ਜੋਗਾ/ਬੁਢਲਾਡਾ, 4 ਫਰਵਰੀ (ਘੜੈਲੀ, ਮਨਚੰਦਾ)- ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ 'ਮੁੱਖ ਮੰਤਰੀ ਤੀਰਥ ਯਾਤਰਾ' ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਇਹ ਪ੍ਰਗਟਾਵਾ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਤੇ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਕਰਨ ਮੌਕੇ ਕੀਤਾ | ਉਨ੍ਹਾਂ ਦੱਸਿਆ ਕਿ ਪਿੰਡ ਉੱਭਾ ਤੋਂ 42 ਅਤੇ ਬੀਰੋਕੇ ਤੋਂ 40 ਸ਼ਰਧਾਲੂਆਂ ਦਾ ਜਥਾ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ ਹੈ | ਇਸ ਯੋਜਨਾ ਦਾ ਮਕਸਦ ਆਮ ਲੋਕਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਯਾਤਰਾ ਦਾ ਸੁਭਾਗ ਪ੍ਰਦਾਨ ਕਰਨਾ ਹੈ | ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਦਰਬਾਰ ਸਾਹਿਬ ਅੰਮਿ੍ਤਸਰ, ਦੁਰਗਿਆਣਾ ਮੰਦਰ ਆਦਿ ਦੇ ਦਰਸ਼ਨ ਕਰਨਗੇ |