ਐੱਸ. ਏ. ਐੱਸ. ਨਗਰ, 10 ਸਤੰਬਰ (ਪ੍ਰੋ. ਅਵਤਾਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਏ ਨੂੰ ਲੈ ਕੇ ਪੰਜਾਬ ਦੀ ਮਾਨ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਆਪਣੇ ਹੱਕ ਦੀ ਮੰਗ ਕਰ ਰਹੇ ਹਨ, ਨਾ ਕਿ ਕੋਈ ਖੈਰਾਤ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਡੀ. ਏ. ਦਾ ਬਕਾਇਆ ਕਦੋਂ ਤੱਕ ਅਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਲਗਭਗ 6.50 ਲੱਖ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਆਪਣੇ ਹੱਕਾਂ ਦੀ ਉਡੀਕ ਕਰ ਰਹੇ ਹਨ ਅਤੇ ਕਈ ਸਾਲਾਂ ਤੋਂ ਡੀ. ਏ. ਦੇ ਬਕਾਏ ਦੀ ਅਦਾਇਗੀ ਨਾ ਹੋਣ ਕਾਰਨ ਸਰਕਾਰ ‘ਤੇ ਹਜ਼ਾਰਾਂ ਕਰੋੜ ਰੁ. ਦੀ ਵਿੱਤੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮੁਲਾਜ਼ਮ ਆਪਣੀ ਜ਼ਿੰਦਗੀ ਦਾ ਕੀਮਤੀ ਸਮਾਂ ਸਰਕਾਰੀ ਸੇਵਾ ‘ਚ ਲਗਾ ਰਹੇ ਹਨ, ਉਨ੍ਹਾਂ ਨੂੰ ਆਪਣੇ ਹੀ ਹੱਕ ਲਈ ਧਰਨੇ ਅਤੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਕਰਨਾ ਮਾਨ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੇ ਹੱਕਾਂ ਲਈ ਅਦਾਲਤ ਤੱਕ ਗਏ ਸਨ ਅਤੇ ਅਦਾਲਤੀ ਕਾਰਵਾਈ ‘ਚ ਵੀ ਉਨ੍ਹਾਂ ਦੇ ਹੱਕ ‘ਚ ਫ਼ੈਸਲੇ ਆ ਚੁੱਕੇ ਹਨ, ਪਰ ਇਸ ਦੇ ਬਾਵਜੂਦ ਸਰਕਾਰ ਵਲੋਂ ਮਾਮਲੇ ਨੂੰ ਲਟਕਾਉਣਾ ਅਤੇ ਅਗਲੇਰੀ ਕਾਨੂੰਨੀ ਲੜਾਈ ਵੱਲ ਲਿਜਾਣ ਦੀ ਤਿਆਰੀ ਕਰਨਾ ਸਮਝ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕੋਲ ਇਸ਼ਤਿਹਾਰਾਂ, ਸਮਾਗਮਾਂ ਅਤੇ ਹੋਰ ਪ੍ਰਚਾਰਕ ਗਤੀਵਿਧੀਆਂ ਲਈ ਪੈਸਾ ਹੈ ਤਾਂ ਫਿਰ ਮੁਲਾਜ਼ਮਾਂ ਦੇ ਬਣਦੇ ਹੱਕ ਦੇਣ ਸਮੇਂ ਖਜ਼ਾਨਾ ਖਾਲੀ ਕਿਉਂ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਅਤੇ ਭਰੋਸਾ ਦਿਵਾਇਆ ਸੀ ਕਿ ਕਿਸੇ ਵੀ ਵਰਗ ਨੂੰ ਆਪਣੇ ਹੱਕਾਂ ਲਈ ਧਰਨੇ-ਮੁਜ਼ਾਹਰੇ ਨਹੀਂ ਕਰਨੇ ਪੈਣਗੇ, ਪਰ ਅੱਜ ਹਾਲਾਤ ਇਸ ਦੇ ਬਿਲਕੁੱਲ ਉਲਟ ਹਨ। ਮੁਲਾਜ਼ਮ, ਪੈਨਸ਼ਨਰ, ਕਿਸਾਨ, ਨੌਜਵਾਨ ਅਤੇ ਹੋਰ ਵਰਗ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਬਦਲਾਅ’ ਦੇ ਨਾਂਅ ‘ਤੇ ਸੱਤਾ ‘ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜ਼ਬੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੂੰ ਬਿਆਨਬਾਜ਼ੀ ਅਤੇ ਇਸ਼ਤਿਹਾਰਾਂ ਦੀ ਰਾਜਨੀਤੀ ਤੋਂ ਬਾਹਰ ਆ ਕੇ ਜ਼ਮੀਨੀ ਹਕੀਕਤਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਪੰਜਾਬ ਦੇ ਲੋਕ ਹੁਣ ਸਰਕਾਰ ਦੇ ਵਾਅਦਿਆਂ ਦਾ ਨਹੀਂ, ਸਗੋਂ ਉਸ ਦੇ ਕੰਮਾਂ ਦਾ ਹਿਸਾਬ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ‘ਚ ਆਵਾਜ਼ ਬੁਲੰਦ ਕੀਤੀ ਹੈ ਅਤੇ ਅੱਗੇ ਵੀ ਇਸ ਸੰਘਰਸ਼ ‘ਚ ਮੁਲਾਜ਼ਮਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਰਹੇਗੀ। ਸਾਬਕਾ ਮੰਤਰੀ ਸਿੱਧੂ ਨੇ ਸਰਕਾਰ ਅਤੇ ਅਧਿਕਾਰੀਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਡੀ. ਏ. ਸਮੇਤ ਆਪਣੇ ਜਾਇਜ਼ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਡਰਾਉਣ, ਧਮਕਾਉਣ ਜਾਂ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ‘ਤੇ ਅਜਿਹੀਆਂ ਧੱਕੇਸ਼ਾਹੀਆਂ ਦੀ ਪੂਰੀ ਜਾਂਚ ਕਰਵਾਈ ਜਾਵੇਗੀ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।