ਚੰਡੀਗੜ੍ਹ, 21 ਜੁਲਾਈ (ਸੰਦੀਪ ਕੁਮਾਰ ਮਾਹਨਾ)– ਚੰਡੀਗੜ੍ਹ ਨਗਰ ਨਿਗਮ ਵਿਚ ਲੰਬਿਤ ਵਿਕਾਸ ਕਾਰਜਾਂ ਨੂੰ ਲੈ ਕੇ ਮੇਅਰ ਸੌਰਭ ਜੋਸ਼ੀ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਇੰਜੀਨੀਅਰਿੰਗ ਵਿੰਗ ਦੇ ਅਧਿਕਾਰੀਆਂ ਨੂੰ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਹੁਣ ਵਿਕਾਸ ਸਿਰਫ਼ ਕਾਗ਼ਜ਼ਾਂ ਤੱਕ ਸੀਮਤ ਨਹੀਂ ਰਹੇਗਾ। ਪੰਜ ਘੰਟੇ ਚੱਲੀ ਸਮੀਖਿਆ ਮੀਟਿੰਗ ਦੌਰਾਨ ਹਰ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਸਮਾਂਬੱਧ ਢੰਗ ਨਾਲ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤੇ ਇਕ ਹਫ਼ਤੇ ਅੰਦਰ ਸਾਰੇ ਮਨਜ਼ੂਰਸ਼ੁਦਾ ਪ੍ਰੋਜੈਕਟਾਂ ਦੀ ਪ੍ਰਗਤੀ ਰਿਪੋਰਟ ਵੀ ਮੰਗ ਲਈ। ਮੇਅਰ ਸੌਰਭ ਜੋਸ਼ੀ ਦੀ ਅਗਵਾਈ ਹੇਠ ਹੋਈ ਇਸ ਉੱਚ ਪੱਧਰੀ ਮੀਟਿੰਗ ਵਿਚ ਨਗਰ ਨਿਗਮ ਦੇ ਮੁੱਖ ਇੰਜੀਨੀਅਰ ਸੰਜੇ ਅਰੋੜਾ, ਨਿਗਰਾਨ ਇੰਜੀਨੀਅਰ, ਕਾਰਜਕਾਰੀ ਇੰਜੀਨੀਅਰ, ਸਬ-ਡਵੀਜ਼ਨਲ ਇੰਜੀਨੀਅਰ ਅਤੇ ਜੂਨੀਅਰ ਇੰਜੀਨੀਅਰਾਂ ਸਮੇਤ ਇੰਜੀਨੀਅਰਿੰਗ ਵਿੰਗ ਦੇ ਸਾਰੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਸੈਕਟਰ ਅਤੇ ਵਾਰਡ ਪੱਧਰ ’ਤੇ ਚੱਲ ਰਹੇ ਵਿਕਾਸ ਕਾਰਜਾਂ, ਮਨਜ਼ੂਰ ਹੋਏ ਪ੍ਰੋਜੈਕਟਾਂ, ਲੰਬਿਤ ਟੈਂਡਰਾਂ, ਅਲਾਟਮੈਂਟ ਦੀ ਉਡੀਕ ਕਰ ਰਹੇ ਕੰਮਾਂ ਅਤੇ ਹੋਰ ਅਹਿਮ ਬੁਨਿਆਦੀ ਢਾਂਚਾਗਤ ਯੋਜਨਾਵਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਮੇਅਰ ਨੇ ਪਹਿਲੀ ਵਾਰ ਜਨਰਲ ਹਾਊਸ ਅਤੇ ਵਿੱਤ ਤੇ ਠੇਕਾ ਕਮੇਟੀ (ਐਫ਼ ਐਂਡ ਸੀ ਸੀ) ਵਲੋਂ ਮਨਜ਼ੂਰ ਕੀਤੇ ਮਤਿਆਂ ਅਤੇ ਅਨੁਮਾਨਾਂ ਦੀ ਐਕਸ਼ਨ ਟੇਕਨ ਰਿਪੋਰਟ (ਏ.ਟੀ.ਆਰ.) ਦਾ ਵੀ ਵਿਸਥਾਰ ਨਾਲ ਜਾਇਜ਼ਾ ਲਿਆ। ਮੇਅਰ ਜੋਸ਼ੀ ਨੇ ਸਬੰਧਤ ਅਧਿਕਾਰੀਆਂ ਨੂੰ ਹਰ ਲੰਬਿਤ ਪ੍ਰੋਜੈਕਟ ’ਚ ਹੋਈ ਦੇਰੀ ਦੇ ਕਾਰਨਾਂ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ। ਉਨ੍ਹਾਂ ਦੋ ਟੁੱਕ ਸ਼ਬਦਾਂ ਵਿਚ ਕਿਹਾ ਕਿ ਮਨਜ਼ੂਰਸ਼ੁਦਾ ਵਿਕਾਸ ਕਾਰਜਾਂ ਨੂੰ ਲਾਗੂ ਕਰਨ ਵਿਚ ਬੇਲੋੜੀ ਦੇਰੀ ਹੁਣ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਸ਼ਹਿਰ ਦੀਆਂ ਸੜਕਾਂ, ਬਰਸਾਤੀ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ ਦੀ ਸਪਲਾਈ, ਸੀਵਰੇਜ, ਜਨਤਕ ਬੁਨਿਆਦੀ ਢਾਂਚੇ, ਪਾਰਕਾਂ, ਮਾਰਕੀਟਾਂ, ਕਮਿਊਨਿਟੀ ਸੈਂਟਰਾਂ ਤੇ ਹੋਰ ਇੰਜੀਨੀਅਰਿੰਗ ਕਾਰਜਾਂ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਮੇਅਰ ਨੇ ਕਿਹਾ ਕਿ ਬੁਨਿਆਦੀ ਢਾਂਚੇ ਦਾ ਵਿਕਾਸ ਨਗਰ ਨਿਗਮ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਹਰ ਕੰਮ ਗੁਣਵੱਤਾ, ਪਾਰਦਰਸ਼ਤਾ ਅਤੇ ਤਕਨੀਕੀ ਮਿਆਰਾਂ ਨੂੰ ਧਿਆਨ ਵਿਚ ਰੱਖਦਿਆਂ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ। ਮੇਅਰ ਨੇ ਸਾਰੇ ਇੰਜੀਨੀਅਰਿੰਗ ਅਧਿਕਾਰੀਆਂ ਨੂੰ ਇਕ ਹਫ਼ਤੇ ਦੇ ਅੰਦਰ ਜਨਰਲ ਹਾਊਸ ਅਤੇ ਐਫ਼ ਐਂਡ ਸੀ ਸੀ ਵਲੋਂ ਮਨਜ਼ੂਰ ਕੀਤੇ ਸਾਰੇ ਅਨੁਮਾਨਾਂ, ਅਲਾਟ ਕੀਤੇ ਗਏ ਕੰਮਾਂ ਅਤੇ ਚੱਲ ਰਹੇ ਪ੍ਰਾਜੈਕਟਾਂ ਦੀ ਵਿਸਥਾਰਤ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਲਦੀ ਹੀ ਇੱਕ ਹੋਰ ਸਮੀਖਿਆ ਮੀਟਿੰਗ ਕੀਤੀ ਜਾਵੇਗੀ, ਜਿਸ ’ਚ ਨਿਰਧਾਰਿਤ ਟੀਚਿਆਂ ਦੀ ਪ੍ਰਾਪਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਬਿਨਾਂ ਵਜਾ ਦੇਰੀ ਕਰਨ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਵੀ ਤੈਅ ਕੀਤੀ ਜਾਵੇਗੀ। ਸੌਰਭ ਜੋਸ਼ੀ ਨੇ ਇੰਜੀਨੀਅਰਿੰਗ ਵਿੰਗ ਦੇ ਵੱਖ-ਵੱਖ ਵਿਭਾਗਾਂ ਵਿਚਾਲੇ ਬਿਹਤਰ ਤਾਲਮੇਲ, ਨਿਯਮਤ ਫ਼ੀਲਡ ਦੌਰਿਆਂ ਅਤੇ ਪ੍ਰੋਜੈਕਟਾਂ ਵਿਚ ਆ ਰਹੀਆਂ ਰੁਕਾਵਟਾਂ ਨੂੰ ਸਮੇਂ ਸਿਰ ਦੂਰ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਫਾਈਲਾਂ ਨੂੰ ਲੰਬੇ ਸਮੇਂ ਤੱਕ ਲਟਕਾ ਕੇ ਰੱਖਣ ਦਾ ਦੌਰ ਖ਼ਤਮ ਹੋ ਚੁੱਕਾ ਹੈ। ਨਗਰ ਨਿਗਮ ਦਾ ਧਿਆਨ ਹੁਣ ਤੇਜ਼ੀ ਨਾਲ ਕੰਮ ਮੁਕੰਮਲ ਕਰਨ, ਅਧਿਕਾਰੀਆਂ ਦੀ ਜਵਾਬਦੇਹੀ ਯਕੀਨੀ ਬਣਾਉਣ ਅਤੇ ਵਿਕਾਸ ਨੂੰ ਜ਼ਮੀਨੀ ਪੱਧਰ ’ਤੇ ਦਿਖਾਉਣ ’ਤੇ ਕੇਂਦਰਿਤ ਹੈ, ਤਾਂ ਜੋ ਹਰ ਮਨਜ਼ੂਰਸ਼ੁਦਾ ਪ੍ਰਾਜੈਕਟ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਹੋ ਸਕੇ।