ ਮਾਹਨਾ)– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੌਰੇ ਦੌਰਾਨ 4,700 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਸਿਹਤ, ਸਿੱਖਿਆ ਅਤੇ ਸੜਕੀ ਬੁਨਿਆਦੀ ਢਾਂਚੇ ਨਾਲ ਸਬੰਧਤ ਕਈ ਵਿਕਾਸ ਪ੍ਰੋਜੈਕਟਾਂ ਦਾ ਵਰਚੁਅਲੀ ਤੌਰ ’ਤੇ ਉਦਘਾਟਨ ਕਰਨ ਦੇ ਨਾਲ-ਨਾਲ ਨਵੇਂ ਪ੍ਰੋਜੈਕਟਾਂ ਦੇ ਨੀਂਹ ਪੱਥਰ ਵੀ ਰੱਖੇ। ਇਸ ਮੌਕੇ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦਾ ਵਿਕਾਸ ਕੇਂਦਰ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਸ਼ਹਿਰ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਇਸ ਨੂੰ ਉੱਤਰੀ ਭਾਰਤ ਦਾ ਹੋਰ ਮਜ਼ਬੂਤ ਸਿਹਤ, ਸਿੱਖਿਆ ਤੇ ਖੋਜ ਕੇਂਦਰ ਬਣਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਸਿਹਤ ਸੰਭਾਲ, ਸਿੱਖਿਆ ਤੇ ਸੰਪਰਕ ਦੇ ਖੇਤਰ ਵਿਚ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਸ਼ੁਰੂ ਕੀਤੇ ਗਏ ਨਵੇਂ ਵਿਕਾਸ ਪ੍ਰੋਜੈਕਟਾਂ ਦਾ ਲਾਭ ਨਾ ਸਿਰਫ਼ ਚੰਡੀਗੜ੍ਹ, ਸਗੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਵੀ ਮਿਲੇਗਾ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦਾ ਚੰਡੀਗੜ੍ਹ ਸਥਿਤ ਰਾਜਿੰਦਰਾ ਪਾਰਕ ਵਿਖੇ ਬਣਾਏ ਗਏ ਹੈਲੀਪੈਡ ਪਹੁੰਚਣ ’ਤੇ ਪਹਿਲਾਂ ਤੋਂ ਮੌਜੂਦ ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਡਾ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ, ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਚੰਡੀਗੜ੍ਹ ਦੇ ਮੇਅਰ ਸੌਰਭ ਜੌਸ਼ੀ, ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰ੍ਰਧਾਨ ਜਤਿੰਦਰ ਪਾਲ ਮਲਹੋਤਰਾ, ਚੰਡੀਗੜ੍ਹ ਦੇ ਮੁੱਖ ਸਕੱਤਰ ਐਚਜ ਰਾਜੇਸ਼ ਪ੍ਰਸਾਦ, ਡੀਜੀਪੀ ਡਾ ਸਾਗਰਪ੍ਰੀਤ ਹੁੱਡਾ, ਐਸ.ਐਸ.ਪੀ. ਕੰਵਰਦੀਪ ਕੌਰ ਸਮੇਤ ਵੱਡੀ ਗਿਣਤੀ ’ਚ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਿਆਸੀ ਆਗੂਆਂ ਨੇ ਸਵਾਗਤ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਇੰਜ਼ੀਨੀਅਰਿੰਗ ਕਾਲਜ਼ (ਪੈਕ) ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ਨੂੰ ਸਮਾਰਟ ਅਤੇ ਹਾਈ-ਟੈਕ ਸ਼ਹਿਰ ਬਣਾਉਣ ਲਈ ਵੱਡੇ ਪੱਧਰ ’ਤੇ ਨਿਵੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਮਾਰਟ ਸਿਟੀ ਮਿਸ਼ਨ ਤਹਿਤ ਏਕੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ, ਸਮਾਰਟ ਟ੍ਰੈਫ਼ਿਕ ਪ੍ਰਬੰਧਨ, ਡਿਜੀਟਲ ਗਵਰਨੈਂਸ ਅਤੇ ਹੋਰ ਆਧੁਨਿਕ ਸਹੂਲਤਾਂ ਲਈ 2,500 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਗਏ ਹਨ।
ਸਿਹਤ ਖੇਤਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਪੀ.ਜੀ.ਆਈ. ’ਚ ਨਿਊਰੋ ਸਾਇੰਸ ਸੈਂਟਰ, ਮਦਰ ਐਂਡ ਚਾਈਲਡ ਸੈਂਟਰ ਤੇ ਕ੍ਰਿਟੀਕਲ ਕੇਅਰ ਹਸਪਤਾਲ ਬਲਾਕ ਵਰਗੀਆਂ ਨਵੀਆਂ ਸਹੂਲਤਾਂ ਦੇ ਉਦਘਾਟਨ ਨੂੰ ਅਹਿਮ ਦੱਸਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਲੱਖਾਂ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਇਲਾਜ ਸਹੂਲਤਾਂ ਮਿਲਣਗੀਆਂ ਅਤੇ ਚੰਡੀਗੜ੍ਹ ਉੱਤਰੀ ਭਾਰਤ ਦੇ ਪ੍ਰਮੁੱਖ ਮੈਡੀਕਲ ਹੱਬ ਵਜੋਂ ਹੋਰ ਮਜ਼ਬੂਤ ਹੋਵੇਗਾ। ਪਿਛਲੇ 12 ਸਾਲਾਂ ਵਿੱਚ ਦੇਸ਼ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਆਪਕ ਕੰਮ ਕੀਤਾ ਗਿਆ ਹੈ। 2014 ਤੋਂ ਬਾਅਦ 15 ਨਵੇਂ ਏਮਜ਼ ਨੂੰ ਮਨਜ਼ੂਰੀ ਦਿੱਤੀ ਗਈ, ਸੈਂਕੜੇ ਨਵੇਂ ਮੈਡੀਕਲ ਕਾਲਜ ਖੋਲ੍ਹੇ ਗਏ ਅਤੇ ਮੈਡੀਕਲ ਸਿੱਖਿਆ ਵਿੱਚ ਸੀਟਾਂ ਦੀ ਗਿਣਤੀ ਵਿੱਚ ਰਿਕਾਰਡ ਵਾਧਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸਿਹਤ ਸੇਵਾਵਾਂ ਹੁਣ ਸਿਰਫ਼ ਕੁਝ ਲੋਕਾਂ ਦਾ ਵਿਸ਼ੇਸ਼ ਅਧਿਕਾਰ ਨਹੀਂ, ਸਗੋਂ ਹਰ ਨਾਗਰਿਕ ਦਾ ਅਧਿਕਾਰ ਬਣਦੀਆਂ ਜਾ ਰਹੀਆਂ ਹਨ।ਸਿੱਖਿਆ ਅਤੇ ਖੋਜ ਖੇਤਰ ਨੂੰ ਮਜ਼ਬੂਤ ਕਰਨ ਲਈ ਪ੍ਰਧਾਨ ਮੰਤਰੀ ਨੇ ਪੰਜਾਬ ਇੰਜੀਨੀਅਰਿੰਗ ਕਾਲਜ ਵਿਖੇ ਨਵੇਂ ਹੋਸਟਲ ਦਾ ਉਦਘਾਟਨ ਅਤੇ ਖੋਜ ਵਿਦਿਆਰਥੀਆਂ ਲਈ ਨਵੇਂ ਹੋਸਟਲਾਂ ਦਾ ਨੀਂਹ ਪੱਥਰ ਰੱਖਿਆ।
ਵੀ. ਵੀ. ਆਈ. ਪੀ. ਸੁਰੱਖਿਆ ਪ੍ਰਬੰਧਾਂ ਕਾਰਨ ਪੀ. ਜੀ. ਆਈ ਆਉਣ-ਜਾਣ ਵਾਲੇ ਮਰੀਜ਼ਾਂ ਤੇ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਕਰਨਾ ਪਿਆ ਸਾਹਮਣਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ ਦੌਰੇ ਨੂੰ ਲੈ ਕੇ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧਾਂ ਅਤੇ ਕਈ ਮੁੱਖ ਸੜਕਾਂ ’ਤੇ ਆਵਾਜਾਈ ਰੋਕਣ ਕਾਰਨ ਸ਼ੁੱਕਰਵਾਰ ਨੂੰ ਪੀ.ਜੀ.ਆਈ ਚੰਡੀਗੜ੍ਹ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਈ ਥਾਵਾਂ ’ਤੇ ਬੈਰੀਕੇਡਿੰਗ ਅਤੇ ਟ੍ਰੈਫਿਕ ਡਾਇਵਰਸ਼ਨ ਕਾਰਨ ਲੋਕ ਆਪਣੇ ਟਿਕਾਣਿਆਂ ਤੱਕ ਸਮੇਂ ਸਿਰ ਨਹੀਂ ਪਹੁੰਚ ਸਕੇ।
ਦੂਜੇ ਪਾਸੇ, ਪੁਲਿਸ ਅਤੇ ਪ੍ਰਸ਼ਾਸਨ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਲਾਗੂ ਕਰਨ ਲਈ ਵੱਖ-ਵੱਖ ਥਾਵਾਂ ’ਤੇ ਵਿਆਪਕ ਬੈਰੀਕੇਡਿੰਗ ਤੇ ਵਾਹਨਾਂ ਦੀ ਜਾਂਚ ਕੀਤੀ ਗਈ, ਜਿਸ ਕਾਰਨ ਸ਼ਹਿਰ ਦੇ ਕਈ ਹਿੱਸਿਆਂ ਵਿਚ ਆਵਾਜਾਈ ਵੀ ਪ੍ਰਭਾਵਿਤ ਰਹੀ। ਲੋਕਾਂ ਨੇ ਮੰਗ ਕੀਤੀ ਕਿ ਭਵਿੱਖ ’ਚ ਅਜਿਹੇ ਵੀ.ਵੀ.ਆਈ.ਪੀ. ਦੌਰਿਆਂ ਦੌਰਾਨ ਐਮਰਜੈਂਸੀ ਮਰੀਜ਼ਾਂ ਅਤੇ ਹਸਪਤਾਲਾਂ ਵੱਲ ਜਾਣ ਵਾਲੇ ਰੂਟਾਂ ਲਈ ਵਿਸ਼ੇਸ਼ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਆਮ ਲੋਕਾਂ ਨੂੰ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਸਾਂਝਾ ਮੁਲਾਜ਼ਮ ਮੰਚ ਤੇ ਭਰਾਤਰੀ ਜਥੇਬੰਦੀਆਂ ਦੇ ਸੱਦੇ ’ਤੇ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਵਲੋਂ ਰੋਸ ਰੈਲੀ ਅਗਲੀ ਖ਼ਬਰ – ਝਲਕੀਆਂ –
Ad Position 24
No active advertisement