ਭੁੱਚੋ ਮੰਡੀ, 4 ਜਨਵਰੀ (ਬਿੱਕਰ ਸਿੰਘ ਸਿੱਧੂ)- ਪਿੰਡ ਭੁੱਚੋ ਕਲਾਂ ਦੇ ਗੁਰਦੁਆਰਾ ਕਿਲ੍ਹਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋ ਕ ਪਿੰਡ ਦੀਆਂ ਵੱਖ-ਵੱਖ ਗਲੀਆਂ ਵਿਚੋਂ ਹੁੰਦਾ ਹੋਇਆ ਸ਼ਾਮ ਪੰਜ ਵਜੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਭਾਈ ਬਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਕੀਰਤਨ ਦੀ ਸੇਵਾ ਨਿਭਾਈ ਗਈ ਅਤੇ ਕਰਮਜੀਤ ਸਿੰਘ ਚੱਕਾਂ ਵਾਲੇ ਦੇ ਢਾਡੀ ਜਥੇ ਵਲੋਂ ਸਿੱਖ ਯੋਧਿਆਂ ਦੀਆਂ ਵਾਰਾਂ ਗਾ ਕੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ | ਪਿੰਡ ਦੇ ਨੌਜਵਾਨਾਂ ਵਲੋਂ ਸਤਿਕਾਰ ਵਜੋਂ ਪਿੰਡ ਦੀਆਂ ਗਲੀਆਂ ਵਿੱਚ ਝਾੜੂ ਲਗਾ ਕੇ ਸਫ਼ਾਈ ਕੀਤੀ ਗਈ | ਵੱਖ-ਵੱਖ ਪੜਾਵਾਂ 'ਤੇ ਲੋਕਾਂ ਵਲੋਂ ਚਾਹ, ਬਰੈੱਡ ਪਕੌੜੇ ਅਤੇ ਲੱਡੂਆਂ ਦੇ ਲੰਗਰ ਲਗਾਏ ਗਏ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮੇਜਰ ਸਿੰਘ ਵਲੋਂ ਰਵਾਨਗੀ ਸਮੇਂ ਸਮੂਹ ਸੰਗਤਾਂ ਨੂੰ ਜੀ ਆਇਆਂ ਆਖਿਆ ਗਿਆ ਅਤੇ ਸਮਾਪਤੀ ਸਮੇਂ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਗਿਆ |