ਐੱਸ. ਏ. ਐੱਸ. ਨਗਰ, 25 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਵਰਗ ਦੀਆਂ ਲੋੜਾਂ ਅਤੇ ਜ਼ਰੂਰਤਾਂ ਅਨੁਸਾਰ ਲੋਕ ਭਲਾਈ ਸਕੀਮਾਂ ਲਾਗੂ ਕਰਕੇ ਲੋਕਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਫੇਜ਼-6 ਦੇ 27 ਅਲਾਟੀਆਂ ਨੂੰ ਪ੍ਰਾਪਰਟੀ ਕਾਰਡ ਤਕਸੀਮ ਕੀਤੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਮੁਹਾਲੀ ਦੇ ਫੇਜ਼-6 ਅਤੇ ਫੇਜ਼-9 ਵਿਚ ਸਬਸਿਡਾਈਜ਼ਡ ਇੰਡਸਟਰੀਅਲ ਹਾਊਸਿੰਗ ਸਕੀਮ ਤਹਿਤ ਕ੍ਰਮਵਾਰ 114 ਅਤੇ 132 ਮਕਾਨ ਹਨ। ਫੇਜ਼-6 ਦੇ 2 7 ਅਲਾਟੀਆਂ ਨੂੰ ਅੱਜ ਪ੍ਰਾਪਰਟੀ ਕਾਰਡ ਸੌਂਪੇ ਗਏ ਹਨ, ਜਦਕਿ ਬਾਕੀ ਅਲਾਟੀਆਂ ਨੂੰ ਵੀ ਇਹ ਕਾਰਡ ਜਾਰੀ ਕਰਨ ਲਈ ਕਿਰਤ ਵਿਭਾਗ ਵਲੋਂ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦ ਹੀ ਪ੍ਰਾਪਰਟੀ ਕਾਰਡ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਅਜਿਹੀ ਪਹਿਲਕਦਮੀ ਰਾਹੀਂ ਉਨ੍ਹਾਂ ਲੋਕਾਂ ਨੂੰ ਮਕਾਨਾਂ ਦੇ ਮਾਲਕੀ ਹੱਕ ਦਿੱਤੇ ਜਾ ਰਹੇ ਹਨ, ਜੋ ਪਿਛਲੇ 30-30 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਇਨ੍ਹਾਂ ਮਕਾਨਾਂ ਵਿਚ ਰਹਿ ਰਹੇ ਸਨ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਲੋਕ ਆਪਣੇ ਹੀ ਮਕਾਨਾਂ ਵਿਚ ਕਿਰਾਏਦਾਰਾਂ ਵਾਂਗ ਰਹਿਣ ਲਈ ਮਜ਼ਬੂਰ ਸਨ, ਪਰ ਹੁਣ ਪ੍ਰਾਪਰਟੀ ਕਾਰਡ ਮਿਲਣ ਨਾਲ ਉਹ ਆਪਣੇ ਮਕਾਨਾਂ ਦੇ ਕਾਨੂੰਨੀ ਮਾਲਕ ਬਣਨ ਵੱਲ ਵਧ ਰਹੇ ਹਨ। ਵਿਧਾਇਕ ਨੇ ਇਸ ਸਕੀਮ ਦਾ ਲਾਭ ਪ੍ਰਾਪਤ ਕਰਨ ਵਾਲੇ ਅਲਾਟੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਵਰਗ, ਹਰ ਖੇਤਰ ਅਤੇ ਹਰ ਧਰਮ ਦੇ ਲੋਕਾਂ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ। ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿਚ ਕਿਸੇ ਵੀ ਤਰ੍ਹਾਂ ਦਾ ਪੱਖਪਾਤ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਸਬਸਿਡਾਈਜ਼ਡ ਇੰਡਸਟਰੀਅਲ ਹਾਊਸਿੰਗ ਸਕੀਮ ਤਹਿਤ ਪੂਰੇ ਪੰਜਾਬ ਵਿਚ ਕੁੱਲ 1,950 ਮਕਾਨ ਹਨ, ਜਿਨ੍ਹਾਂ ਵਿਚੋਂ 114 ਫੇਜ਼-6 ਅਤੇ 132 ਫੇਜ਼-9 ਮੁਹਾਲੀ ਵਿਖੇ ਸਥਿਤ ਹਨ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਆਰ. ਪੀ. ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ ਵੀ ਹਾਜ਼ਰ ਸਨ।