ਚੰਡੀਗੜ੍ਹ, 19 ਜੁਲਾਈ (ਸੰਦੀਪ ਕੁਮਾਰ ਮਾਹਨਾ)-ਨੀਤੀ ਆਯੋਗ ਦੇ ਇਨਵੈਸਟਮੈਂਟ ਫਰੈਂਡਲੀਨੈੱਸ ਇੰਡੈਕਸ-2026 ਨੂੰ ਆਧਾਰ ਬਣਾਉਂਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਵੇਸ਼ ਤੇ ਉਦਯੋਗਿਕ ਵਿਕਾਸ ਸੰਬੰਧੀ ਕੀਤੇ ਜਾ ਰਹੇ ਦਾਅਵਿਆਂ ਨੂੰ ਲੈ ਕੇ ਤਿੱਖੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਰਿਪੋਰਟ ਵਿਚ ਪੰਜਾਬ ਨੂੰ 22ਵਾਂ ਸਥਾਨ ਮਿਲਣਾ ਸੂਬੇ ਵਿਚ ਨਿਵੇਸ਼ਕਾਂ ਲਈ ਅਨੁਕੂਲ ਮਾਹੌਲ ਬਣਾਉਣ ‘ਚ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਪਿਛਲੇ ਕਈ ਸਾਲਾਂ ਤੋਂ ਨਿਵੇਸ਼ ਸੰਮੇਲਨਾਂ, ਲੱਖਾਂ ਕਰੋੜ ਰੁਪਏ ਦੇ ਐਮ. ਓ. ਯੂ. ਤੇ ਵੱਡੇ ਪੱਧਰ ‘ਤੇ ਇਸ਼ਤਿਹਾਰਬਾਜ਼ੀ ਰਾਹੀਂ ਪੰਜਾਬ ਵਿਚ ਰਿਕਾਰਡ ਨਿਵੇਸ਼ ਤੇ ਉਦਯੋਗਿਕ ਵਿਕਾਸ ਦੇ ਦਾਅਵੇ ਕਰਦੀ ਆ ਰਹੀ ਹੈ ਪਰ ਨੀਤੀ ਆਯੋਗ ਦੀ ਤਾਜ਼ਾ ਰਿਪੋਰਟ ਨੇ ਇਨ੍ਹਾਂ ਦਾਅਵਿਆਂ ਦੀ ਹਕੀਕਤ ਸਾਹਮਣੇ ਲਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਵਿਚ ਨਿਵੇਸ਼ ਦਾ ਮਾਹੌਲ ਵਾਕਈ ਸੁਧਰਿਆ ਹੁੰਦਾ ਤਾਂ ਪੰਜਾਬ ਨੂੰ 28 ਰਾਜਾਂ ਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚੋਂ 22ਵਾਂ ਸਥਾਨ ਨਾ ਮਿਲਦਾ। ਸੂਬਾ ਪ੍ਰਧਾਨ ਢਿੱਲੋਂ ਨੇ ਦੋਸ਼ ਲਗਾਇਆ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਨੂੰ ਵਿਕਾਸ ਦਾ ਨਹੀਂ, ਸਗੋਂ ਇਸ਼ਤਿਹਾਰਾਂ ਤੇ ਸਵੈ-ਪ੍ਰਚਾਰ ਦਾ ਮਾਡਲ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਖਜ਼ਾਨੇ ਦੇ ਕਰੋੜਾਂ ਰੁਪਏ ਇਸ਼ਤਿਹਾਰਾਂ, ਫੋਟੋਸ਼ੂਟਾਂ ਅਤੇ ਪ੍ਰਚਾਰ ਮੁਹਿੰਮਾਂ ‘ਤੇ ਖਰਚ ਕੀਤੇ ਗਏ, ਪਰ ਇਸ ਦੇ ਬਾਵਜੂਦ ਨਾ ਵੱਡੇ ਉਦਯੋਗ ਸੂਬੇ ਵਿਚ ਆਏ, ਨਾ ਹੀ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧੇ ਅਤੇ ਨਾ ਹੀ ਨਿਵੇਸ਼ਕਾਂ ਦਾ ਭਰੋਸਾ ਮਜ਼ਬੂਤ ਹੋ ਸਕਿਆ। ਭਾਜਪਾ ਸੂਬਾ ਪ੍ਰਧਾਨ ਨੇ ਭਗਵੰਤ ਮਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਵੈ-ਪ੍ਰਚਾਰ ਤੋਂ ਉੱਪਰ ਉੱਠ ਕੇ ਪੰਜਾਬ ਨੂੰ ਮੁੜ ਨਿਵੇਸ਼ ਲਈ ਭਰੋਸੇਯੋਗ ਅਤੇ ਪਸੰਦੀਦਾ ਮੰਜ਼ਿਲ ਬਣਾਉਣ ਲਈ ਨੀਤੀਗਤ ਸਥਿਰਤਾ, ਉਦਯੋਗਿਕ ਵਿਕਾਸ, ਨਿਵੇਸ਼ਕਾਂ ਦਾ ਵਿਸ਼ਵਾਸ ਬਹਾਲ ਕਰਨ ਤੇ ਨੌਜਵਾਨਾਂ ਲਈ ਰੋਜ਼ਗਾਰ ਸਿਰਜਣ ਵੱਲ ਗੰਭੀਰਤਾ ਨਾਲ ਕੰਮ ਕਰੇ।