ਐੱਸ. ਏ. ਐੱਸ. ਨਗਰ, 15 ਸਤੰਬਰ (ਪ੍ਰੋ. ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਹੁਕਮਾਂ ਤਹਿਤ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ (ਅੱਤਿਆਚਾਰ ਰੋਕਥਾਮ) ਐਕਟ 1989 ਅਧੀਨ ਸਾਲ ਦੀ ਦੂਜੀ ਤਿਮਾਹੀ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਭ ਤੋਂ ਪਹਿਲਾਂ ਅਸ਼ੀਸ਼ ਕਥੂਰੀਆ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ-ਕਮ-ਮੈਂਬਰ ਸਕੱਤਰ ਵਲੋਂ ਕਮੇਟੀ ਨੂੰ ਐਕਟ ਅਧੀਨ ਦਰਜ ਮਾਮਲਿਆਂ ਦੀ ਪ੍ਰਗਤੀ ਸੰਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਅਦਾਲਤਾਂ ‘ਚ ਇਸ ਸਮੇਂ 12 ਕੇਸ ਵਿਚਾਰ ਅਧੀਨ ਹਨ, ਜਿਨ੍ਹਾਂ ‘ਚੋਂ 6 ਕੇਸਾਂ ‘ਚ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ, ਜਦਕਿ 3 ਕੇਸਾਂ ‘ਚ ਪੀੜਤਾਂ ਨੂੰ ਮੁਆਵਜ਼ਾ ਜਲਦ ਮੁਹੱਈਆ ਕਰਵਾਇਆ ਜਾਵੇਗਾ ਅਤੇ ਬਾਕੀ 3 ਕੇਸਾਂ ‘ਚ ਕਾਰਵਾਈ ਜਾਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 17 ਕੇਸ ਐਸ. ਐਸ. ਪੀ. ਦਫ਼ਤਰ ਵਿਖੇ ਜ਼ੇਰੇ-ਤਫ਼ਤੀਸ਼ ਹਨ। ਮੀਟਿੰਗ ‘ਚ ਇਨ੍ਹਾਂ ਮਾਮਲਿਆਂ ਦੀ ਜਾਂਚ ਅਤੇ ਪੀੜਤਾਂ ਨੂੰ ਸਮੇਂ ਸਿਰ ਬਣਦਾ ਮੁਆਵਜ਼ਾ ਅਤੇ ਹੋਰ ਸਹਾਇਤਾ ਮੁਹੱਈਆ ਕਰਵਾਉਣ ਸੰਬੰਧੀ ਕਾਰਵਾਈ ਦੀ ਸਮੀਖਿਆ ਵੀ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਆਰ. ਡੀ.) ਸੋਨਮ ਚੌਧਰੀ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਐਕਟ ਅਧੀਨ ਮੁਆਵਜ਼ੇ ਅਤੇ ਹੋਰ ਸਹੂਲਤਾਂ ਸੰਬੰਧੀ ਸਕੀਮ ਦੇ ਨਿਯਮਾਂ ਅਤੇ ਮਾਪਦੰਡਾਂ ਬਾਰੇ ਪੀੜਤਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਸਮੇਂ ਸਿਰ ਲਾਭ ਮਿਲ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਦੀਪ ਸਿੰਘ ਜ਼ਿਲ੍ਹਾ ਅਟਾਰਨੀ, ਰਮਨਦੀਪ ਸਿੰਘ ਪੰਜਾਬ ਪੁਲਿਸ, ਗੁਰਚਰਨ ਸਿੰਘ ਮਾਨ ਖੇਤੀਬਾੜੀ ਵਿਭਾਗ ਮੁਹਾਲੀ ਤੋਂ ਇਲਾਵਾ ਕਮੇਟੀ ਦੇ ਗ਼ੈਰ-ਸਰਕਾਰੀ ਮੈਂਬਰ ਗੁਰਚਰਨ ਸਿੰਘ ਅਤੇ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ।