ਪਿੰਡ ਪਰਾਗਪੁਰ ਸਮੇਤ ਅੱਧੀ ਦਰਜਨ ਪਿੰਡਾਂ ਨੂੰ ਜਾਂਦੀ ਸੜਕ ਦੀ ਹਾਲਤ ਹੋਈ ਖਸਤਾ ਕਈ ਥਾਵਾਂ ਤੋਂ ਟੁੱਟੀ ਸੜਕ ਨੇ ਰਾਹਗੀਰਾਂ ਦਾ ਸਫ਼ਰ ਕੀਤਾ ਔਖਾ
ਡੇਰਾਬੱਸੀ, 22 ਅਕਤੂਬਰ (ਗੁਰਮੀਤ ਸਿੰਘ)-ਡੇਰਾਬੱਸੀ ਖੇਤਰ ’ਚ ਸੜਕਾਂ ਦੀ ਹਾਲਤ ਖਸਤਾ ਹੋਣ ਕਾਰਨ ਲੋਕ ਡਾਹਢੇ ਪ੍ਰੇਸ਼ਾਨ ਹਨ। ਪਿੰਡ ਪਰਾਗਪੁਰ ਸਮੇਤ ਅੱਧੀ ਦਰਜਨ ਪਿੰਡਾਂ ਨੂੰ ਜਾਣ ਵਾਲੀ ਸੜਕ ਦੇ ਕਈ ਥਾਵਾਂ ਤੋਂ ਟੁੱਟੀ ਹੋਣ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਡੇਰਾਬੱਸੀ, 22 ਅਕਤੂਬਰ (ਗੁਰਮੀਤ ਸਿੰਘ)-ਡੇਰਾਬੱਸੀ ਖੇਤਰ ’ਚ ਸੜਕਾਂ ਦੀ ਹਾਲਤ ਖਸਤਾ ਹੋਣ ਕਾਰਨ ਲੋਕ ਡਾਹਢੇ ਪ੍ਰੇਸ਼ਾਨ ਹਨ। ਪਿੰਡ ਪਰਾਗਪੁਰ ਸਮੇਤ ਅੱਧੀ ਦਰਜਨ ਪਿੰਡਾਂ ਨੂੰ ਜਾਣ ਵਾਲੀ ਸੜਕ ਦੇ ਕਈ ਥਾਵਾਂ ਤੋਂ ਟੁੱਟੀ ਹੋਣ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਂਹ ਪੈਣ ਤੋਂ ਬਾਅਦ ਸੜਕ ’ਤੇ ਬਣੇ ਟੋਇਆਂ ’ਚ ਪਾਣੀ ਭਰ ਜਾਂਦਾ ਹੈ, ਜਿਸ ਕਾਰਨ ਵਾਹਨ ਚਾਲਕਾਂ ਨੂੰ ਟੋਇਆਂ ਦੀ ਡੂੰਘਾਈ ਦਾ ਅੰਦਾਜ਼ਾ ਨਾ ਹੋਣ ਕਾਰਨ ਉਹ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਵਲੋਂ ਸਮੇਂ ਸਿਰ ਸੜਕ ਦੀ ਮੁਰੰਮਤ ਵੱਲ ਧਿਆਨ ਨਹੀਂ ਦਿੱਤਾ ਜਾਂਦਾ, ਜਿਸ ਕਾਰਨ ਛੋਟੇ-ਛੋਟੇ ਟੋਏ ਹੌਲੀ-ਹੌਲੀ ਵੱਡੇ ਖੱਡਿਆਂ ’ਚ ਤਬਦੀਲ ਹੋ ਜਾਂਦੇ ਹਨ, ਜਿਸ ਨਾਲ ਸੜਕ ਦੀ ਹਾਲਤ ਹੋਰ ਖ਼ਰਾਬ ਹੁੰਦੀ ਜਾਂਦੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸ਼ੁਰੂਆਤੀ ਪੜਾਅ ’ਤੇ ਹੀ ਮੁਰੰਮਤ ਕਰਵਾ ਦਿੱਤੀ ਜਾਵੇ ਤਾਂ ਸਰਕਾਰੀ ਖ਼ਜ਼ਾਨੇ ਦੇ ਲੱਖਾਂ ਰੁ. ਬਚ ਸਕਦੇ ਹਨ। ਇਸ ਤੋਂ ਇਲਾਵਾ ਇਸ ਸੜਕ ’ਤੇ ਰੌਸ਼ਨੀ ਦਾ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਸ਼ਾਮ ਹੁੰਦਿਆਂ ਹੀ ਚਾਰੇ ਪਾਸੇ ਹਨ੍ਹੇਰਾ ਪਸਰ ਜਾਂਦਾ ਹੈ। ਟੁੱਟੀ ਸੜਕ ਅਤੇ ਹਨ੍ਹੇਰੇ ਕਾਰਨ ਪੈਦਲ ਚੱਲਣ ਵਾਲਿਆਂ ਅਤੇ ਦੋ-ਪਹੀਆ ਵਾਹਨ ਚਾਲਕਾਂ ਨੂੰ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਅਨੁਸਾਰ ਇਸ ਸੜਕ ’ਤੇ ਹਰ ਸਮੇਂ ਹਾਦਸਿਆਂ ਦਾ ਖਦਸ਼ਾ ਬਣਿਆ ਰਹਿੰਦਾ ਹੈ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੜਕ ਦੀ ਹਾਲਤ ’ਚ ਸੁਧਾਰ ਲਈ ਤੁਰੰਤ ਕਦਮ ਚੁੱਕੇ ਜਾਣ ਅਤੇ ਰੌਸ਼ਨੀ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ।