ਐੱਸ. ਏ. ਐੱਸ. ਨਗਰ, 20 ਨਵੰਬਰ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋਕ ਪੱਖੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਕੇ ਲੋਕਾਂ ਨੂੰ ਉਨ੍ਹਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ‘ਮੇਰਾ ਘਰ ਮੇਰੇ ਨਾਮ’ ਸਕੀਮ ਅਧੀਨ ਪਿੰਡ ਮਨਾਣਾ ਤੇ ਗੋਬਿੰਦਗੜ੍ਹ ਦੇ ਲਾਲ ਡੋਰੇ ਅੰਦਰਲੇ ਵਸਨੀਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਮਾਲਕੀ ਹੱਕਾਂ ਦੇ ਪੱਤਰ ਵੰਡੇ ਗਏ। ਇਸ ਦੌਰਾਨ ਮੁਹਾਲੀ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਪਿੰਡ ਮਨਾਣਾ ਵਿਖੇ 166 ਅਤੇ ਪਿੰਡ ਗੋਬਿੰਦਗੜ੍ਹ ਵਿਖੇ 538 ਲਾਭਪਾਤਰੀਆਂ ਨੂੰ ਜਾਇਦਾਦਾਂ ਦੇ ਮਾਲਕੀ ਹੱਕਾਂ ਦੇ ਪੱਤਰ ਵੰਡਣ ਦੀ ਰਸਮ ਅਦਾ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਵੀ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮਾਲਕੀ ਹੱਕਾਂ ਦੇ ਪੱਤਰ ਦਿੱਤੇ ਜਾਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਆਪਣੀਆਂ ਜਾਇਦਾਦਾਂ ਦੇ ਮਾਲਕੀ ਹੱਕ ਹਾਸਿਲ ਕਰਨ ਲਈ ਲੰਮਾ ਸਮਾਂ ਉਡੀਕ ਕਰਨੀ ਪਈ ਅਤੇ ਪਿਛਲੀਆਂ ਸਰਕਾਰਾਂ ਵਲੋਂ ਉਨ੍ਹਾਂ ਦੀ ਇਸ ਮੰਗ ਦਾ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਦੀ ਇਸ ਸਮੱਸਿਆ ਨੂੰ ਸਮਝਦਿਆਂ ਉਨ੍ਹਾਂ ਨੂੰ ਮਾਲਕੀ ਹੱਕ ਦਿਵਾਉਣ ਦੀ ਪਹਿਲ ਕੀਤੀ ਹੈ। ਇਸ ਮੌਕੇ ਕੁਲਦੀਪ ਸਿੰਘ ਸਮਾਣਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਤਹਿਸੀਲਦਾਰ ਮਨਦੀਪ ਸਿੰਘ, ਪਟਵਾਰੀ ਦੌਲਤ ਰਾਮ , ਪਿੰਡ ਮਨਾਣਾ ਦੀ ਸਰਪੰਚ ਰਣਜੀਤ ਕੌਰ, ਮਨਪ੍ਰੀਤ ਸਿੰਘ ਮਨਾਣਾ, ਪਿੰਡ ਗੋਬਿੰਦਗੜ੍ਹ ਦੇ ਸਰਪੰਚ ਕਰਮਾ ਪੁਰੀ, ਜਗਜੀਤ ਸਿੰਘ ਜੱਗੀ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਹਮੀਦ ਖਾਨ, ਨੇਹਾ ਬਜਾਜ, ਮਨਪ੍ਰੀਤ ਸਿੰਘ ਮਨੀ, ਅਮਰਜੀਤ ਸਿੰਘ ਸਿੱਧੂ ਅਤੇ ਜੈਲੀ ਗੋਬਿੰਦਗੜ੍ਹ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।