ਰਾਮਾਂ ਮੰਡੀ, 12 ਮਾਰਚ (ਤਰਸੇਮ ਸਿੰਗਲਾ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੋਣਾਂ ਵਿਚ ਕੀਤੇ ਵਾਅਦੇ ਅਨੁਸਾਰ ਜਨਰਲ ਵਰਗ ਦੀਆਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿਚ 1000 ਰੁਪਏ ਅਤੇ ਅਨੂਸੂਚਿਤ ਜਾਤੀ ਨਾਲ ਸਬੰਧਿਤ ਬਾਲਿਗ ਮਹਿਲਾਵਾਂ ਦੇ ਖਾਤਿਆਂ ਵਿਚ 1500 ਰੁਪਏ ਭੇਜਣ ਅਤੇ ਵਿਸਾਖੀ ਦਿਹਾੜੇ ਤੇ ਇਸ ਯੋਜਨਾ ਲਈ ਰਜਿਸਟਰੇਸ਼ਨ ਸ਼ੁਰੂ ਕਰਨ ਦਾ ਐਲਾਨ ਕਰਨ ਤੋਂ ਬਾਅਦ ਮਹਿਲਾਵਾਂ ਵਿਚ ਭਾਰੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ | ਇਹ ਬਿਆਨ ਦਿੰਦੇ ਹੋਏ ਨੇੜਲੇ ਪਿੰਡ ਸੇਖੂ ਦੇ ਸਰਪੰਚ ਅਤੇ ਹਲਕਾ ਇੰਚਾਰਜ ਬੀ ਸੀ ਵਿੰਗ ਨਿਰਮਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਪਹਿਲੀ ਸਰਕਾਰ ਹੈ, ਜਿਸ ਨੇ ਚੋਣਾਂ ਵਿਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਦੀ ਪੂਰੀ ਹਰ ਸੰਭਵ ਕੋਸ਼ਿਸ਼ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਆਪ ਸਰਕਾਰ ਵਲੋਂ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੀ ਸਹੂਲਤ ਸਦਕਾ ਪੰਜਾਬ ਪਹਿਲਾ ਸੂਬਾ ਹੈ, ਜਿੱਥੇ ਵੱਡੀ ਗਿਣਤੀ ਵਿਚ ਲੋਕਾਂ ਦੇ ਬਿਲ ਜ਼ੀਰੋ ਆਉਂਦੇ ਹਨ | ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਬਿਲ ਬੱਚਿਆਂ ਨੂੰ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦੇ ਕੇ ਵੀ 'ਆਪ' ਸਰਕਾਰ ਨੇ ਇਤਿਹਾਸਕ ਕੰਮ ਕੀਤਾ ਹੈ, ਜਿਸ ਦੀ ਚੁਫ਼ੇਰੇ ਚਰਚਾ ਹੋ ਰਹੀ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਪੰਜਾਬ 2027 ਦੀਆਂ ਚੋਣਾਂ ਵਿਚ ਕੰਮ ਦੇ ਅਧਾਰ ਤੇ ਵੋਟਾਂ ਮੰਗੀਆਂ ਜਾਣਗੀਆਂ |