ਅਪਰਾਧਿਕ ਪਿਛੋਕੜ ਵਾਲਿਆਂ ਦੇ ਅਸਲਾ ਲਾਇਸੈਂਸ ਰੱਦ ਕੀਤੇ ਜਾਣ - ਪਵਨ ਦੀਵਾਨ ਰਾਜਪਾਲ ਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ, ਸਾਰੇ ਲਾਇਸੈਂਸਾਂ ਦੀ ਸਮੀਖਿਆ ਬਾਰੇ ਕੀਤੀ ਮੰਗ
ਚੰਡੀਗੜ੍ਹ, 25 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ’ਚ ਲਾਇਸੈਂਸਸ਼ੁਦਾ ਹਥਿਆਰਾਂ ਦੀ ਕਥਿਤ ਦੁਰਵਰਤੋਂ ਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਪੰਜਾਬ ਦੇ ਰਾਜਪਾਲ ਅਤੇ ਡੀ. ਜੀ.
ਚੰਡੀਗੜ੍ਹ, 25 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ’ਚ ਲਾਇਸੈਂਸਸ਼ੁਦਾ ਹਥਿਆਰਾਂ ਦੀ ਕਥਿਤ ਦੁਰਵਰਤੋਂ ਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਪੰਜਾਬ ਦੇ ਰਾਜਪਾਲ ਅਤੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਸੂਬੇ ਭਰ ’ਚ ਜਾਰੀ ਕੀਤੇ ਗਏ ਅਸਲਾ ਲਾਇਸੈਂਸਾਂ ਦੀ ਮੁੜ ਸਮੀਖਿਆ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਲਾਇਸੈਂਸ ਧਾਰਕ ਵਿਰੁੱਧ ਅਪਰਾਧਿਕ ਮਾਮਲੇ ਦਰਜ਼ ਹਨ ਜਾਂ ਉਸ ਦੀ ਅਪਰਾਧਿਕ ਪਿਛੋਕੜ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਉਸ ਦੇ ਲਾਇਸੈਂਸ ਨੂੰ ਰੱਦ ਕਰਨ ਜਾਂ ਮੁਅੱਤਲ ਕਰਨ ਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਪਵਨ ਦੀਵਾਨ ਨੇ ਲੁਧਿਆਣਾ ’ਚ ਹਾਲ ਹੀ ਦੌਰਾਨ ਇਕ ਜਨਮ ਦਿਨ ਪਾਰਟੀ ਮੌਕੇ ਹੋਏ ਕਤਲ ਦੀ ਘਟਨਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਅਨੁਸਾਰ, ਇਸ ਮਾਮਲੇ ’ਚ ਇਕ ਪ੍ਰਸਿੱਧ ਛੋਲੇ-ਕੁਲਚੇ ਕਾਰੋਬਾਰੀ ਦੇ 34 ਸਾਲਾ ਪੁੱਤਰ ਦੀ ਹੱਤਿਆ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ ਅਤੇ ਕਥਿਤ ਤੌਰ ’ਤੇ ਲਾਇਸੈਂਸਸ਼ੁਦਾ ਹਥਿਆਰ ਦੀ ਵਰਤੋਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਪਿਛਲੇ ਸਾਲਾਂ ਦੌਰਾਨ ਜਾਰੀ ਕੀਤੇ ਗਏ ਸਾਰੇ ਅਸਲਾ ਲਾਇਸੈਂਸਾਂ ਦੀ ਪੜਾਅਵਾਰ ਜਾਂਚ ਕੀਤੀ ਜਾਵੇ ਅਤੇ ਲਾਇਸੈਂਸ ਜਾਰੀ ਹੋਣ ਤੋਂ ਬਾਅਦ ਅਪਰਾਧਿਕ ਮਾਮਲਿਆਂ ’ਚ ਸ਼ਾਮਲ ਹੋਏ ਵਿਅਕਤੀਆਂ ਦੀ ਪਛਾਣ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲਾਇਸੈਂਸਾਂ ਦੀ ਸਮੀਖਿਆ ਕਰਦਿਆਂ ਸਬੰਧਤ ਵਿਅਕਤੀਆਂ ਦੇ ਅਪਰਾਧਿਕ ਰਿਕਾਰਡ, ਉਨ੍ਹਾਂ ਵਿਰੁੱਧ ਚੱਲ ਰਹੀ ਜਾਂਚ ਅਤੇ ਹੋਰ ਸਬੰਧਤ ਤੱਥਾਂ ਨੂੰ ਧਿਆਨ ’ਚ ਰੱਖਿਆ ਜਾਣਾ ਚਾਹੀਦਾ ਹੈ। ਪਵਨ ਦੀਵਾਨ ਨੇ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਉਨ੍ਹਾਂ ਦੇ ਨਵੀਨੀਕਰਨ ਦੀ ਪ੍ਰਕਿਰਿਆ ਨੂੰ ਵੀ ਹੋਰ ਸਖ਼ਤ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹਥਿਆਰ ਰੱਖਣ ਦੀ ਇਜਾਜ਼ਤ ਦੇਣ ਸਮੇਂ ਜਨਤਕ ਸੁਰੱਖਿਆ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ ਅਤੇ ਲਾਇਸੈਂਸ ਧਾਰਕਾਂ ਦੀ ਸਮੇਂ-ਸਮੇਂ ’ਤੇ ਜਾਂਚ ਹੋਣੀ ਚਾਹੀਦੀ ਹੈ। ਹਥਿਆਰਾਂ ਦੀ ਦੁਰਵਰਤੋਂ ਰੋਕਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਪ੍ਰਸ਼ਾਸਨ ਨੂੰ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਰਾਜਪਾਲ ਅਤੇ ਡੀ.ਜੀ.ਪੀ. ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੂਬੇ ਭਰ ’ਚ ਅਸਲਾ ਲਾਇਸੈਂਸਾਂ ਦੀ ਸਮੀਖਿਆ ਲਈ ਲੋੜੀਂਦੀ ਕਾਰਵਾਈ ਕਰਨਗੇ।