ਐੱਸ. ਏ. ਐੱਸ. ਨਗਰ, 13 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦਾ ਵਫ਼ਦ ਖੇਤੀਬਾੜੀ ਵਿਭਾਗ ਪੰਜਾਬ ਦੇ ਡਾਇਰੈਕਟਰ ਨੂੰ ਮਿਲਿਆ। ਇਸ ਮੌਕੇ ਵਫ਼ਦ ਨੇ ਡਾਇਰੈਕਟਰ ਨੂੰ ਮੰਗ ਪੱਤਰ ਦੇ ਕੇ ਕਿਸਾਨਾਂ ਨੂੰ ਖਾਦ ਸੰਬੰਧੀ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰੈੱਸ ਸਕੱਤਰ ਮੇਹਰ ਸਿੰਘ ਥੇੜ੍ਹੀ ਨੇ ਦੱਸਿਆ ਕਿ ਉਨ੍ਹਾਂ ਆਪਣੇ ਮੰਗ ਪੱਤਰ ਵਿਚ ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਤੋਂ ਪੰਜਾਬ ਦੇ ਕਿਸਾਨਾਂ ਨੂੰ ਹਾੜ੍ਹੀ ਦੀ ਫ਼ਸਲਾਂ ਲਈ ਲੋੜੀਂਦੀ ਡੀ. ਏ. ਪੀ. ਅਤੇ ਯੂਰੀਆ ਖਾਦ ਸੁਸਾਇਟੀਆਂ ਤੇ ਪ੍ਰਾਈਵੇਟ ਡੀਲਰਾਂ ਕੋਲ ਉਪਲੱਬਧ ਕਰਵਾਉਣ, ਜ਼ਿਲ੍ਹੇ ਵਿਚ ਸਪਲਾਈ ਕੀਤੇ ਜਾਣ ਵਾਲੇ ਡੀ. ਏ. ਪੀ. ਅਤੇ ਯੂਰੀਆ ਖਾਦ ਦੇ ਰੈਕ ਰੇਲਵੇ ਸਟੇਸ਼ਨ ਮੁਹਾਲੀ, ਖਰੜ ਜਾਂ ਮੋਰਿੰਡਾ ਦੇ ਰੇਲੇਵ ਸਟੇਸ਼ਨਾਂ ‘ਤੇ ਲਗਾਏ ਜਾਣ ਦੇ ਪ੍ਰਬੰਧ ਕਰਨ ਅਤੇ ਖੇਤੀਬਾੜੀ ਵਿਭਾਗ ਦੇ ਸਾਰੇ ਕਰਮਚਾਰੀਆਂ ਦੀ ਡਿਊਟੀ ਵਿਭਾਗੀ ਕੰਮ ਤੋਂ ਇਲਾਵਾ ਹੋਰ ਕਿਸੇ ਵੀ ਕੰਮ ‘ਚ ਨਾ ਲਗਾਉਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਕਈ ਕਰਮਚਾਰੀਆਂ ਦੀ ਡਿਊਟੀ ਹੋਰਨਾਂ ਵਿਭਾਗਾਂ ਵਿਚ ਲੱਗੀ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਰਵਿੰਦਰ ਸਿੰਘ, ਬਹਾਦਰ ਸਿੰਘ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ, ਜਰਨੈਲ ਸਿੰਘ ਤੇ ਹਰਚੰਦ ਸਿੰਘ ਆਦਿ ਕਿਸਾਨ ਆਗੂ ਵੀ ਹਾਜ਼ਰ ਸਨ।