ਸੜਕ ਹਾਦਸੇ ’ਚ ਇਕਬਾਲ ਟੀ.ਵੀ. ਸੈਂਟਰ ਦੇ ਮਾਲਕ ਦੀ ਮੌਤ ਦਾ ਮਾਮਲਾ
ਪਰਿਵਾਰਕ ਮੈਂਬਰਾਂ ਨੇ ਪੁਲਿਸ ਦੀ ਹੁਣ ਤੱਕ ਦੀ ਕਾਰਵਾਈ ’ਤੇ ਅਸੰਤੁਸ਼ਟੀ ਪ੍ਰਗਟਾਈ
ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ) - ਫ਼ਤਿਹਗੜ੍ਹ ਚੂੜੀਆਂ ’ਚ ਪੁਰਾਣੇ ਬੱਸ ਅੱਡੇ ਨੇੜੇ ਵਾਪਰੇ ਸੜਕ ਹਾਦਸੇ ’ਚ ਇਕਬਾਲ ਟੀ. ਵੀ.
ਮ
ਮ੍ਰਿਤਕ ਇਕਬਾਲ ਸਿੰਘ
24-11-2026
ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ) - ਫ਼ਤਿਹਗੜ੍ਹ ਚੂੜੀਆਂ ’ਚ ਪੁਰਾਣੇ ਬੱਸ ਅੱਡੇ ਨੇੜੇ ਵਾਪਰੇ ਸੜਕ ਹਾਦਸੇ ’ਚ ਇਕਬਾਲ ਟੀ.ਵੀ. ਸੈਂਟਰ ਦੇ ਮਾਲਕ ਦੀ ਮੌਤ ਦਾ ਮਾਮਲਾ ਹੁਣ ਪੁਲਿਸ ਕਾਰਵਾਈ ਨੂੰ ਲੈ ਕੇ ਚਰਚਾ ਵਿਚ ਹੈ। ਮ੍ਰਿਤਕ ਦੇ ਪਰਿਵਾਰ ਨੇ ਟਰੈਕਟਰ-ਟਰਾਲੀ ਚਾਲਕ ਦੇ ਨਸ਼ੇ ’ਚ ਹੋਣ ਦਾ ਦੋਸ਼ ਲਗਾਉਂਦਿਆਂ ਮੈਡੀਕਲ ਜਾਂਚ ਤੇ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ’ਤੇ ਨਿਰਪੱਖ ਤਫ਼ਤੀਸ਼ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ 18 ਨਵੰਬਰ ਦੀ ਰਾਤ ਕਰੀਬ 8:30 ਵਜੇ ਫ਼ਤਿਹਗੜ੍ਹ ਚੂੜੀਆਂ ਦੇ ਪੁਰਾਣੇ ਬੱਸ ਅੱਡੇ ਨੇੜੇ ਇਕ ਚਿੱਟੇ ਰੰਗ ਦੀ ਮਾਰੂਤੀ ਸਵਿਫਟ ਕਾਰ ਨੂੰ ਗ਼ਲਤ ਦਿਸ਼ਾ ਤੋਂ ਆ ਰਹੀ ਟਰੈਕਟਰ-ਟਰਾਲੀ ਨੇ ਟੱਕਰ ਮਾਰ ਦਿੱਤੀ। ਕਾਰ ’ਚ ਸਵਾਰੀ ਵਜੋਂ ਬੈਠੇ 63 ਸਾਲਾ ਇਕਬਾਲ ਟੀ.ਵੀ. ਸੈਂਟਰ ਦੇ ਮਾਲਕ ਇਸ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਰਾਤ ਕਰੀਬ 11:30 ਵਜੇ ਉਨ੍ਹਾਂ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਫ਼ਤਿਹਗੜ੍ਹ ਚੂੜੀਆਂ ਵਿਖੇ ਐੱਫ.ਆਈ . ਆਰ. ਦਰਜ ਕੀਤੀ ਗਈ ਹੈ। ਹਾਲਾਂਕਿ, ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਦੀ ਹੁਣ ਤੱਕ ਦੀ ਕਾਰਵਾਈ ’ਤੇ ਅਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਪੁਲਿਸ ਵਲੋਂ ਸਿਰਫ਼ ਟਰੈਕਟਰ ਤੇ ਟਰਾਲੀ ਨੂੰ ਹੀ ਕਬਜ਼ੇ ਵਿਚ ਲਿਆ ਗਿਆ ਹੈ ਜਦਕਿ ਕਥਿਤ ਦੋਸ਼ੀ ਚਾਲਕ ਵਿਰੁੱਧ ਕੋਈ ਠੋਸ ਕਾਰਵਾਈ ਹੁੰਦੀ ਦਿਖਾਈ ਨਹੀਂ ਦੇ ਰਹੀ। ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਹਾਦਸੇ ਸਮੇਂ ਟਰੈਕਟਰ-ਟਰਾਲੀ ਦਾ ਚਾਲਕ ਨਸ਼ੇ ਦੀ ਹਾਲਤ ਵਿਚ ਸੀ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਪਹਿਲੂ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਤੇ ਹਾਦਸੇ ਨਾਲ ਸਬੰਧਤ ਮੈਡੀਕਲ ਤੇ ਫੋਰੈਂਸਿਕ ਸਬੂਤਾਂ ਦੀ ਪੜਤਾਲ ਕਰਵਾਈ ਜਾਵੇ। ਪਰਿਵਾਰ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਕਿਤੇ ਕਿਸੇ ਦਬਾਅ ਹੇਠ ਕਥਿਤ ਦੋਸ਼ੀ ਨੂੰ ਬਚਾਉਣ ਦੀ ਕੋਸ਼ਿਸ਼ ਤਾਂ ਨਹੀਂ ਕੀਤੀ ਜਾ ਰਹੀ। ਪਰਿਵਾਰਕ ਮੈਂਬਰਾਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਹਾਦਸੇ ਵਾਲੀ ਥਾਂ ਤੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਹਾਸਲ ਕਰਕੇ ਜਾਂਚ ਕੀਤੀ ਜਾਵੇ। ਇਸ ਤੋਂ ਇਲਾਵਾ ਚਸ਼ਮਦੀਦ ਗਵਾਹਾਂ ਦੇ ਬਿਆਨ ਦਰਜ ਕਰਨ ਅਤੇ ਹਾਦਸੇ ਦੇ ਸਾਰੇ ਪਹਿਲੂਆਂ ਦੀ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਜਾਂਚ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ ਗਈ ਹੈ। ਪਰਿਵਾਰਕ ਮੈਂਬਰਾਂ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਜੀ ਸਿਰਫ਼ ਪਰਿਵਾਰ ਦਾ ਸਹਾਰਾ ਹੀ ਨਹੀਂ ਸਨ, ਸਗੋਂ ਇਕਬਾਲ ਟੀ.ਵੀ. ਸੈਂਟਰ ਰਾਹੀਂ ਉਨ੍ਹਾਂ ਨੇ ਇਲਾਕੇ ਵਿਚ ਆਪਣੀ ਵੱਖਰੀ ਪਛਾਣ ਤੇ ਸਤਿਕਾਰ ਬਣਾਇਆ ਹੋਇਆ ਸੀ। ਉਨ੍ਹਾਂ ਕਿਹਾ ਕਿ ਪਿਤਾ ਦੀ ਮੌਤ ਦਾ ਕੋਈ ਮੁਆਵਜ਼ਾ ਨਹੀਂ ਹੋ ਸਕਦਾ, ਪਰ ਉਹ ਇਸ ਮਾਮਲੇ ਵਿਚ ਇਨਸਾਫ਼ ਚਾਹੁੰਦੇ ਹਨ। ਉਨ੍ਹਾਂ ਦੀ ਮੰਗ ਹੈ ਕਿ ਜਾਂਚ ਨੂੰ ਕਿਸੇ ਵੀ ਤਰ੍ਹਾਂ ਦੇ ਦਬਾਅ ਤੋਂ ਮੁਕਤ ਰੱਖਿਆ ਜਾਵੇ ਤੇ ਜਾਂਚ ਦੌਰਾਨ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਪੀੜਤ ਪਰਿਵਾਰ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਵਿਚ ਤੁਰੰਤ ਦਖ਼ਲ ਦੇ ਕੇ ਨਿਰਪੱਖ ਜਾਂਚ ਤੇ ਇਨਸਾਫ਼ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।