ਚੰਡੀਗੜ੍ਹ, 24 ਜੁਲਾਈ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਾਣੀ ਦੇ ਸਰੰਖਣ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਜੇਕਰ ਟ੍ਰੀਟਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ ਤਾਂ ਨਾ ਸਿਰਫ਼ ਧਰਤੀ ਹੇਠਲੇ ਪਾਣੀ ਤੇ ਪੀਣ ਵਾਲੇ ਪਾਣੀ ਦੇ ਸਰੋਤਾਂ ‘ਤੇ ਦਬਾਅ ਘੱਟ ਹੋਵੇਗਾ, ਸਗੋਂ ਉਦਯੋਗਾਂ, ਊਰਜਾ ਖੇਤਰ, ਹਰਿਆ ਭਰੇ ਖੇਤਰਾਂ ਅਤੇ ਖੇਤੀਬਾੜੀ ਲਈ ਵੀ ਪਾਣੀ ਦੀ ਲੰਬੇ ਸਮੇਂ ਦੀ ਉਪਲਬਧਤਾ ਯਕੀਨੀ ਬਣਾਈ ਜਾ ਸਕੇਗੀ। ਮੁੱਖ ਮੰਤਰੀ ਰੀਯੂਜ਼ ਆਫ਼ ਟ੍ਰੀਟਡ ਵੇਸਟਵਾਟਰ ਪਾਲਸੀ, ਹਰਿਆਣਾ ਨਾਲ ਸਬੰਧਤ ਵਿਸ਼ੇਸ਼ ਮੀਟਿੰਗ ਕਰ ਰਹੇ ਸਨ। ਮੀਟਿੰਗ ਵਿਚ ਸੂਬੇ ਦੇ ਜਨ ਸਿਹਤ ਅਤੇ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਵੀ ਮੌਜੂਦ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਰਾਜ ਦੇ ਸਾਰੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਤੇ ਕਾਮਨ ਇੱਫਲੂਐਂਟ ਟ੍ਰੀਟਮੈਂਟ ਪਲਾਂਟਾਂ ਤੋਂ ਤੈਅ ਮਾਪਦੰਡਾਂ ਦੇ ਅਨੁਕੂਲ ਟ੍ਰੀਟਡ ਪਾਣੀ ਨਿਕਲੇ ਤੇ ਉਸ ਦੀ ਵੱਧ ਤੋਂ ਵੱਧ ਵਰਤੋ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਟ੍ਰੀਟਡ ਪਾਣੀ ਕਿਸੇ ਵੀ ਸਥਿਤੀ ਵਿੱਚ ਵਿਅਰਥ ਨਹੀਂ ਜਾਣਾ ਚਾਹੀਦਾ। ਮੁੱਖ ਮੰਤਰੀ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੂਬੇ ਵਿਚ ਜਿੱਥੇ-ਜਿੱਥੇ ਐੱਸ.ਟੀ.ਪੀ. ਅਤੇ ਸੀ.ਟੀ.ਪੀ. ਸਥਾਪਿਤ ਹਨ, ਉਨ੍ਹਾਂ ਦੀ ਵਿਸਤਾਰ ਮੈਪਿੰਗ ਕੀਤੀ ਜਾਵੇ। ਮੀਟਿੰਗ ਦੌਰਾਨ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਸਿੰਜਾਈ ਅਤੇ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ, ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੇ ਪ੍ਰਧਾਨ ਸਕੱਤਰ ਪੰਕਜ ਯਾਦਵ, ਸ਼ਹਿਰੀ ਸਥਾਨਕ ਨਿਕਾਏ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਅਸ਼ੋਕ ਮੀਣਾ, ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਵਿਨੈ ਪ੍ਰਤਾਪ ਸਿੰਘ, ਮੁੱਖ ਮੰਤਰੀ ਦੇ ਓ.ਐਸ.ਡੀ. ਵੀਰੇਂਦਰ ਬੜਖਾਲਸਾ, ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਡਾ. ਯਸ਼ਪਾਲ, ਹਰਿਆਣਾ ਸੈਰ-ਸਪਾਟਾ ਨਿਗਮ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਪਾਰਥ ਗੁਪਤਾ, ਗੁਰੂਗ੍ਰਾਮ ਨਗਰ ਨਿਗਮ ਕਮਿਸ਼ਨਰ ਪ੍ਰਦੀਪ ਦਹੀਆ, ਈ.ਆਈ.ਸੀ. ਦਵਿੰਦਰ ਦਹੀਆ ਵੀ ਮੌਜੂਦ ਸਨ।