ਬਠਿੰਡਾ, 11 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ): ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਾਲਵਾ ਹੈਰੀਟੇਜ ਫਾਊਾਡੇਸ਼ਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਵਿਰਾਸਤ ਮੇਲਾ-2026 ਅਤੇ ਪੰਜਾਬ ਸਖੀ ਸ਼ਕਤੀ ਮੇਲੇ ਦਾ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ 20 ਤੋਂ 22 ਮਾਰਚ ਤੱਕ ਵਿਰਾਸਤ ਮੇਲਾ-2026 ਦੌਰਾਨ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਪਿੰਡ ਜੈਪਾਲਗੜ੍ਹ ਵਿਖੇ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਦਾ ਪ੍ਰਦਰਸ਼ਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਰੰਗਲੇ ਪੰਜਾਬ ਦੀਆਂ ਝਲਕੀਆਂ, ਰਿਵਾਇਤੀ ਖਾਣਾ, ਖੇਡਾਂ, ਪਹਿਰਾਵੇ, ਝੂਲੇ, ਗੀਤ ਅਤੇ ਸੰਗੀਤ ਨਾਲ ਤਿੰਨੋਂ ਦਿਨ ਲੋਕਾਂ ਦਾ ਮਨੋਰੰਜਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕਲਾਕਾਰ ਬੀਨੂ ਢਿੱਲੋਂ, ਕੰਵਰ ਗਰੇਵਾਲ, ਰਣਜੀਤ ਬਾਵਾ, ਦੇਵ ਖਰੌੜ, ਗੁਰਜੀਤ ਜੀਤੀ ਅਤੇ ਗੁਰ ਸਿੱਧੂ ਮੇਲੇ 'ਚ ਸ਼ਿਰਕਤ ਕਰਨਗੇ | ਉਦਯੋਗ ਅਤੇ ਵਣਜ ਵਿਭਾਗ ਪੰਜਾਬ ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਬਠਿੰਡਾ ਵਲੋਂ ਪੰਜਾਬ ਸਖੀ ਸ਼ਕਤੀ ਮੇਲਾ-2026 ਕਰਵਾਇਆ ਜਾਵੇਗਾ | ਇਸ ਮੇਲੇ ਵਿਚ ਜ਼ਿਲ੍ਹਾ ਬਠਿੰਡਾ ਦੀਆਂ ਸਵੈ-ਸੇਵੀ ਸੰਸਥਾਵਾਂ ਵਲੋਂ ਬਣਾਏ ਜਾਂਦੇ ਉਤਪਾਦ ਵੇਚੇ ਜਾਣਗੇ | ਡਿਪਟੀ ਕਮਿਸ਼ਨਰ ਨੇ ਬਠਿੰਡਾ ਵਾਸੀਆਂ ਨੂੰ ਮੇਲੇ 'ਚ ਆਉਣ ਦਾ ਨਿੱਘਾ ਸੱਦਾ ਦਿੰਦਿਆਂ ਕਿਹਾ ਕਿ ਮੇਲੇ 'ਚ ਐਂਟਰੀ ਮੁਫ਼ਤ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਬਲਕਰਨ ਸਿੰਘ, ਮੁੱਖ ਮੰਤਰੀ ਫ਼ੀਲਡ ਅਫ਼ਸਰ ਰਮਨਜੀਤ, ਹਰਵਿੰਦਰ ਸਿੰਘ ਖ਼ਾਲਸਾ ਪ੍ਰਧਾਨ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਾਡੇਸ਼ਨ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਤੋਂ ਇਲਾਵਾ ਡੀ.ਐਸ.ਪੀ. ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |