ਬਰੇਟਾ, 11 ਮਾਰਚ (ਪਾਲ ਸਿੰਘ ਮੰਡੇਰ)- ਪਿਛਲੇ ਕਈ ਦਿਨਾਂ ਤੋਂ ਬਰੇਟਾ-ਬੁਢਲਾਡਾ ਹਾਈਵੇਅ 'ਤੇ ਮੁਲਾਜ਼ਮ ਕਾਲੋਨੀ ਦੇ ਨਜ਼ਦੀਕ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਰਾਹਗੀਰਾਂ ਅਤੇ ਕਿਸਾਨਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ਪਾਣੀ ਸੜਕ ਤੇ ਖੇਤਾਂ 'ਚ ਦਾਖਲ ਹੋ ਕੇ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ ਪਰੰਤੂ ਨਗਰ ਕੌਂਸਲ ਵਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਬਰਸਾਤੀ ਦਿਨਾਂ 'ਚ ਰਾਹਗੀਰਾਂ ਤੇ ਕਾਲੋਨੀ ਵਾਸੀਆਂ ਦੀਆਂ ਮੁਸ਼ਕਲਾਂ ਹੋਰ ਵੀ ਜ਼ਿਆਦਾ ਵੱਧ ਜਾਂਦੀਆਂ ਹਨ ਕਿਉਂਕਿ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਾਲੀਆਂ ਦਾ ਗੰਦਾ ਪਾਣੀ ਸੜਕ 'ਤੇ ਫੈਲ ਜਾਂਦਾ ਹੈ | ਲੋਕਾਂ ਨੇ ਪੰਜਾਬ ਸਰਕਾਰ ਤੇ ਸਬੰਧਿਤ ਅਧਿਕਾਰੀਆਂ ਤੋਂ ਪਹਿਲ ਦੇ ਆਧਾਰ 'ਤੇ ਉਕਤ ਸਮੱਸਿਆ ਦਾ ਹੱਲ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਉਹ ਰੋਜ਼-ਰੋਜ਼ ਦੀ ਇਸ ਪ੍ਰੇਸ਼ਾਨੀ ਤੋਂ ਛੁਟਕਾਰਾ ਪਾ ਸਕਣ | ਜਦ ਇਸ ਮਾਮਲੇ ਨੂੰ ਲੈ ਕੇ ਨਗਰ ਕੌਂਸਲ ਬਰੇਟਾ ਦੇ ਕਾਰਜਸਾਧਕ ਅਫ਼ਸਰ ਸਿਕੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਇਸ ਸਮੱਸਿਆ ਦਾ ਜਲਦ ਠੋਸ ਹੱਲ ਕਰ ਦਿੱਤਾ ਜਾਵੇਗਾ |