ਐੱਸ. ਏ. ਐੱਸ. ਨਗਰ, 26 ਨਵੰਬਰ (ਪ੍ਰੋ. ਅਵਤਾਰ ਸਿੰਘ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ (ਬੁੱਢਾ ਦਲ ਦੇ ਸੱਤਵੇਂ ਜਥੇਦਾਰ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦੇ ਜਨਮ ਦਿਹਾੜੇ ਦੀ ਖੁਸ਼ੀ ‘ਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ ਸਜਾਇਆ ਜਾਵੇਗਾ। ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸਵੇਰੇ 10 ਵਜੇ ਆਰੰਭ ਹੋਵੇਗਾ, ਜੋ ਕਿ ਮੁਹਾਲੀ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਸੈਕਟਰਾਂ, ਪਿੰਡ ਕੁੰਭੜਾ, ਮਟੌਰ ਤੇ ਮੌਲੀ ਨੂੰ ਹੁੰਦਾ ਹੋਇਆ ਮੁੜ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ।