ਡੇਰਾਬੱਸੀ ਦੇ ਪਿੰਡ ਸੁੰਡਰਾਂ ਦੀਆਂ ਝੁੱਗੀਆਂ ਵਿਚ ਮੁੜ ਭੜਕੀ ਅੱਗ, 30 ਤੋਂ 35 ਝੁੱਗੀਆਂ ਸੜ ਕੇ ਸੁਆਹ
ਡੇਰਾਬੱਸੀ, 20 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਖੇਤਰ ਦੇ ਪਿੰਡ ਸੁੰਡਰਾਂ ਵਿਚ ਸ਼ਨੀਵਾਰ ਨੂੰ ਝੁੱਗੀਆਂ ਵਿਚ ਅਚਾਨਕ ਲੱਗੀ ਭਿਆਨਕ ਅੱਗ ਕਾਰਨ 30 ਤੋਂ 35 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਝੁੱਗੀਆਂ ਵਿਚ ਰਹਿਣ ਵਾਲੇ ਪਰਿਵਾਰਾਂ ਨੂੰ ਆਪਣਾ ਘਰੇਲੂ ਸਾਮਾਨ ਬਾਹਰ ਕੱਢਣ ਦਾ ਮੌਕਾ ਵੀ ਨਹੀਂ ਮਿਲਿਆ।
ਡੇਰਾਬੱਸੀ, 20 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਖੇਤਰ ਦੇ ਪਿੰਡ ਸੁੰਡਰਾਂ ਵਿਚ ਸ਼ਨੀਵਾਰ ਨੂੰ ਝੁੱਗੀਆਂ ਵਿਚ ਅਚਾਨਕ ਲੱਗੀ ਭਿਆਨਕ ਅੱਗ ਕਾਰਨ 30 ਤੋਂ 35 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਝੁੱਗੀਆਂ ਵਿਚ ਰਹਿਣ ਵਾਲੇ ਪਰਿਵਾਰਾਂ ਨੂੰ ਆਪਣਾ ਘਰੇਲੂ ਸਾਮਾਨ ਬਾਹਰ ਕੱਢਣ ਦਾ ਮੌਕਾ ਵੀ ਨਹੀਂ ਮਿਲਿਆ। ਮੁੱਢਲੀ ਜਾਣਕਾਰੀ ਅਨੁਸਾਰ ਇਸ ਘਟਨਾ ਵਿਚ ਕਿਸੇ ਵਿਅਕਤੀ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ, ਜਦਕਿ ਸਾਮਾਨ ਸੜਨ ਕਾਰਨ ਪ੍ਰਭਾਵਿਤ ਪਰਿਵਾਰਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਹੈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਜ਼ੀਰਕਪੁਰ, ਡੇਰਾਬੱਸੀ ਅਤੇ ਪੰਚਕੂਲਾ ਤੋਂ ਫਾਇਰ ਟੈਂਡਰ ਮੌਕੇ ’ਤੇ ਪਹੁੰਚੇ। ਤਿੰਨ-ਚਾਰ ਫਾਇਰ ਟੈਂਡਰਾਂ ਦੀ ਮਦਦ ਨਾਲ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਨੇ ਵੀ ਮੌਕੇ ’ਤੇ ਪਹੁੰਚ ਕੇ ਘਟਨਾ ਸੰਬੰਧੀ ਜਾਣਕਾਰੀ ਇਕੱਠੀ ਕੀਤੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਅਤੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਸੁੰਡਰਾਂ ਦੀਆਂ ਝੁੱਗੀਆਂ ਵਿਚ ਅੱਗ ਲੱਗਣ ਦੀ ਇਹ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ 14 ਮਈ 2022 ਨੂੰ ਵੀ ਭਿਆਨਕ ਅੱਗ ਲੱਗੀ ਸੀ, ਜਿਸ ਵਿਚ ਡੇਢ ਸਾਲ ਦੀ ਬੱਚੀ ਰੂਪਾ ਦੀ ਝੁਲਸਣ ਕਾਰਨ ਮੌਤ ਹੋ ਗਈ ਸੀ। ਉਸ ਸਮੇਂ ਪੁਲਿਸ ਨੇ ਜ਼ਮੀਨ ਮਾਲਕ ਜੀਤ ਸਿੰਘ ਖ਼ਿਲਾਫ਼ ਧਾਰਾ 188, 427 ਅਤੇ 304 ਏ ਤਹਿਤ ਮਾਮਲਾ ਦਰਜ ਕੀਤਾ ਸੀ। ਵਾਰ-ਵਾਰ ਅੱਗ ਲੱਗਣ ਦੀਆਂ ਘਟਨਾਵਾਂ ਨੇ ਝੁੱਗੀਆਂ ਵਿਚ ਰਹਿਣ ਵਾਲੇ ਪਰਿਵਾਰਾਂ ਦੀ ਸੁਰੱਖਿਆ ਅਤੇ ਅੱਗ ਬੁਝਾਊ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।