ਐੱਸ. ਏ. ਐੱਸ. ਨਗਰ, 1 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਕ੍ਰਿਕਟ ਪ੍ਰੇਮੀਆਂ ਨੂੰ ਬਿਹਤਰੀਨ ਅਤੇ ਯਾਦਗਾਰ ਕ੍ਰਿਕਟਿੰਗ ਅਨੁਭਵ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ. ਸੀ. ਏ.) ਨੇ ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026 ਦੇ ਮੈਚ ਦੇਖਣ ਲਈ ਆਉਣ ਵਾਲੇ ਦਰਸ਼ਕਾਂ ਵਾਸਤੇ ਯੁਵਰਾਜ ਸਿੰਘ ਸਟੈਂਡ ਵਿਚ ਮੁਫ਼ਤ ਦਾਖ਼ਲੇ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਫ਼ਤ ਦਾਖ਼ਲੇ ਦੀ ਇਹ ਸਹੂਲਤ ਟੂਰਨਾਮੈਂਟ ਦੇ ਲੀਗ ਪੜਾਅ ਤੱਕ ਭਾਵ 11 ਸਤੰਬਰ ਤੱਕ ਹੀ ਜਾਰੀ ਰਹੇਗੀ। ਇਹ ਟੂਰਨਾਮੈਂਟ 30 ਅਗਸਤ ਤੋਂ 13 ਸਤੰਬਰ ਤੱਕ ਆਈ. ਐੱਸ. ਬਿੰਦਰਾ ਸਟੇਡੀਅਮ ਫੇਜ਼-9 ਮੁਹਾਲੀ ਵਿਖੇ ਖੇਡਿਆ ਜਾ ਰਿਹਾ ਹੈ। ਪੀ. ਸੀ. ਏ. ਦੇ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ, ਯੁਵਰਾਜ ਸਿੰਘ ਸਟੈਂਡ ਵਿਚ ਦਰਸ਼ਕਾਂ ਨੂੰ ‘ਪਹਿਲਾਂ ਆਓ, ਪਹਿਲਾਂ ਪਾਓ’ ਦੇ ਆਧਾਰ ‘ਤੇ ਦਾਖ਼ਲਾ ਦਿੱਤਾ ਜਾਵੇਗਾ। ਮੁਫ਼ਤ ਦਾਖ਼ਲੇ ਦਾ ਲਾਭ ਲੈਣ ਦੇ ਚਾਹਵਾਨ ਕ੍ਰਿਕਟ ਪ੍ਰੇਮੀ ਗੇਟ ਨੰ. 6 ਰਾਹੀਂ ਸਟੇਡੀਅਮ ਵਿਚ ਦਾਖ਼ਲ ਹੋ ਸਕਦੇ ਹਨ। ਇਸ ਤੋਂ ਇਲਾਵਾ ਪੀ. ਸੀ. ਏ. ਵਲੋਂ ਕ੍ਰਿਕਟ ਪ੍ਰੇਮੀਆਂ ਦੀ ਸਹੂਲਤ ਲਈ ਗੇਟ ਨੰ. 6 ਨੇੜੇ ਦੁਸਹਿਰਾ ਗਰਾਊਂਡ ਵਿਖੇ ਵਿਸ਼ੇਸ਼ ਪਾਰਕਿੰਗ ਸਥਾਨ ਨਿਰਧਾਰਤ ਕੀਤਾ ਗਿਆ ਹੈ। ਪੀ. ਸੀ. ਏ. ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਦੱਸਿਆ ਕਿ ਇਹ ਕਦਮ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਚੁੱਕਿਆ ਗਿਆ ਹੈ ਤਾਂ ਜੋ ਵਾਹਨਾਂ ਲਈ ਪਹਿਲਾਂ ਤੋਂ ਪਾਰਕਿੰਗ ਦਾ ਸਥਾਨ ਨਿਰਧਾਰਤ ਹੋਣ ਨਾਲ ਟ੍ਰੈਫ਼ਿਕ ਜਾਮ ਅਤੇ ਆਵਾਜ਼ਾਈ ਸੰਬੰਧੀ ਮੁਸ਼ਕਿਲਾਂ ਤੋਂ ਬਚਿਆ ਜਾ ਸਕੇ।