ਐੱਸ. ਏ. ਐੱਸ. ਨਗਰ, 11 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਫੇਜ਼-8 ਸਥਿਤ ਗੁਰਦੁਆਰਾ ਲੰਬਿਆਂ ਸਾਹਿਬ ਦੇ ਸਾਹਮਣੇ ਵਾਲੇ ਪਾਰਕ ‘ਚ ਪਹਿਲਾ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਾਜ਼ਰੀ ਭਰਦਿਆਂ ਆਪਣੇ ਸੰਬੋਧਨ ਦੌਰਾਨ ਪੰਜਾਬ ਦੇ ਭਵਿੱਖ ਅਤੇ ਘਟਦੀ ਜਨਮ ਦਰ ‘ਤੇ ਗੰਭੀਰ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਛਾਣ ਅਤੇ ਹੋਂਦ ਨੂੰ ਬਚਾਉਣ ਲਈ ਪੰਜਾਬ ਦੇ ਹਿੰਦੂਆਂ ਅਤੇ ਸਿੱਖਾਂ ਨੂੰ ਇਕਜੁੱਟ ਹੋ ਕੇ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਵਿੱਖ ਦੀ ਰਾਖੀ ਲਈ ਪੰਜਾਬੀਆਂ ਨੂੰ ਖ਼ੁਦ ਅੱਗੇ ਆਉਣਾ ਪਵੇਗਾ। ਉਨ੍ਹਾਂ ਪੰਜਾਬੀ ਪਰਿਵਾਰਾਂ ‘ਚ ਇਕ ਹੀ ਬੱਚਾ ਹੋਣ ਦੇ ਵਧ ਰਹੇ ਰੁਝਾਨ ਨੂੰ ਵੀ ਚਿੰਤਾ ਦਾ ਵਿਸ਼ਾ ਦੱਸਿਆ। ਉਨ੍ਹਾਂ ਪੰਜਾਬ ਦੇ ਸਮਾਜਿਕ ਅਤੇ ਜਨਸੰਖਿਆ ਨਾਲ ਜੁੜੇ ਭਵਿੱਖ ਬਾਰੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸਾਨੂੰ ਸੇਵਾ, ਨਿਮਰਤਾ ਅਤੇ ਮਨੁੱਖਤਾ ਦੀ ਭਲਾਈ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਗੁਰਮਤਿ ਸਮਾਗਮ ਦਾ ਉਦੇਸ਼ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਧਰਮ ਦੀਆਂ ਮਹਾਨ ਪ੍ਰੰਪਰਾਵਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਵਲੋਂ ਦਰਸਾਏ ਗਏ ਮਾਰਗ ‘ਤੇ ਚੱਲਦਿਆਂ ਸਮਾਜ ‘ਚ ਆਪਸੀ ਭਾਈਚਾਰੇ, ਸਦਭਾਵਨਾ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਸਮਾਗਮ ‘ਚ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨੂੰ ਯਾਦ ਕੀਤਾ। ਗੁਰਮਤਿ ਸਮਾਗਮ ਦੇ ਪ੍ਰਬੰਧਾਂ ‘ਚ ਪਰਵਿੰਦਰ ਸਿੰਘ ਸੋਹਾਣਾ ਅਤੇ ਉਨ੍ਹਾਂ ਦੀ ਟੀਮ ਵਲੋਂ ਅਹਿਮ ਭੂਮਿਕਾ ਨਿਭਾਈ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਮਨਜੀਤ ਸਿੰਘ ਮਾਨ, ਸਰਬਜੀਤ ਸਿੰਘ ਪਾਰਸ, ਪ੍ਰਦੀਪ ਸਿੰਘ ਭਾਰਜ, ਇਸ਼ਪ੍ਰੀਤ ਸਿੰਘ ਵਿੱਕੀ, ਅਮਰਜੀਤ ਸਿੰਘ ਪਾਹਵਾ, ਗੁਰਚਰਨ ਸਿੰਘ ਨੰਨੜਾ, ਕਰਮ ਸਿੰਘ ਬਬਟਾ, ਪਰਮਜੀਤ ਸਿੰਘ ਗਿੱਲ, ਪ੍ਰੀਤਮ ਸਿੰਘ, ਜੋਗਿੰਦਰ ਸਿੰਘ ਸੋਢੀ, ਗੁਰਦਰਸ਼ਨ, ਦੀਪ ਸਿੰਘ, ਬਿਕਰਮ ਸਿੰਘ ਹੂੰਝਣ, ਨਰਿੰਦਰ ਸਿੰਘ ਸੰਧੂ, ਪਰਮਜੀਤ ਸਿੰਘ ਖੁਰਲ, ਸੁਰਿੰਦਰ ਸਿੰਘ, ਜਤਿੰਦਰ ਕੌਰ ਲੰਬੀਆਂ ਅਤੇ ਬਾਬਾ ਸੁਰਿੰਦਰ ਸਿੰਘ ਧੰਨਾ ਭਗਤ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।