ਐੱਸ. ਏ. ਐੱਸ. ਨਗਰ, 11 ਨਵੰਬਰ (ਪ੍ਰੋ. ਅਵਤਾਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਸੰਗਰੂਰ ਵਿਖੇ ਇਨਸਾਫ਼ ਰੈਲੀ ਦੌਰਾਨ ਦਿੱਤੇ ਗਏ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਪੰਜਾਬ ਮੰਗਦਾ ਇਨਸਾਫ਼ ’ ਤਹਿਤ ਪਹਿਲੀ ਮੀਟਿੰਗ ਅੱਜ ਹਲਕਾ ਮੁਹਾਲੀ ਵਿਖੇ ਹੋਈ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਵਰਕਿੰਗ ਪ੍ਰਧਾਨ ਰਾਜ ਕੁਮਾਰ ਵੇਰਕਾ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪੰਜਾਬ ਦੇ ਮੌਜੂਦਾ ਹਾਲਾਤਾਂ, ਨਸ਼ਿਆਂ, ਵਿਗੜ ਰਹੀ ਕਾਨੂੰਨ ਵਿਵਸਥਾ, ਭ੍ਰਿਸ਼ਟਾਚਾਰ ਅਤੇ ਲੋਕਾਂ ਨਾਲ ਹੋ ਰਹੀ ਕਥਿਤ ਧੱਕੇਸ਼ਾਹੀ ਦੇ ਮਾਮਲਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਉਲੀਕੀ ਗਈ। ਇਸ ਮੌਕੇ ਸੂਬਾ ਪ੍ਰਧਾਨ ਪਰਗਟ ਸਿੰਘ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਅੱਜ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਨਸ਼ਿਆਂ ਦਾ ਪਸਾਰਾ, ਅਪਰਾਧਾਂ ‘ਚ ਵਾਧਾ ਅਤੇ ਵਿਗੜਦੀ ਕਾਨੂੰਨ ਵਿਵਸਥਾ ਸਰਕਾਰ ਦੇ ਦਾਅਵਿਆਂ ਦੀ ਅਸਲੀਅਤ ਬਿਆਨ ਕਰ ਰਹੇ ਹਨ। ਪਰਗਟ ਸਿੰਘ ਨੇ ਬਲਬੀਰ ਸਿੰਘ ਸਿੱਧੂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਹਲਕਾ ਮੁਹਾਲੀ ਦੇ ਲੋਕਾਂ ਦੇ ਦਿਲਾਂ ‘ਚ ਵਸਦੇ ਹਨ ਅਤੇ ਲੋਕਾਂ ਨਾਲ ਉਨ੍ਹਾਂ ਦਾ ਲੰਮੇ ਸਮੇਂ ਤੋਂ ਗੂੜ੍ਹਾ ਰਿਸ਼ਤਾ ਹੈ। ਇਸੇ ਦੌਰਾਨ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁਹਾਲੀ ‘ਚ ‘ਆਪ’ ਨੇ ਗਮਾਡਾ ਵਰਗੇ ਮਹੱਤਵਪੂਰਨ ਅਦਾਰੇ ਨੂੰ ਵੀ ਕਮਾਈ ਦਾ ਸਾਧਨ ਬਣਾ ਕੇ ਰੱਖ ਦਿੱਤਾ ਹੈ। ਸਰਕਾਰੀ ਸੰਸਥਾਵਾਂ ਲੋਕਾਂ ਦੀ ਭਲਾਈ ਅਤੇ ਸ਼ਹਿਰ ਦੇ ਵਿਕਾਸ ਲਈ ਹੁੰਦੀਆਂ ਹਨ, ਨਾ ਕਿ ਕਿਸੇ ਦੀ ਨਿੱਜੀ ਕਮਾਈ ਲਈ। ਇਸੇ ਦੌਰਾਨ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਦੌਰਾਨ ਮੁਹਾਲੀ ਦੇ ਮੌਜੂਦਾ ਵਿਧਾਇਕ ਕੁਲਵੰਤ ਸਿੰਘ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਹਲਕੇ ‘ਚ ਸਿਆਸੀ ਧੱਕੇਸ਼ਾਹੀ ਤੇ ਗੁੰਡਾਗਰਦੀ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਮੀਟਿੰਗ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵਲੋਂ ਨਿਭਾਈ ਗਈ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਬਰਨਾਲਾ ਤੋਂ ਵਿਧਾਇਕ ਕਾਲਾ ਢਿੱਲੋਂ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਹਲਕਾ ਖਰੜ ਦੇ ਇੰਚਾਰਜ ਵਿਜੇ ਸ਼ਰਮਾ ਟਿੰਕੂ, ਦੀਪਇੰਦਰ ਸਿੰਘ ਢਿੱਲੋਂ, ਬਲਜੀਤ ਕੌਰ, ਰਣਜੀਤ ਸਿੰਘ ਜੀਤੀ ਪਡਿਆਲਾ, ਬਲਵਿੰਦਰ ਸਿੰਘ ਲਾਡੀ ਅਤੇ ਅਵਤਾਰ ਸਿੰਘ ਬਾਵਾ ਹੈਨਰੀ ਆਦਿ ਹਾਜ਼ਰ ਸਨ।