ਐਸ. ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਵਲੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੇ ਹੁਕਮ
ਚੰਡੀਗੜ੍ਹ, 25 ਅਗਸਤ (ਅਜੀਤ ਬਿਊਰੋ)- ਅਨੁਸੂਚਿਤ ਜਾਤੀ (ਐਸ. ਸੀ.)
ਚੰਡੀਗੜ੍ਹ, 25 ਅਗਸਤ (ਅਜੀਤ ਬਿਊਰੋ)- ਅਨੁਸੂਚਿਤ ਜਾਤੀ (ਐਸ.ਸੀ.) ਵਿਦਿਆਰਥੀਆਂ ਲਈ ਅਕਾਦਮਿਕ ਸੈਸ਼ਨ 2026-27 ਦੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ, ਜੋ ਕਿ 1 ਜੁਲਾਈ, 2026 ਤੋਂ ਨੈਸ਼ਨਲ ਸਕਾਲਰਸ਼ਿਪ ਪੋਰਟਲ ਰਾਹੀਂ ਕਾਰਜਸ਼ੀਲ ਹੈ, ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸੂਬੇ ਭਰ ਵਿੱਚ ਵਿਸ਼ੇਸ਼ ਜਾਗਰੂਕਤਾ ਅਤੇ ਸਹਾਇਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਵਿਦਿਆਰਥੀ ਜਾਣਕਾਰੀ ਦੀ ਘਾਟ, ਪ੍ਰਕਿਰਿਆ ਸਬੰਧੀ ਮੁਸ਼ਕਿਲ ਜਾਂ ਤਕਨੀਕੀ ਸਮੱਸਿਆ ਕਾਰਨ ਸਕਾਲਰਸ਼ਿਪ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਚੇਰੀ ਸਿੱਖਿਆ ਨੂੰ ਹਰ ਵਰਗ ਤੱਕ ਪਹੁੰਚਯੋਗ, ਬਰਾਬਰੀ ਵਾਲੀ ਅਤੇ ਕਿਫਾਇਤੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਤੰਗੀ ਕਿਸੇ ਵੀ ਵਿਦਿਆਰਥੀ ਦੇ ਉੱਚ ਸਿੱਖਿਆ ਹਾਸਲ ਕਰਨ ਦੇ ਸੁਪਨਿਆਂ ਵਿੱਚ ਰੁਕਾਵਟ ਨਾ ਬਣੇ। ਉਨ੍ਹਾਂ ਸਮੂਹ ਯੋਗ ਐਸ. ਸੀ. ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਖਰੀ ਮਿਤੀ ਤੋਂ ਪਹਿਲਾਂ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਕੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ। ਮੰਤਰੀ ਨੇ ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ ਤੇ ਖੋਜ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਸਕੂਲ ਸਿੱਖਿਆ ਅਤੇ ਪਸ਼ੂ ਪਾਲਣ ਵਿਭਾਗਾਂ ਦੇ ਡਾਇਰੈਕਟਰਾਂ ਸਮੇਤ ਸਾਰੀਆਂ ਯੂਨੀਵਰਸਿਟੀਆਂ, ਕਾਲਜਾਂ ਤੇ ਸਬੰਧਤ ਵਿੱਦਿਅਕ ਸੰਸਥਾਵਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਦਿਆਰਥੀਆਂ ਨੂੰ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਅਤੇ ਸੰਸਥਾਵਾਂ ਦੇ ਸਾਂਝੇ ਯਤਨਾਂ ਨਾਲ ਹੀ ਸਕੀਮ ਦਾ ਵੱਧ ਤੋਂ ਵੱਧ ਲਾਭ ਯੋਗ ਵਿਦਿਆਰਥੀਆਂ ਤੱਕ ਪਹੁੰਚਾਇਆ ਜਾ ਸਕਦਾ ਹੈ। ਪਾਰਦਰਸ਼ਤਾ, ਜਵਾਬਦੇਹੀ ਅਤੇ ਸਮੇਂ ਸਿਰ ਕਾਰਵਾਈ ਯਕੀਨੀ ਬਣਾਉਣ ਲਈ ਵਿਭਾਗ ੱਲੋਂ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ (ਸੈਸ਼ਨ 2026-27) ਲਈ ਹੇਠ ਲਿਖਿਆ ਸਮਾਂ-ਬੱਧ ਸ਼ਡਿਊਲ ਜਾਰੀ ਕੀਤਾ ਗਿਆ ਹੈ ਜਿਨ੍ਹਾਂ ਅਨੁਸਾਰ ਸਕਾਲਰਸ਼ਿਪ ਪੋਰਟਲ ਕਾਰਜਸ਼ੀਲ ਹੋਣ ਦੀ ਮਿਤੀ: 1 ਜੁਲਾਈ, 2026, ਵਿਦਿਆਰਥੀਆਂ ਵਲੋਂ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ: 15 ਨਵੰਬਰ, 2026, ਨੁਕਸਦਾਰ ਅਰਜ਼ੀਆਂ ਦੀ ਸੋਧ ਦੀ ਆਖਰੀ ਮਿਤੀ: 30 ਨਵੰਬਰ, 2026, ਸੰਸਥਾ ਪੱਧਰ ’ਤੇ ਪੜਤਾਲ ਦੀ ਆਖਰੀ ਮਿਤੀ: 30 ਨਵੰਬਰ, 2026 ਅਤੇ ਅੰਤਿਮ ਪੜਤਾਲ: 15 ਦਸੰਬਰ, 2026 ਨਿਰਧਾਰਿਤ ਕੀਤੀ ਗਈ ਹੈ। ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰ ਯੋਗ ਐਸ. ਸੀ. ਵਿਦਿਆਰਥੀ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਉੱਚ ਸਿੱਖਿਆ ਦੇ ਮੌਕੇ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਾਰੇ ਵਿਭਾਗਾਂ, ਵਿੱਦਿਅਕ ਸੰਸਥਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਨਾਲ ਕੋਈ ਵੀ ਯੋਗ ਵਿਦਿਆਰਥੀ ਇਸ ਮਹੱਤਵਪੂਰਨ ਸਕੀਮ ਦੇ ਲਾਭ ਤੋਂ ਵਾਂਝਾ ਨਹੀਂ ਰਹੇਗਾ।