ਐੱਸ. ਏ. ਐੱਸ. ਨਗਰ, 5 ਸਤੰਬਰ (ਕਪਿਲ ਵਧਵਾ)-ਜ਼ਿਲ੍ਹਾ ਮੁਹਾਲੀ ਵਿਚ ਅਮਨ-ਕਾਨੂੰਨ ਦੀ ਸਥਿਤੀ ਅਤੇ ਅਪਰਾਧਾਂ ਦੀ ਰੋਕਥਾਮ ਸੰਬੰਧੀ ਐੱਸ. ਐੱਸ. ਪੀ. ਮੁਹਾਲੀ ਵਰੁਣ ਸ਼ਰਮਾ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਲ ਅਫ਼ਸਰਾਂ ਅਤੇ ਥਾਣਾ ਮੁਖੀਆਂ ਨਾਲ ਕ੍ਰਾਈਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਐੱਸ. ਐੱਸ. ਪੀ. ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੁਲਿਸ ਵਲੋਂ ਲਗਾਤਾਰ ਕਾਰਵਾਈ ਕੀਤੀ ਜਾਵੇ ਅਤੇ ਨਸ਼ਾ ਵੇਚਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕੀਤਾ ਜਾਵੇ। ਉਨ੍ਹਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਲਈ ਵੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਵਿਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ ਗਿਆ। ਇਸ ਮੌਕੇ ਲੋਕਾਂ ਨੂੰ ‘ਸੇਫ਼ ਪੰਜਾਬ ਹੈਲਪਲਾਈਨ’ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ ਗਿਆ ਤਾਂ ਜੋ ਲੋਕ ਬਿਨਾਂ ਕਿਸੇ ਝਿਜਕ ਦੇ ਨਸ਼ਾ ਤਸਕਰਾਂ ਸੰਬੰਧੀ ਜਾਣਕਾਰੀ ਹੈਲਪਲਾਈਨ ‘ਤੇ ਸਾਂਝੀ ਕਰ ਸਕਣ। ਇਸ ਤੋਂ ਇਲਾਵਾ ਪੀ. ਸੀ. ਆਰ. ਟੀਮਾਂ ਨੂੰ 24 ਘੰਟੇ ਗਸ਼ਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਅਧਿਕਾਰੀਆਂ ਨੂੰ ਕਿਹਾ ਗਿਆ ਕਿ ਪੁਲਿਸ ਦੀ ਮੌਜੂਦਗੀ ਵਧਾ ਕੇ ਲੋਕਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਇਆ ਜਾਵੇ। ਐੱਸ. ਐੱਸ. ਪੀ. ਨੇ ਪੁਲਿਸ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ ਵਿਚ ਅਪਰਾਧਿਕ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖਣ ਅਤੇ ਲੋਕਾਂ ਨਾਲ ਬਿਹਤਰ ਤਾਲਮੇਲ ਬਣਾਉਣ ਲਈ ਵੀ ਕਿਹਾ।