ਐੱਸ. ਏ. ਐੱਸ. ਨਗਰ, 29 ਜੁਲਾਈ (ਕਪਿਲ ਵਧਵਾ)-ਪਿੰਡ ਸਨੇਟਾ ਨੇੜੇ ਪੁਲਿਸ ਪਾਰਟੀ ‘ਤੇ ਹਮਲੇ ਤੋਂ ਬਾਅਦ ਸੈਕਟਰ-83 ਮੁਹਾਲੀ ਵਿਖੇ ਪੁਲਿਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗਗਨਦੀਪ ਸਾਲ 2025 ‘ਚ ਜ਼ੀਰਕਪੁਰ ਦੇ ਲੋਹਗੜ੍ਹ ਇਲਾਕੇ ਵਿਚ ਇਕ ਸੁਨਿਆਰੇ ਦੀ ਦੁਕਾਨ ‘ਤੇ ਹੋਈ ਲੁੱਟ ਦੀ ਵਾਰਦਾਤ ਵਿਚ ਵੀ ਸ਼ਾਮਿਲ ਸੀ। ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ ਦੌਰਾਨ ਇਹ ਅਹਿਮ ਖੁਲਾਸਾ ਹੋਇਆ ਹੈ। ਜਾਣਕਾਰੀ ਅਨੁਸਾਰ ਸਾਲ 2025 ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਲੋਹਗੜ੍ਹ ਸਥਿਤ ਇਕ ਸੁਨਿਆਰੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਸੀ। ਮੁਲਜ਼ਮ ਦੁਕਾਨ ‘ਚੋਂ ਚਾਂਦੀ ਦੇ ਗਹਿਣੇ, ਕੁਝ ਨਕਦੀ ਅਤੇ ਡਿਸਪਲੇਅ ਲਈ ਰੱਖੇ ਸੋਨੇ ਵਰਗੇ ਦਿਖਾਈ ਦੇਣ ਵਾਲੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ ਸਨ। ਇਸ ਮਾਮਲੇ ‘ਚ ਉਸ ਸਮੇਂ ਪੁਲਿਸ ਨੇ ਗਗਨਦੀਪ ਅਤੇ ਉਸ ਦੇ ਇਕ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਗਗਨਦੀਪ ਮੁੜ ਅਪਰਾਧਿਕ ਗਤੀਵਿਧੀਆਂ ‘ਚ ਸਰਗਰਮ ਹੋ ਗਿਆ। ਜ਼ਿਕਰਯੋਗ ਹੈ ਕਿ ਬੀਤੇ ਸ਼ਨੀਵਾਰ ਪਿੰਡ ਸਨੇਟਾ ਨੇੜੇ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਨਾਕਾਬੰਦੀ ਕਰਕੇ ਖੜ੍ਹੀ ਸੀ। ਇਸੇ ਦੌਰਾਨ ਦੋ ਸ਼ੱਕੀ ਵਿਅਕਤੀਆਂ ਨੂੰ ਰੋਕਣ ‘ਤੇ ਉਨ੍ਹਾਂ ਨੇ ਆਪਣੇ ਹੋਰ ਸਾਥੀਆਂ ਨੂੰ ਵੀ ਮੌਕੇ ‘ਤੇ ਬੁਲਾ ਕੇ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਦੋ ਪੁਲਿਸ ਕਾਂਸਟੇਬਲ ਜ਼ਖ਼ਮੀ ਹੋ ਗਏ ਸਨ। ਇਸ ਮਾਮਲੇ ਦੀ ਅਗਲੀ ਕਾਰਵਾਈ ਦੌਰਾਨ ਮੁਹਾਲੀ ਦੇ ਸੈਕਟਰ-83 ਵਿਖੇ ਪੁਲਿਸ ਮੁਕਾਬਲਾ ਹੋਇਆ ਸੀ, ਜਿਸ ਦੌਰਾਨ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਸੀ। ਇਨ੍ਹਾਂ ਵਿਚੋਂ ਦੋ ਮੁਲਜ਼ਮ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ, ਜਦਕਿ ਤੀਜਾ ਮੁਲਜ਼ਮ ਗਗਨਦੀਪ ਪੁਲਿਸ ਦੇ ਹੱਥੇ ਚੜ੍ਹ ਗਿਆ, ਜਿਸ ਨੂੰ ਅਦਾਲਤ ਵਿਖੇ ਪੇਸ਼ ਕੀਤੇ ਜਾਣ ‘ਤੇ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਆਤਮ ਸਮਰਪਣ ਕਰਨ ਵਾਲੇ ਮੁਲਜ਼ਮ ਕੁਲਵਿੰਦਰ ਸਿੰਘ ਅਤੇ ਦਵਿੰਦਰ ਸਿੰਘ ਦੇ ਨਾਲ-ਨਾਲ ਗਗਨਦੀਪ ਤੋਂ ਵੀ ਸੀ. ਆਈ. ਏ. ਵਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੁਕਾਬਲੇ ਦੌਰਾਨ ਜ਼ਖ਼ਮੀ ਹੋਏ ਲਖਵਿੰਦਰ ਸਿੰਘ ਅਤੇ ਜਸਕਰਨ ਸਿੰਘ ਹਸਪਤਾਲ ਵਿਖੇ ਪੁਲਿਸ ਦੀ ਨਿਗਰਾਨੀ ਹੇਠ ਇਲਾਜ ਅਧੀਨ ਹਨ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਨਾਮਜ਼ਦ ਛੇਵੇਂ ਮੁਲਜ਼ਮ ਰਵੀ ਜੋ ਕਿ ਹਿਰਾਸਤ ਅਧੀਨ ਇਕ ਮੁਲਜ਼ਮ ਦਾ ਭਰਾ ਹੈ, ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ। ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।