ਐੱਸ. ਏ. ਐੱਸ. ਨਗਰ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਸਰਗਰਮ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ‘ਤੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ‘ਚ ਕਾਨੂੰਨ ਵਿਵਸਥਾ ਦੀ ਹਾਲਤ ਬੇਹੱਦ ਚਿੰਤਾਜਨਕ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਨਸ਼ਿਆਂ ਦੇ ਖ਼ਾਤਮੇ ਦੇ ਦਾਅਵੇ ਕਰਦੀ ਹੈ, ਉਹ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਦੀ ਸੁਰੱਖਿਆ ਵੀ ਯਕੀਨੀ ਨਹੀਂ ਬਣਾ ਸਕੀ। ਉਨ੍ਹਾਂ ਕਿਹਾ ਕਿ ਜਦੋਂ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਲਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹਕੀਕਤ ‘ਚ ਕਿੰਨੀ ਪ੍ਰਭਾਵਸ਼ਾਲੀ ਹੈ, ਇਹ ਸਵਾਲ ਅੱਜ ਪੰਜਾਬ ਦਾ ਹਰ ਪਰਿਵਾਰ ਪੁੱਛ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਖ਼ਾਤਮਾ ਸਿਰਫ਼ ਨਾਅਰਿਆਂ, ਇਸ਼ਤਿਹਾਰਾਂ ਅਤੇ ਸਿਆਸੀ ਬਿਆਨਾਂ ਨਾਲ ਨਹੀਂ ਹੋ ਸਕਦਾ, ਸਗੋਂ ਇਸ ਲਈ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ, ਪੁਲਿਸ ਪ੍ਰਸ਼ਾਸਨ ਦੀ ਜਵਾਬਦੇਹੀ ਅਤੇ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਲਾਜ਼ਮੀ ਹੈ। ਉਨ੍ਹਾਂ ਸੰਗਰੂਰ ਦੇ ਪਿੰਡ ਸ਼ੇਰੋਂ ਦੇ ਨੌਜਵਾਨ ਮੋਹਨਜੀਤ ਸਿੰਘ ਨਾਲ ਵਾਪਰੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਨਸ਼ਿਆਂ ਦੇ ਮੁੱਦੇ ‘ਤੇ ਆਵਾਜ਼ ਉਠਾਉਣ ਵਾਲੇ ਨੌਜਵਾਨ ਨਾਲ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਲੋਕਤੰਤਰੀ ਕਦਰਾਂ-ਕੀਮਤਾਂ ‘ਤੇ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਨਾਲ ਅਸਹਿਮਤੀ ਪ੍ਰਗਟ ਕਰਨਾ ਅਤੇ ਜਵਾਬ ਮੰਗਣਾ ਹਰ ਨਾਗਰਿਕ ਦਾ ਅਧਿਕਾਰ ਹੈ। ਇਸੇ ਦੌਰਾਨ ਸਿੱਧੂ ਨੇ ਗੁਲਜ਼ਾਰ ਸਿੰਘ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਨੂੰ ਵੀ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ‘ਤੇ ਇੰਨਾ ਤੰਗ ਪ੍ਰੇਸ਼ਾਨ ਕੀਤਾ ਗਿਆ ਕਿ ਉਸ ਨੇ ਸਲਫਾਸ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਇਸ ਮਾਮਲੇ ‘ਚ ਗੁਲਜ਼ਾਰ ਸਿੰਘ ਵਲੋਂ ਵੀਡੀਓ ਬਣਾ ਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ‘ਤੇ ਡਰਾਉਣ-ਧਮਕਾਉਣ ਦੇ ਦੋਸ਼ ਵੀ ਲਗਾਏ ਗਏ ਸਨ, ਜਿਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇ ਅਤੇ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਨਸ਼ਿਆਂ ਦੇ ਮੁੱਦੇ ‘ਤੇ ਸਿਆਸੀ ਪ੍ਰਚਾਰ ਕਰਨ ਦੀ ਬਜਾਏ ਠੋਸ ਕਾਰਵਾਈ ਕਰਨੀ ਚਾਹੀਦੀ ਹੈ।