‘ ਯੁੱਧ ਨਸ਼ਿਆਂ ਵਿਰੁੱਧ ’ ਦੇ ਨਾਂਅ ’ ਤੇ ਪੋਸਟਰਬਾਜ਼ੀ ਕਰਨ ਦੀ ਬਜਾਏ ਜ਼ਮੀਨੀ ਪੱਧਰ ’ ਤੇ ਠੋਸ ਕਾਰਵਾਈ ਕਰੇ ਸਰਕਾਰ - ਐਡਵੋਕੇਟ ਅਟਵਾਲ
ਖਰੜ, 19 ਅਕਤੂਬਰ (ਜੰਡਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਮੁਹਾਲੀ ਦੇ ਲੀਗਲ ਸੈੱਲ ਦੇ ਚੇਅਰਮੈਨ ਐਡਵੋਕੇਟ ਪੁਨੀਤ ਸਿੰਘ ਅਟਵਾਲ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ‘ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਘਟਨਾ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਜ਼ਮੀਨੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ‘ਦੀਵੇ ਥੱਲ੍ਹੇ ਹਨ੍ਹੇਰੇ ਵਾਲੀ’ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਮਾਲਵਾ ਖੇਤਰ ‘ਚ ਅਜਿਹੀ ਦੁੱਖਦਾਈ ਘਟਨਾ ਵਾਪਰੀ ਹੈ।
ਖਰੜ, 19 ਅਕਤੂਬਰ (ਜੰਡਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਮੁਹਾਲੀ ਦੇ ਲੀਗਲ ਸੈੱਲ ਦੇ ਚੇਅਰਮੈਨ ਐਡਵੋਕੇਟ ਪੁਨੀਤ ਸਿੰਘ ਅਟਵਾਲ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ‘ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਘਟਨਾ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਜ਼ਮੀਨੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ‘ਦੀਵੇ ਥੱਲ੍ਹੇ ਹਨ੍ਹੇਰੇ ਵਾਲੀ’ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਮਾਲਵਾ ਖੇਤਰ ‘ਚ ਅਜਿਹੀ ਦੁੱਖਦਾਈ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਵਿਅਕਤੀ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੋਸਟਰਾਂ, ਫਲੈਕਸਾਂ ਅਤੇ ਇਸ਼ਤਿਹਾਰਬਾਜ਼ੀ ਬੋਰਡਾਂ ‘ਤੇ ਵੱਡੀਆਂ ਰਕਮਾਂ ਖਰਚਣ ਦੀ ਬਜਾਏ ਇਨ੍ਹਾਂ ਸ੍ਰੋਤਾਂ ਦੀ ਵਰਤੋਂ ਜ਼ਮੀਨੀ ਪੱਧਰ ‘ਤੇ ਨਸ਼ਿਆਂ ਦੇ ਖ਼ਾਤਮੇ, ਨਸ਼ਾ ਤਸਕਰੀ ਵਿਰੁੱਧ ਕਾਰਵਾਈ ਅਤੇ ਸਮਾਜਿਕ ਕਾਰਕੁੰਨਾਂ ਦੀ ਸੁਰੱਖਿਆ ਲਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਚਾਰ ‘ਤੇ ਖ਼ਰਚੇ ਜਾਣ ਵਾਲੇ ਪੈਸੇ ਦਾ ਵੱਡਾ ਹਿੱਸਾ ਜ਼ਮੀਨੀ ਪੱਧਰ ‘ਤੇ ਲਗਾਇਆ ਜਾਂਦਾ ਤਾਂ ਸ਼ਾਇਦ ਅੱਜ ਹੋਰ ਬਿਹਤਰ ਨਤੀਜੇ ਸਾਹਮਣੇ ਹੁੰਦੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਪੋਸਟਰਾਂ ਅਤੇ ਨਾਅਰਿਆਂ ਨਾਲ ਨਹੀਂ, ਸਗੋਂ ਠੋਸ ਕਾਰਵਾਈ ਅਤੇ ਲੋਕਾਂ ਦਾ ਵਿਸ਼ਵਾਸ ਹਾਸਿਲ ਕਰਨ ਨਾਲ ਜਿੱਤੀ ਜਾ ਸਕਦੀ ਹੈ। ਉਨ੍ਹਾਂ ਸਰਕਾਰ ਤੋਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ।