ਕਿਹਾ - ਇਸ਼ਤਿਹਾਰਾਂ ’ਤੇ ਕਰੋੜਾਂ ਖ਼ਰਚਣ ਦੇ ਬਾਵਜੂਦ ਮੁਲਾਜ਼ਮਾਂ ਦੇ ਬਕਾਏ ਦੇਣ ਤੋਂ ਟਾਲਾ ਵੱਟਿਆ
ਚੰਡੀਗੜ੍ਹ, 9 ਅਕਤੂਬਰ (ਸੰਦੀਪ ਕੁਮਾਰ ਮਾਹਨਾ) -ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਨਾਲ ਸਬੰਧਤ ਮਾਮਲੇ ਵਿਚ ਮੁੱਖ ਸਕੱਤਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਮੁਆਫ਼ੀ ਮੰਗੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਭਖ ਗਈ ਹੈ। ਭਾਜਪਾ ਨੇ ਇਸ ਘਟਨਾਕ੍ਰਮ ਨੂੰ ਮੁਲਾਜ਼ਮਾਂ ਦੇ ਹੱਕਾਂ ਅਤੇ ਸਰਕਾਰ ਦੀ ਜਵਾਬਦੇਹੀ ਨਾਲ ਜੋੜਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦੋਸ਼ ਲਾਇਆ ਕਿ ਸਰਕਾਰ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦੇਣ ਦੀ ਬਜਾਏ ਕਾਨੂੰਨੀ ਪ੍ਰਕਿਰਿਆ ਰਾਹੀਂ ਮਾਮਲੇ ਨੂੰ ਲਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਢਿੱਲੋਂ ਨੇ ਕਿਹਾ ਕਿ ਭਾਜਪਾ ਲੰਮੇ ਸਮੇਂ ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ.ਏ. ਦੇ ਬਕਾਏ ਦੀ ਅਦਾਇਗੀ ਦਾ ਮੁੱਦਾ ਉਠਾਉਂਦੀ ਆ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਮਾਮਲੇ ਨੂੰ ਲੰਮਾ ਖਿੱਚਣਾ ਚਾਹੁੰਦੀ ਹੈ, ਤਾਂ ਜੋ ਇਸ ਦਾ ਨਿਪਟਾਰਾ ਚੋਣਾਂ ਤੱਕ ਟਾਲਿਆ ਜਾ ਸਕੇ।
ਇਸ਼ਤਿਹਾਰਾਂ ’ਤੇ ਕਰੋੜਾਂ ਖ਼ਰਚਣ ਦੇ ਲਾਏ ਦੋਸ਼
ਢਿੱਲੋਂ ਨੇ ਸਰਕਾਰ ਦੀਆਂ ਤਰਜੀਹਾਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਕ ਪਾਸੇ ਮੁਲਾਜ਼ਮਾਂ ਨੂੰ ਡੀ.ਏ. ਦੇ ਬਕਾਏ ਨਹੀਂ ਦਿੱਤੇ ਜਾ ਰਹੇ, ਜਦਕਿ ਦੂਜੇ ਪਾਸੇ ਸਰਕਾਰੀ ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪ੍ਰਚਾਰ ’ਤੇ ਖ਼ਰਚ ਕਰਨ ਦੀ ਬਜਾਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਅਦਾਇਗੀ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਉਨ੍ਹਾਂ ਨੂੰ ਪੂਰਾ ਕਰਨ ਵਿਚ ਸਰਕਾਰ ਨਾਕਾਮ ਰਹੀ ਹੈ। ਢਿੱਲੋਂ ਨੇ ਕਿਹਾ ਕਿ ਡੀ.ਏ. ਦੇ ਬਕਾਏ ਦਾ ਮਸਲਾ ਸਰਕਾਰ ਦੇ ਮੁਲਾਜ਼ਮਾਂ ਪ੍ਰਤੀ ਰਵੱਈਏ ਨੂੰ ਉਜਾਗਰ ਕਰਦਾ ਹੈ ਅਤੇ ਇਸ ਬਾਰੇ ਸਰਕਾਰ ਨੂੰ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ।
ਨਸ਼ਿਆਂ ਤੇ ਕਾਨੂੰਨ-ਵਿਵਸਥਾ ਦੇ ਮੁੱਦੇ ’ਤੇ ਵੀ ਘੇਰਿਆ
ਭਾਜਪਾ ਦੇ ਸੂਬਾ ਪ੍ਰਧਾਨ ਨੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਲੈ ਕੇ ਵੀ ਸੂਬਾ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਨ੍ਹਾਂ ਮੁੱਦਿਆਂ ਸਮੇਤ ਕਈ ਮੋਰਚਿਆਂ ’ਤੇ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਹਿਣੀ ਅਤੇ ਕਰਨੀ ਵਿਚਲੇ ਫ਼ਰਕ ਨੂੰ ਲੈ ਕੇ ਲੋਕਾਂ ਵਿਚ ਸਵਾਲ ਉੱਠ ਰਹੇ ਹਨ।