ਐੱਸ. ਏ. ਐੱਸ. ਨਗਰ, 10 ਨਵੰਬਰ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਮੌਕੇ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਸਤਨਾਮ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਗਵਾਲੀਅਰ ਦੇ ਕਿਲ੍ਹੇ ‘ਚੋਂ 52 ਪਹਾੜੀ ਰਾਜਿਆਂ ਨੂੰ ਮੁਗਲ ਬਾਦਸ਼ਾਹ ਜਹਾਂਗੀਰ ਦੀ ਕੈਦ ‘ਚੋਂ ਮੁਕਤ ਕਰਵਾਉਣ ਦੇ ਪ੍ਰਸੰਗ ਨੂੰ ਢਾਡੀ ਵਾਰਾਂ ‘ਚ ਸੰਗਤਾਂ ਨੂੰ ਵਿਸਥਾਰ ਸਹਿਤ ਸੁਣਾਇਆ। ਇਸ ਤੋਂ ਬਾਅਦ ਭਾਈ ਗੁਰਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਵਾਲਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ, ਜਦਕਿ ਸ਼੍ਰੋਮਣੀ ਪ੍ਰਚਾਰਕ ਭਾਈ ਮੇਜਰ ਸਿੰਘ ਸ੍ਰੀ ਤਰਨਤਾਰਨ ਸਾਹਿਬ ਵਾਲਿਆਂ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਗਵਾਲੀਅਰ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪਹੁੰਚਣ ‘ਤੇ ਸੰਗਤਾਂ ਵਲੋਂ ਦੀਪਮਾਲਾ ਕੀਤੇ ਜਾਣ ਦਾ ਪ੍ਰਸੰਗ ਵਿਸਥਾਰ ਸਹਿਤ ਸੁਣਾਇਆ। ਇਸੇ ਦੌਰਾਨ ਭਾਈ ਬਲਵਿੰਦਰ ਸਿੰਘ ਕੋਤਵਾਲੀ ਸਾਹਿਬ ਮੋਰਿੰਡਾ, ਭਾਈ ਗੁਰਜੰਟ ਸਿੰਘ ਪਟਿਆਲਾ, ਭਾਈ ਬਲਜਿੰਦਰ ਸਿੰਘ ਸ੍ਰੀ ਫ਼ਤਹਿਗੜ੍ਹ ਸਾਹਿਬ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥੇ, ਭਾਈ ਰਾਜਵਿੰਦਰ ਸਿੰਘ ਸਮਰਾਲੇ ਵਾਲਿਆਂ, ਭਾਈ ਗੁਰਸੇਵਕ ਸਿੰਘ ਨਾਢਾ ਸਾਹਿਬ ਵਾਲਿਆਂ, ਭਾਈ ਸੁਖਵਿੰਦਰ ਸਿੰਘ ਦੇ ਮੀਰੀ-ਪੀਰੀ ਕੀਰਤਨੀ ਜਥੇ ਤੇ ਭਾਈ ਜਸਵਿੰਦਰ ਸਿੰਘ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਤੇ ਭਾਈ ਹਰਬਖਸ਼ ਸਿੰਘ ਦੇ ਜਥਿਆਂ ਨੇ ਕਥਾ , ਕੀਰਤਨ, ਕਵੀਸ਼ਰੀ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਬੰਦੀ ਛੋੜ ਦਿਵਸ ਦੀ ਖੁਸ਼ੀ ‘ਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ, ਜਦਕਿ ਮੁੱਖ ਗੇਟ ਤੋਂ ਲੈ ਕੇ ਦਰਬਾਰ ਸਾਹਿਬ ਤੱਕ ਦੇ ਪੂਰੇ ਰਸਤੇ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਸੀ। ਬੰਦੀ ਛੋੜ ਦਿਵਸ ਦੀ ਖੁਸ਼ੀ ‘ਚ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ।