ਬਠਿੰਡਾ, 12 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪੰਕਜ ਕੁਮਾਰ ਨੇ ਦੱਸਿਆ ਕਿ ਆਂਗਣਵਾੜੀ ਬੱਚਿਆਂ ਦੇ ਸਿਹਤਮੰਦ ਤੇ ਸਰਵਪੱਖੀ ਵਿਕਾਸ ਲਈ ਖੇਡ ਗਤੀਵਿਧੀਆਂ ਬਹੁਤ ਮਹੱਤਵਪੂਰਨ ਹਨ | ਉਨ੍ਹਾਂ ਕਿਹਾ ਕਿ ਛੋਟੀ ਉਮਰ ਤੋਂ ਹੀ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਨਾਲ ਉਨ੍ਹਾਂ ਦੀ ਸਰੀਰਕ ਤੰਦਰੁਸਤੀ, ਆਤਮ-ਵਿਸ਼ਵਾਸ ਅਤੇ ਸਿਖਣ ਦੀ ਸਮਰੱਥਾ ਵਿਚ ਵਾਧਾ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਹੋਰ ਉਤਸ਼ਾਹਿਤ ਕੀਤਾ ਜਾਵੇਗਾ | ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਟੀਗ੍ਰੇਟਿਡ ਚਾਈਲਡ ਡਿਵੈਲਪਮੈਂਟ ਸਰਵਿਸਿਜ਼ ਤਹਿਤ ਜ਼ਿਲ੍ਹਾ ਬਠਿੰਡਾ ਵਿਚ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਲਈ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਆਂਗਣਵਾੜੀ ਕੇਂਦਰਾਂ ਦੇ ਬੱਚੇ ਬੜੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ | ਇਨ੍ਹਾਂ ਖੇਡ ਮੁਕਾਬਲਿਆਂ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਖੇਡਾਂ ਪ੍ਰਤੀ ਰੁਝਾਨ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ | ਇਸ ਦੌਰਾਨ ਦੌੜ, ਗੇਂਦ ਸੁੱਟ, ਰਿੰਗ ਗੇਮ ਸਮੇਤ ਕਈ ਮਨੋਰੰਜਕ ਅਤੇ ਰੌਚਕ ਖੇਡਾਂ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਵਿਚ ਟੀਮ ਭਾਵਨਾ, ਅਨੁਸ਼ਾਸਨ ਅਤੇ ਤੰਦਰੁਸਤ ਜੀਵਨਸ਼ੈਲੀ ਦੇ ਮੁੱਲਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ |