ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
ਪੰਚਕੂਲਾ, 24 ਅਗਸਤ (ਕਪਿਲ)- ਪੰਚਕੂਲਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਜਲਾਲਾਬਾਦ ਤੋਂ 305 ਗ੍ਰਾਮ ਹੈਰੋਇਨ ਲੈ ਕੇ ਟ੍ਰਾਈਸਿਟੀ ‘ਚ ਸਪਲਾਈ ਕਰਨ ਲਈ ਪਹੁੰਚੇ 21 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ‘ਚ ਸਫ਼ਲਤਾ ਹਾਸਿਲ ਕੀਤੀ ਹੈ। ਮੁਲਜ਼ਮ ਤੋਂ ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਅਨੁਮਾਨਿਤ ਕੀਮਤ ਕਰੀਬ 61 ਲੱਖ ਰੁ.
ਪੰਚਕੂਲਾ, 24 ਅਗਸਤ (ਕਪਿਲ)- ਪੰਚਕੂਲਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਜਲਾਲਾਬਾਦ ਤੋਂ 305 ਗ੍ਰਾਮ ਹੈਰੋਇਨ ਲੈ ਕੇ ਟ੍ਰਾਈਸਿਟੀ ‘ਚ ਸਪਲਾਈ ਕਰਨ ਲਈ ਪਹੁੰਚੇ 21 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ‘ਚ ਸਫ਼ਲਤਾ ਹਾਸਿਲ ਕੀਤੀ ਹੈ। ਮੁਲਜ਼ਮ ਤੋਂ ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਅਨੁਮਾਨਿਤ ਕੀਮਤ ਕਰੀਬ 61 ਲੱਖ ਰੁ. ਦੱਸੀ ਜਾ ਰਹੀ ਹੈ। ਮੁਲਜ਼ਮ ਦੀ ਪਛਾਣ ਸਮਰਜੀਤ ਸਿੰਘ ਵਾਸੀ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 305 ਗ੍ਰਾਮ ਹੈਰੋਇਨ ਤੋਂ ਇਲਾਵਾ ਐਪਲ ਦਾ ਆਈਫ਼ੋਨ, ਨਕਦੀ ਅਤੇ ਵਾਰਦਾਤ ‘ਚ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਇਸ ਸੰਬੰਧੀ ਥਾਣਾ ਸੈਕਟਰ-7 ਪੰਚਕੂਲਾ ਵਿਖੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਮਾਮਲੇ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਡੀ. ਸੀ. ਪੀ. ਕ੍ਰਾਈਮ ਐਂਡ ਟ੍ਰੈਫ਼ਿਕ ਅਮਰਿੰਦਰ ਸਿੰਘ ਨੇ ਦੱਸਿਆ ਕਿ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੂੰ ਬੀਤੀ 23 ਅਗਸਤ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜਲਾਲਾਬਾਦ ਦਾ ਰਹਿਣ ਵਾਲਾ ਸਮਰਜੀਤ ਸਿੰਘ ਭਾਰੀ ਮਾਤਰਾ ‘ਚ ਹੈਰੋਇਨ ਲੈ ਕੇ ਸੈਕਟਰ-6 ਸਥਿਤ ਟੋਪਿਆਰੀ ਪਾਰਕ ਨੇੜੇ ਕਿਸੇ ਗਾਹਕ ਨੂੰ ਸਪਲਾਈ ਦੇਣ ਲਈ ਆ ਰਿਹਾ ਹੈ। ਇਸ ਤੋਂ ਬਾਅਦ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਦੇ ਇੰਚਾਰਜ ਸੌਰਵ ਰਾਵਤ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਪੰਜਾਬ ਨੰਬਰੀ ਇਕ ਮੋਟਰਸਾਈਕਲ ‘ਤੇ ਆ ਰਹੇ ਇਕ ਨੌਜਵਾਨ ਨੂੰ ਜਿਵੇਂ ਹੀ ਪੁਲਿਸ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਵਾਪਸ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਟੀਮ ਨੇ ਘੇਰਾਬੰਦੀ ਕਰਕੇ ਉਸ ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ।