ਅੰਮ੍ਰਿਤਸਰ ਵਿਚ 23 ਸਤੰਬਰ ਨੂੰ ਹੋਵੇਗੀ ਐੱਨ.ਆਰ.ਆਈ. ਮਿਲਣੀ : ਡਾ. ਰਵਜੋਤ ਸਿੰਘ
ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)- ਪ੍ਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਅਤੇ ਸ਼ਿਕਾਇਤਾਂ ਦਾ ਤੁਰੰਤ ਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਉਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ ਪੰਜਾਬ ਸਰਕਾਰ ਵੱਲੋਂ 23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ‘ਐੱਨ. ਆਰ.
ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)- ਪ੍ਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਅਤੇ ਸ਼ਿਕਾਇਤਾਂ ਦਾ ਤੁਰੰਤ ਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਉਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ ਪੰਜਾਬ ਸਰਕਾਰ ਵੱਲੋਂ 23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ‘ਐੱਨ.ਆਰ.ਆਈ. ਮਿਲਣੀ’ ਕਰਵਾਈ ਜਾਵੇਗੀ। ਇਸ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਹ ਐਨ.ਆਰ.ਆਈ. ਮਿਲਣੀ ਪਰਵਾਸੀ ਪੰਜਾਬੀਆਂ ਨੂੰ ਸੂਬਾ ਸਰਕਾਰ ਦੇ ਉੱਚ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਾਹਮਣੇ ਆਪਣੀਆਂ ਸ਼ਿਕਾਇਤਾਂ, ਮਸਲੇ ਅਤੇ ਸੁਝਾਅ ਸਿੱਧੇ ਤੌਰ ’ਤੇ ਰੱਖਣ ਦਾ ਮੌਕਾ ਪ੍ਰਦਾਨ ਕਰੇਗੀ । ਉਨ੍ਹਾਂ ਦੱਸਿਆ ਕਿ ਇਸ ਪਹਿਲ ਦਾ ਮਕਸਦ ਪਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ ਸੁਣਿਆ ਜਾਣਾ ਅਤੇ ਸਬੰਧਿਤ ਵਿਭਾਗਾਂ ਦੇ ਆਪਸੀ ਤਾਲਮੇਲ ਰਾਹੀਂ ਉਨ੍ਹਾਂ ਦੇ ਸਮੇਂ ਸਿਰ ਨਿਪਟਾਰੇ ਲਈ ਹਰ ਸੰਭਵ ਯਤਨ ਯਕੀਨੀ ਬਣਾਉਣਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਐਨ.ਆਰ.ਆਈ. ਮਿਲਣੀ ਬੁੱਧਵਾਰ, 2 3 ਸਤੰਬਰ ਨੂੰ ਸਵੇਰੇ 11:00 ਵਜੇ ਹੋਟਲ ਲੀ ਮੈਰੀਡੀਅਨ, ਨੇੜੇ ਰਾਜਾਸਾਂਸੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ ਕਰਵਾਈ ਜਾਵੇਗੀ। ਇਸ ਸਮਾਗਮ ਵਿਚ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ ਅਤੇ ਤਰਨਤਾਰਨ ਜ਼ਿਲ੍ਹਿਆਂ ਨਾਲ ਸਬੰਧਤ ਪਰਵਾਸੀ ਪੰਜਾਬੀ ਹਿੱਸਾ ਲੈ ਸਕਣਗੇ ਅਤੇ ਸਬੰਧਤ ਅਧਿਕਾਰੀਆਂ ਸਾਹਮਣੇ ਆਪਣੇ ਮੁੱਦੇ ਪੇਸ਼ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਐਸ.ਏ.ਐਸ. ਨਗਰ (ਮੋਹਾਲੀ), ਲੁਧਿਆਣਾ, ਮਾਨਸਾ ਅਤੇ ਅੰਮ੍ਰਿਤਸਰ ਵਿਖੇ ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿਚ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਵਿਚਾਰਿਆ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਪਰਵਾਸੀ ਪੰਜਾਬੀ ਭਾਈਚਾਰੇ ਨੂੰ ਵੱਡੇ ਪੰਜਾਬੀ ਪਰਿਵਾਰ ਦਾ ਅਨਿੱਖੜਵਾਂ ਅੰਗ ਮੰਨਦੀ ਹੈ ਅਤੇ ਸਿੱਧੇ ਸੰਵਾਦ, ਪਾਰਦਰਸ਼ਤਾ ਅਤੇ ਜਵਾਬਦੇਹ ਸ਼ਾਸਨ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀਆਂ ਨੂੰ ਦਰਪੇਸ਼ ਹੋਰ ਸਮੱਸਿਆਵਾਂ ਤੋਂ ਇਲਾਵਾ ਜਾਇਦਾਦ ਦੇ ਵਿਵਾਦਾਂ, ਪਰਿਵਾਰਕ ਤੇ ਵਿਵਾਹਿਕ ਮਾਮਲਿਆਂ, ਪ੍ਰਸ਼ਾਸਨਿਕ ਅਤੇ ਕਾਨੂੰਨੀ ਮੁੱਦਿਆਂ ’ਤੇ ਵਿਸ਼ੇਸ਼ ਧਿਆਨ ਦੇਣਾ ਜਾਰੀ ਰੱਖਿਆ ਜਾਵੇਗਾ।