05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

1912 ਹੈਲਪਲਾਈਨ ’ਤੇ ਹੈਲਪ ਨਹੀਂ ਮਿਲਦੀ, ਸ਼ਿਕਾਇਤ ਕੇਂਦਰ ’ਚ ਸ਼ਿਕਾਇਤ ਨਹੀਂ ਸੁਣੀ ਜਾਂਦੀ

Ad Position 21
No active advertisement
ਅਜੀਤ ਡੈਸਕ 18-07-2026
ਡੇਰਾਬੱਸੀ, 17 ਜੁਲਾਈ (ਗੁਰਮੀਤ ਸਿੰਘ)-ਅੱਤ ਦੀ ਗਰਮੀ ਦੌਰਾਨ ਡੇਰਾਬੱਸੀ ਦੇ ਕਈ ਇਲਾਕਿਆਂ ‘ਚ ਲੰਬੇ ਸਮੇਂ ਤੋਂ ਬਿਜਲੀ ਸਪਲਾਈ ਪ੍ਰਭਾਵਿਤ ਰਹਿਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਾਦਪੁਰਾ ਮੁਹੱਲੇ ਦੇ ਵਸਨੀਕਾਂ ਨੇ ਦੱਸਿਆ ਕਿ ਵੀਰਵਾਰ ਰਾਤ ਕਰੀਬ 10 ਵਜੇ ਬਿਜਲੀ ਬੰਦ ਹੋਈ ਸੀ, ਜੋ ਕਿ ਸ਼ੁੱਕਰਵਾਰ ਸ਼ਾਮ 7 ਵਜੇ ਤੱਕ ਵੀ ਬਹਾਲ ਨਹੀਂ ਹੋ ਸਕੀ। ਲਗਾਤਾਰ ਬਿਜਲੀ ਸਪਲਾਈ ਠੱਪ ਰਹਿਣ ਕਾਰਨ ਇਨਵਰਟਰ ਵੀ ਜਵਾਬ ਦੇ ਗਏ, ਜਿਸ ਨਾਲ ਲੋਕਾਂ ਦਾ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਲੋਕਾਂ ਦਾ ਕਹਿਣਾ ਹੈ ਕਿ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਵਿਅਕਤੀਆਂ ਨੂੰ ਸਭ ਤੋਂ ਵੱਧ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਹੋਰਨਾਂ ਇਲਾਕਿਆਂ ‘ਚ ਵੀ ਵਾਰ-ਵਾਰ ਲੱਗ ਰਹੇ ਬਿਜਲੀ ਦੇ ਅਣ-ਐਲਾਨੇ ਕੱਟਾਂ ਕਾਰਨ ਲੋਕਾਂ ਦੀ ਰਾਤਾਂ ਦੀ ਨੀਂਦ ਉੱਡ ਗਈ ਹੈ। ਲੋਕਾਂ ਨੇ ਦੋਸ਼ ਲਗਾਇਆ ਕਿ ਬਿਜਲੀ ਵਿਭਾਗ ਵਲੋਂ ਜਾਰੀ ਕੀਤੇ ਗਏ 1912 ਹੈਲਪਲਾਈਨ ਨੰਬਰ ‘ਤੇ ਕਈ ਵਾਰ ਸੰਪਰਕ ਕਰਨ ਦੇ ਬਾਵਜੂਦ ਕੋਈ ਢੁਕਵੀਂ ਮਦਦ ਨਹੀਂ ਮਿਲਦੀ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਿਕਾਇਤ ਕੇਂਦਰ ‘ਤੇ ਵੀ ਕੋਈ ਸੰਤੋਸ਼ਜਨਕ ਸੁਣਵਾਈ ਨਹੀਂ ਹੁੰਦੀ ਤੇ ਕਈ ਅਧਿਕਾਰੀ ਫ਼ੋਨ ਤੱਕ ਨਹੀਂ ਚੁੱਕਦੇ। ਮੌਕੇ ‘ਤੇ ਮੌਜੂਦ ਕਰਮਚਾਰੀ ਅਕਸਰ ਇਹੀ ਆਖ ਕੇ ਪੱਲਾ ਝਾੜ ਲੈਂਦੇ ਹਨ ਕਿ ਸਟਾਫ਼ ਦੀ ਘਾਟ ਹੈ ਅਤੇ ਸ਼ਿਕਾਇਤਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਇਸੇ ਦੌਰਾਨ ਰੌਣੀ ਮੁਹੱਲੇ ਦੇ ਵਸਨੀਕਾਂ ਨੇ ਵੀ ਦੱਸਿਆ ਕਿ ਲਗਾਤਾਰ ਬਿਜਲੀ ਕੱਟਾਂ ਕਾਰਨ ਉਨ੍ਹਾਂ ਦੇ ਇਨਵਰਟਰ ਬੰਦ ਹੋ ਗਏ ਹਨ ਅਤੇ ਉਨ੍ਹਾਂ ਨੂੰ ਪੂਰੀ ਰਾਤ ਜਾਗ ਕੇ ਗੁਜ਼ਾਰਨੀ ਪਈ। ਉੱਧਰ ਦੁਕਾਨਦਾਰਾਂ ਨੇ ਵੀ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਬਿਜਲੀ ਨਾ ਹੋਣ ਕਾਰਨ ਫਰਿੱਜਾਂ ‘ਚ ਰੱਖਿਆ ਖਾਣ-ਪੀਣ ਦਾ ਸਾਮਾਨ ਖ਼ਰਾਬ ਹੋ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਸਥਾਨਕ ਲੋਕਾਂ ਨੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਹੈ ਕਿ ਬਿਜਲੀ ਸਪਲਾਈ ਨੂੰ ਜਲਦ ਤੋਂ ਜਲਦ ਬਹਾਲ ਕਰਨ ਦੇ ਨਾਲ-ਨਾਲ ਹੈਲਪਲਾਈਨ ਅਤੇ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਵੀ ਪ੍ਰਭਾਵਸ਼ਾਲੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਸ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਦੇ ਰੇਲਵੇ ਸਟੇਸ਼ਨ ਦਾ ਪ੍ਰਧਾਨ ਮੰਤਰੀ ਮੋਦੀ ਵਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਲੋਕ ਅਰਪਣ ਅਗਲੀ ਖ਼ਬਰ ਕਾਰ ਸੜਕ ਕੰਢੇ ਲੱਗੇ ਬਿਜਲੀ ਦੇ ਖੰਭਿਆਂ ਨਾਲ ਟਕਰਾਈ
Ad Position 24
No active advertisement