ਐੱਸ. ਏ. ਐੱਸ. ਨਗਰ, 30 ਸਤੰਬਰ (ਪ੍ਰੋ. ਅਵਤਾਰ ਸਿੰਘ)-ਸਾਉਣੀ ਸੀਜ਼ਨ 2026-27 ਦੌਰਾਨ ਝੋਨੇ ਦੀ ਸਰਕਾਰੀ ਖ਼ਰੀਦ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹੇ ‘ਚ 18 ਖ਼ਰੀਦ ਕੇਂਦਰਾਂ ਰਾਹੀਂ ਲਗਭਗ 2,06,148 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕਰਨ ਦੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਰਾਈਸ ਮਿੱਲਾਂ ਦੀ ਅਲਾਟਮੈਂਟ ਅਤੇ ਖ਼ਰੀਦ ਕੇਂਦਰਾਂ ਨਾਲ ਲਿੰਕੇਜ਼ ਦੀ ਪ੍ਰਕਿਰਿਆ ਵੀ ਨਿਯਮਾਂ ਅਨੁਸਾਰ ਜਾਰੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ‘ਚ ਪੂਰੀ ਤਰ੍ਹਾਂ ਸੁੱਕਿਆ ਹੋਇਆ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ‘ਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ ਅਤੇ ਸਰਕਾਰੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਡੀ. ਸੀ. ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਦਾ ਨਿਪਟਾਰਾ ਖੇਤੀਬਾੜੀ ਮਸ਼ੀਨਰੀ ਅਤੇ ਵਿਗਿਆਨਕ ਤਰੀਕਿਆਂ ਰਾਹੀਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨਾਲ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੀ ਬਰਕਰਾਰ ਰੱਖਣ ‘ਚ ਮਦਦ ਮਿਲਦੀ ਹੈ। ਇਸੇ ਦੌਰਾਨ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਵਿਭਾਗ ਵਲੋਂ ਮੰਡੀ ਬੋਰਡ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਨਾਲ ਤਾਲਮੇਲ ਕਰਕੇ ਅੱਜ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਸਰਕਾਰੀ ਖ਼ਰੀਦ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ‘ਚ 33 ਰਾਈਸ ਮਿੱਲਾਂ ਦੀ ਅਲਾਟਮੈਂਟ ਹੋ ਚੁੱਕੀ ਹੈ, ਜਦਕਿ ਬਾਕੀ ਰਾਈਸ ਮਿੱਲਾਂ ਦੀ ਅਲਾਟਮੈਂਟ ਅਤੇ ਲਿੰਕੇਜ਼ ਦੀ ਪ੍ਰਕਿਰਿਆ ਵੀ ਨਿਰਧਾਰਤ ਨਿਯਮਾਂ ਅਨੁਸਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸਾਰੀਆਂ ਸੰਬੰਧਿਤ ਮੰਡੀਆਂ ‘ਚ ਲੋੜੀਂਦਾ ਸਟਾਫ਼ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਖ਼ਰੀਦ, ਲਿਫ਼ਟਿੰਗ ਅਤੇ ਸਟੋਰੇਜ ਨਾਲ ਸੰਬੰਧਿਤ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਕਿਸਾਨਾਂ ਨੂੰ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਸਹੂਲਤ ਮੁਹੱਈਆ ਕਰਵਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਗਏ ਹਨ।
: ਡੀ . ਸੀ . ਜ਼ਿਲ੍ਹੇ ’ਚ 18 ਖ਼ਰੀਦ ਕੇਂਦਰਾਂ ਰਾਹੀਂ 2,06,148 ਮੀਟ੍ਰਿਕ ਟਨ ਝੋਨਾ ਖ਼ਰੀਦਣ ਦੇ ਕੀਤੇ ਪ੍ਰਬੰਧ
33 ਰਾਈਸ ਮਿੱਲਾਂ ਦੀ ਅਲਾਟਮੈਂਟ ਮੁਕੰਮਲ, ਮੰਡੀਆਂ ’ਚ ਲੋੜੀਂਦਾ ਸਟਾਫ਼ ਤਾਇਨਾਤ
ਅਜੀਤ ਡੈਸਕ
01-10-2026