ਪ੍ਰਸਤਾਵਿਤ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਫਸਲਾਂ ਦੇ ਭਾਅ ਤੈਅ ਕਰੇ ਕੇਂਦਰ : ਪ੍ਰੇਮ ਸਿੰਘ ਚੰਦੂਮਾਜਰਾ
ਚੰਡੀਗੜ੍ਹ, 2 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਸਾਬਕਾ ਮੈਂਬਰ ਲੋਕ ਸਭਾ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਸਰਕਾਰ ਵਲੋਂ ਫਸਲਾਂ ਦੇ ਭਾਅ ਵਿਚ ਕੀਤੇ ਪ੍ਰਸਤਾਵਿਤ ਵਾਧੇ ਨੂੰ ਕਿਸਾਨਾਂ ਦੀਆਂ ਵਧ ਰਹੀਆਂ ਖੇਤੀ ਲਾਗਤਾਂ ਦੇ ਮੁਕਾਬਲੇ ਨਾਕਾਫ਼ੀ ਦੱਸਦਿਆਂ ਇਸ ’ਤੇ ਤੁਰੰਤ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਹੈ।
ਚੰਡੀਗੜ੍ਹ, 2 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਸਾਬਕਾ ਮੈਂਬਰ ਲੋਕ ਸਭਾ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਸਰਕਾਰ ਵਲੋਂ ਫਸਲਾਂ ਦੇ ਭਾਅ ਵਿਚ ਕੀਤੇ ਪ੍ਰਸਤਾਵਿਤ ਵਾਧੇ ਨੂੰ ਕਿਸਾਨਾਂ ਦੀਆਂ ਵਧ ਰਹੀਆਂ ਖੇਤੀ ਲਾਗਤਾਂ ਦੇ ਮੁਕਾਬਲੇ ਨਾਕਾਫ਼ੀ ਦੱਸਦਿਆਂ ਇਸ ’ਤੇ ਤੁਰੰਤ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਹੈ।ਚੰਦੂਮਾਜਰਾ ਨੇ ਕਿਹਾ ਕਿ ਇਕ ਪਾਸੇ ਖੇਤੀ ਦੀਆਂ ਲਾਗਤਾਂ ਲਗਾਤਾਰ ਵਧ ਰਹੀਆਂ ਹਨ ਅਤੇ ਦੂਜੇ ਪਾਸੇ ਕਿਸਾਨ ਦੀ ਫਸਲ ਦੇ ਭਾਅ ਵਿਚ ਮਾਮੂਲੀ ਵਾਧਾ ਕੀਤਾ ਜਾ ਰਿਹਾ ਹੈ। ਡੀਜ਼ਲ-ਪੈਟਰੋਲ, ਖਾਦਾਂ, ਬੀਜਾਂ, ਕੀਟਨਾਸ਼ਕਾਂ, ਖੇਤੀ ਮਸ਼ੀਨਰੀ ਅਤੇ ਹੋਰ ਖੇਤੀਬਾੜੀ ਸਾਧਨਾਂ ਦੀਆਂ ਕੀਮਤਾਂ ਵਿਚ ਹੋਏ ਵਾਧੇ ਨੇ ਕਿਸਾਨ ’ਤੇ ਭਾਰੀ ਆਰਥਿਕ ਬੋਝ ਪਾਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੀ ਲਾਗਤ ਤਾਂ ਵਧ ਰਹੀ ਹੈ, ਪਰ ਉਸ ਦੀ ਆਮਦਨ ਉਸੇ ਅਨੁਪਾਤ ਵਿਚ ਨਹੀਂ ਵਧ ਰਹੀ। ਇਸ ਕਾਰਨ ਖੇਤੀਬਾੜੀ ਹੌਲੀ-ਹੌਲੀ ਘਾਟੇ ਦਾ ਸੌਦਾ ਬਣਦੀ ਜਾ ਰਹੀ ਹੈ ਅਤੇ ਕਿਸਾਨ ਗੰਭੀਰ ਆਰਥਿਕ ਦਬਾਅ ਦਾ ਸਾਹਮਣਾ ਕਰ ਰਿਹਾ ਹੈ। ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਿਰਫ਼ ਨਾਮਾਤਰ ਵਾਧਾ ਕਰਨ ਦੀ ਬਜਾਏ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਕਿਸਾਨਾਂ ਨੂੰ ਫਸਲਾਂ ਦਾ ਵਾਜਬ ਭਾਅ ਦੇਣ ਵੱਲ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਪ੍ਰਸਤਾਵਿਤ ਵਾਧਾ ਕਿਸਾਨਾਂ ਦੀਆਂ ਵਧੀਆਂ ਲਾਗਤਾਂ ਦੇ ਮੁਕਾਬਲੇ ਕਾਫ਼ੀ ਨਹੀਂ ਹੈ। ਸਰਕਾਰ ਨੂੰ ਘੱਟੋ-ਘੱਟ 100 ਰੁਪਏ ਪ੍ਰਤੀ ਕੁਇੰਟਲ ਦਾ ਹੋਰ ਵਾਧਾ ਕਰਨਾ ਚਾਹੀਦਾ ਹੈ, ਤਾਂ ਜੋ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕੇ।ਉਨ੍ਹਾਂ ਕਿਹਾ ਕਿ ਕਿਸਾਨ ਮਜ਼ਬੂਤ ਹੋਵੇਗਾ ਤਾਂ ਹੀ ਖੇਤੀਬਾੜੀ ਅਤੇ ਪੰਜਾਬ ਦੀ ਆਰਥਿਕਤਾ ਮਜ਼ਬੂਤ ਹੋਵੇਗੀ। ਇਸ ਲਈ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਇਸ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਫੈਸਲਾ ਕਰਨਾ ਚਾਹੀਦਾ ਹੈ।