ਤਲਵੰਡੀ ਸਾਬੋ, 25 ਜਨਵਰੀ (ਰਣਜੀਤ ਸਿੰਘ ਰਾਜੂ)- ਸਿੱਖ ਕੌਮ ਦੇ ਮਹਾਨ ਯੋਧੇ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਪਹਿਲੇ ਜਥੇਦਾਰ, (ਸ਼ਹੀਦ) ਬਾਬਾ ਦੀਪ ਸਿੰਘ ਜੀ ਦੇ 27 ਜਨਵਰੀ ਨੂੰ ਮਨਾਏ ਜਾ ਰਹੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਅੱਜ ਸਿੱਖ ਜਗਤ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਜਾਣ ਦੇ ਨਾਲ ਹੀ ਆਰੰਭ ਹੋ ਗਏ | ਆਰੰਭਤਾ ਮੌਕੇ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ | ਜਨਮ ਦਿਹਾੜੇ ਨੂੰ ਸਮਰਪਿਤ ਕਰਕੇ ਅੱਜ ਤਖ਼ਤ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਮਾਤਾ ਸਾਹਿਬ ਕੌਰ-ਮਾਤਾ ਸੁੰਦਰ ਕੌਰ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਗਏ | ਆਰੰਭਤਾ ਦੀ ਅਰਦਾਸ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਭਾਈ ਗੁਰਜੰਟ ਸਿੰਘ ਨੇ ਲਿਆ | ਸਮਾਗਮ 'ਚ ਹਾਜ਼ਰੀ ਭਰਨ ਪੁੱਜੇ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਹਰ ਸਾਲ ਵਾਂਗ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਕੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਹਨ ਜਿੰਨਾ ਦੇ ਭੋਗ 27 ਜਨਵਰੀ ਨੂੰ ਪਾਏ ਜਾਣਗੇ ਤੇ ਭੋਗ ਉਪਰੰਤ ਵਿਸ਼ਾਲ ਗੁਰਮਤਿ ਸਮਾਗਮ ਸਜਾਏ ਜਾਣਗੇ | ਸਿੰਘ ਸਾਹਿਬ ਨੇ ਸੰਗਤਾਂ ਨੂੰ ਜਿੱਥੇ ਸਮਾਗਮਾਂ 'ਚ ਪੁੱਜਣ ਦਾ ਸੱਦਾ ਦਿੱਤਾ ਉੱਥੇ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਬਾਬਾ ਦੀਪ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਦੇ ਸਮੁੱਚੇ ਇਤਿਹਾਸ ਤੋਂ ਜਾਣੂੰ ਕਰਵਾਇਆ ਜਾਵੇ ਤਾਂ ਕਿ ਉਹ ਬਾਣੀ ਤੇ ਬਾਣੇ ਦੇ ਧਾਰਣੀ ਬਣ ਸਕਣ | ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਦੱਸਿਆ ਕਿ ਵਿਸ਼ਾਲ ਗੁਰਮਤਿ ਸਮਾਗਮ 'ਚ ਪੰਥ ਪ੍ਰਸਿੱਧ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਨਾਲ ਜੋੜਨਗੇ ਜਦੋਂਕਿ ਤਖਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਨੇ ਕਿਹਾ ਕਿ ਸੰਗਤਾਂ ਦੀ ਆਮਦ ਨੂੰ ਦੇਖਦੇ ਹੋਏ ਰਿਹਾਇਸ਼ ਤੇ ਲੰਗਰਾਂ ਦੇ ਖ਼ਾਸ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈੱਡ ਗ੍ਰੰਥੀ ਅਤੇ ਕਥਾ ਵਾਚਕ ਗਿਆਨੀ ਜਗਤਾਰ ਸਿੰਘ ਕੀਰਤਪੂਰੀ, ਮੀਤ ਮੈਨੇਜਰ ਭਾਈ ਗੁਰਸੇਵਕ ਸਿੰਘ ਕਿੰਗਰਾ, ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ, ਮੀਤ ਮੈਨੇਜਰ ਗੁਰਚਰਨ ਸਿੰਘ ਜੀਦਾ, ਕਥਾਵਾਚਕ ਗਿਆਨੀ ਆਲਮ ਸਿੰਘ ਆਦਿ ਹਾਜ਼ਰ ਸਨ |