ਐੱਸ. ਏ. ਐੱਸ. ਨਗਰ, 28 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਗਏ ਇੰਟਰ ਕਾਲਜ ਸਾਈਕਲਿੰਗ ਟਰੈਕ ਮੁਕਾਬਲਿਆਂ ‘ਚ ਸਰਕਾਰੀ ਕਾਲਜ ਮੁਹਾਲੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਦੌਰਾਨ ਕਾਲਜ ਦੇ ਵਿਦਿਆਰਥੀ ਜਸ਼ਨਪ੍ਰੀਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਤਗ਼ਮੇ ਹਾਸਿਲ ਕੀਤੇ। ਇਸੇ ਤਰ੍ਹਾਂ ਪ੍ਰਿਥਵੀਰਾਜ ਚੌਹਾਨ ਨਾਮਕ ਵਿਦਿਆਰਥੀ ਨੇ ਇਕ ਚਾਂਦੀ ਅਤੇ ਇਕ ਕਾਂਸੇ ਦਾ ਤਗ਼ਮਾ ਆਪਣੇ ਨਾਂਅ ਕੀਤਾ ਹੈ, ਜਦਕਿ ਅਨੀਕੇਤ ਕੁਮਾਰ ਨੇ ਵੀ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਦਿਆਂ ਇਕ ਚਾਂਦੀ ਅਤੇ ਕਾਂਸੇ ਦਾ ਤਗ਼ਮਾ ਜਿੱਤਿਆ ਹੈ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਕਾਲਜ ਦੀ ਪ੍ਰਿੰ. ਜਸਪ੍ਰੀਤ ਕੌਰ ਬੈਂਸ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ‘ਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ‘ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ, ਲਗਨ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ, ਜਦਕਿ ਪ੍ਰੋ. ਜਗਤਾਰ ਸਿੰਘ ਨੇ ਵੀ ਵਿਦਿਆਰਥੀਆਂ ਦੀ ਪਿੱਠ ਥਾਪੜਦਿਆਂ ਉਨ੍ਹਾਂ ਨੂੰ ਭਵਿੱਖ ‘ਚ ਹੋਰ ਮਿਹਨਤ ਅਤੇ ਲਗਨ ਨਾਲ ਖੇਡਾਂ ‘ਚ ਭਾਗ ਲੈ ਕੇ ਕਾਲਜ ਅਤੇ ਯੂਨੀਵਰਸਿਟੀ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।