ਬਰੇਟਾ, 4 ਫਰਵਰੀ (ਜੀਵਨ ਸ਼ਰਮਾ)- ਸਥਾਨਕ ਮਾਰਕੀਟ ਕਮੇਟੀ ਦੇ ਕਰਮਚਾਰੀਆਂ ਵਲੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ | ਸਮੂਹ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੇ ਵੀ ਭਾਗ ਲਿਆ | ਰਣਵਿੰਦਰ ਸਿੰਘ ਰਿਟਾਇਰਡ ਆਕਸਨ ਰਿਕਾਰਡਰ ਨੇ ਕਿਹਾ ਕਿ 19 ਦਸੰਬਰ 2025 ਤੋਂ ਕਮੇਟੀ ਦੇ ਸਕੱਤਰ ਦੀ ਅਸਾਮੀ ਖ਼ਾਲੀ ਪਈ ਹੈ ਅਤੇ ਨਾ ਹੀ ਕਿਸੇ ਵੀ ਅਧਿਕਾਰੀ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਮੰਡੀ ਬੋਰਡ ਦੇ ਉੱਚ ਅਧਿਕਾਰੀਆਂ ਦੇ ਧਿਆਨ 'ਚ ਲਿਆਂਦਾ ਗਿਆ ਪਰ ਅਜੇ ਤੱਕ ਮਸਲਾ ਹੱਲ ਨਹੀਂ ਹੋਇਆ | ਉਨ੍ਹਾਂ ਦੱਸਿਆ ਕਿ ਸਕੱਤਰ ਦੀ ਨਿਯੁਕਤੀ ਨਾ ਹੋਣ ਕਾਰਨ ਪਿਛਲੇ 2 ਮਹੀਨਿਆਂ ਤੋਂ ਕਰਮਚਾਰੀਆਂ ਨੂੰ ਤਨਖ਼ਾਹ ਤੇ ਪੈਨਸ਼ਨਰਾਂ ਨੂੰ ਪੈਨਸ਼ਨ ਨਹੀਂ ਮਿਲ ਸਕੀ ਅਤੇ ਨਾ ਹੀ ਬਿਜਲੀ ਤੇ ਪਾਣੀ ਦੇ ਬਿੱਲ ਭਰੇ ਜਾ ਸਕੇ ਹਨ | ਤਨਖ਼ਾਹਾਂ ਨਾ ਮਿਲਣ ਕਾਰਨ ਉਨ੍ਹਾਂ ਨੂੰ ਆਪਣਾ ਗੁਜ਼ਾਰਾ ਕਰਨਾ ਅÏਖਾ ਹੋ ਗਿਆ ਹੈ | ਉਨ੍ਹਾਂ ਐਲਾਨ ਕੀਤਾ ਕਿ ਇਸ ਸੰਘਰਸ਼ ਨੂੰ ਪੰਜਾਬ ਪੱਧਰ 'ਤੇ ਲਿਜਾਇਆ ਜਾਵੇਗਾ | ਇਸ ਮੌਕੇ ਦਿਨੇਸ਼ ਕੁਮਾਰ, ਧਰਮਪਾਲ ਬੰਟੀ, ਰਜਤ ਗਰਗ ਆਦਿ ਹਾਜ਼ਰ ਸਨ |