ਐੱਸ. ਏ. ਐੱਸ. ਨਗਰ, 23 ਸਤੰਬਰ (ਪ੍ਰੋ. ਅਵਤਾਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ‘ਚ ਵਧ ਰਹੇ ਨਸ਼ਿਆਂ ਦੇ ਕਹਿਰ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ਭਾਜਪਾ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਨਾਅਰੇ ਲਗਾਉਣ ਅਤੇ ਯਾਤਰਾਵਾਂ ਕੱਢਣ ਨਾਲ ਨਸ਼ਾ ਖ਼ਤਮ ਨਹੀਂ ਹੋਵੇਗਾ, ਸਗੋਂ ਸਰਕਾਰ ਨੂੰ ਨਸ਼ੇ ਦੀ ਸਪਲਾਈ ਲਾਈਨ ਤੋੜਨ ਅਤੇ ਨੌਜਵਾਨਾਂ ਨੂੰ ਬਚਾਉਣ ਲਈ ਠੋਸ ਕਾਰਵਾਈ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਸੂਬੇ ‘ਚ ‘ਆਪ’ ਸਰਕਾਰ ਬਣਨ ਤੋਂ ਬਾਅਦ ਪੰਜਾਬ ‘ਚ ਨਸ਼ਿਆਂ ਦੀ ਸਮੱਸਿਆ ਖ਼ਤਮ ਹੋਣ ਦੀ ਬਜਾਏ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੇ ਦਾਅਵੇ ਸੱਚੇ ਹਨ ਤਾਂ ਫਿਰ ਰੋਜ਼ਾਨਾ ਨਸ਼ਿਆਂ ਨਾਲ ਜੁੜੀਆਂ ਘਟਨਾਵਾਂ, ਨੌਜਵਾਨਾਂ ਦੀਆਂ ਮੌਤਾਂ ਅਤੇ ਨਸ਼ੇ ਦੀ ਸਪਲਾਈ ਬਾਰੇ ਸਾਹਮਣੇ ਆ ਰਹੀਆਂ ਖ਼ਬਰਾਂ ਸਰਕਾਰ ਦੇ ਦਾਅਵਿਆਂ ‘ਤੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਭਾਜਪਾ ਨੂੰ ਸਵਾਲ ਕਰਦਿਆਂ ਕਿਹਾ ਕਿ ਜਿਹੜੀ ਪਾਰਟੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਦਾਅਵੇ ਕਰਦੀ ਹੈ, ਉਹ ਪਹਿਲਾਂ ਇਹ ਦੱਸੇ ਕਿ ਗੁਜਰਾਤ ‘ਚ ਵੱਡੀਆਂ ਨਸ਼ੀਲੀਆਂ ਖੇਪਾਂ ਦੀ ਬਰਾਮਦਗੀ ਕਿਵੇਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦਾਅਵਾ ਕਰਦੀ ਹੈ ਤਾਂ ਦੇਸ਼ ਦੀਆਂ ਬੰਦਰਗਾਹਾਂ ‘ਤੇ ਨਸ਼ਿਆਂ ਦੀ ਆਮਦ ਨੂੰ ਰੋਕਣ ਲਈ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੀ ਬਜਾਏ ਸਿਆਸੀ ਪ੍ਰਚਾਰ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਪੰਜਾਬ ਦੀ ਨਹੀਂ, ਸਗੋਂ ਪੂਰੇ ਦੇਸ਼ ਦੀ ਜ਼ਿੰਮੇਵਾਰੀ ਹੈ ਅਤੇ ਜਿਥੋਂ ਨਸ਼ਿਆਂ ਦੀ ਸਪਲਾਈ ਹੋ ਰਹੀ ਹੈ, ਉਥੇ ਸਖ਼ਤ ਕਾਰਵਾਈ ਕਰਨਾ ਕੇਂਦਰ ਅਤੇ ਸੂਬਾ ਸਰਕਾਰ ਦੋਵਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਗੁਲਜ਼ਾਰ ਸਿੰਘ ਅਤੇ ਪਿੰਡ ਸ਼ੇਰੋਂ ਦੇ ਨੌਜਵਾਨ ਮੋਹਨਜੀਤ ਸਿੰਘ ਨਾਲ ਵਾਪਰੀ ਘਟਨਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨਾਂ ਨੂੰ ਡਰਾਉਣ-ਧਮਕਾਉਣ ਲਈ ਪੁਲਿਸ ਤਸ਼ੱਦਦ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਇਸੇ ਡਰ ਕਾਰਨ ਗੁਲਜ਼ਾਰ ਸਿੰਘ ਨੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ‘ਤੇ ਉਨ੍ਹਾਂ ਨੂੰ ਡਰਾਉਣ-ਧਮਕਾਉਣ ਜਾਂ ਤਸ਼ੱਦਦ ਕਰਨ ਦੀ ਬਜਾਏ ਸਰਕਾਰ ਨੂੰ ਨਸ਼ਿਆਂ ਦੇ ਅਸਲ ਕਾਰੋਬਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਸਾਬਕਾ ਮੰਤਰੀ ਸਿੱਧੂ ਨੇ ਪੰਜਾਬ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਆਪਣੇ ਬੱਚਿਆਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਹਰ ਪੰਜਾਬੀ ਨੂੰ ਇਸ ਲੜਾਈ ‘ਚ ਸਹਿਯੋਗ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਇਸੇ ਮਕਸਦ ਤਹਿਤ ਅੱਜ 24 ਸਤੰਬਰ ਨੂੰ ਸਵੇਰੇ 10 ਵਜੇ ਉਨ੍ਹਾਂ ਦੀ ਅਗਵਾਈ ਹੇਠ ਐਸ. ਐਸ. ਪੀ. ਦਫ਼ਤਰ ਮੁਹਾਲੀ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ, ਲਿਹਾਜ਼ਾ ਹਲਕਾ ਵਾਸੀਆਂ ਨੂੰ ਇਸ ਧਰਨੇ ‘ਚ ਵਧ ਚੜ੍ਹ ਕੇ ਸ਼ਮੂਲੀਅਤ ਕਰਨੀ ਚਾਹੀਦੀ ਹੈ ਤਾਂ ਪੰਜਾਬ ਦਾ ਭਵਿੱਖ ਸੁਰੱਖਿਆ ਹੋ ਸਕੇ।