ਐੱਸ. ਏ. ਐੱਸ. ਨਗਰ, 29 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਮੁਹਾਲੀ ਵਿਧਾਨ ਸਭਾ ਹਲਕੇ ਦੇ ਪਿੰਡ ਕੁਰੜਾ ਵਿਖੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਹੱਕ ‘ਚ ਮਨਦੀਪ ਸਿੰਘ ਵਲੋਂ ਆਪਣੇ ਸਾਥੀਆਂ ਸਮੇਤ ਮੀਟਿੰਗ ਕੀਤੀ ਗਈ। ਇਸ ਦੌਰਾਨ ਪੰਜਾਬ ਮਿਸ਼ਨ 2027 ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਬੇਦੀ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪਿੰਡ ਦੇ ਵੱਖ-ਵੱਖ ਮੁੱਦਿਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਵੀ ਵਿਸਥਾਰ ਸਹਿਤ ਚਰਚਾ ਕੀਤੀ ਗਈ। ਇਸ ਮੌਕੇ ਮਨਦੀਪ ਸਿੰਘ ਨੇ ਕਿਹਾ ਕਿ ਕੁਲਜੀਤ ਸਿੰਘ ਬੇਦੀ ਇਕ ਵਧੀਆ ਅਤੇ ਲੋਕਾਂ ਨਾਲ ਜੁੜੇ ਰਹਿਣ ਵਾਲੇ ਆਗੂ ਹਨ। ਉਹ ਹਮੇਸ਼ਾ ਲੋਕਾਂ ਨੂੰ ਨਾਲ ਲੈ ਕੇ ਚੱਲਦੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਦੇ ਹਨ। ਇਸ ਮੌਕੇ ਪਿੰਡ ਵਾਸੀਆਂ ਨੇ ਬੇਦੀ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਹ ਪਿੰਡ ਵਾਸੀਆਂ ਵਲੋਂ ਦਿੱਤੇ ਗਏ ਪਿਆਰ, ਸਤਿਕਾਰ ਅਤੇ ਸਮਰਥਨ ਲਈ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਹੀ ਲੋਕ ਹਿੱਤ ਨੂੰ ਪਹਿਲ ਦਿੱਤੀ ਹੈ ਅਤੇ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਹੈ। ਇਥੋਂ ਤੱਕ ਕੇ ਲੋਕ ਹਿੱਤ ‘ਚ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਗੁਰੇਜ਼ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਰਾਜਨੀਤੀ ਕਰਨਾ ਨਹੀਂ, ਸਗੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਢੁਕਵਾਂ ਹੱਲ ਕੱਢਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਨ ‘ਤੇ ਇਲਾਕੇ ਦੇ ਪਿੰਡਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਗਗਨਦੀਪ ਸਿੰਘ ਗਗਨ ਧਾਲੀਵਾਲ ਫੇਜ਼-7 ਮੁਹਾਲੀ, ਅਜੈਬ ਸਿੰਘ ਬਾਕਰਪੁਰ ਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।