ਤਲਵੰਡੀ ਸਾਬੋ, 13 ਅਪ੍ਰੈਲ (ਰਣਜੀਤ ਸਿੰਘ ਰਾਜੂ)-'ਸਿੱਖ ਦਸਤਾਰ ਦਿਹਾੜੇ' ਨੂੰ ਮਨਾਉਂਦਿਆਂ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਜਾਏ ਗਏ ਵਿਸਾਖੀ ਜੋੜ ਮੇਲ ਦੌਰਾਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ 'ਦਸਤਾਰਾਂ ਦਾ ਲੰਗਰ' ਲਗਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਬੱਚਿਆਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਆਪਣੇ ਸਿਰਾਂ 'ਤੇ ਦਸਤਾਰਾਂ ਸਜਵਾਈਆਂ | ਸਮਾਗਮ ਦੀ ਸ਼ੁਰੂਆਤ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਵਲੋਂ ਕੀਤੀ ਗਈ ਅਰਦਾਸ ਨਾਲ ਹੋਈ | ਜਿਸ ਤੋਂ ਬਾਅਦ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਬੱਚਿਆਂ ਦੇ ਸਿਰਾਂ ਤੇ ਦਸਤਾਰਾਂ ਸਜਾ ਕੇ ਇਸ ਸ਼ਲਾਘਾਯੋਗ ਮੁਹਿੰਮ ਦਾ ਆਗਾਜ਼ ਕੀਤਾ | ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ ਕਿ ਦਸਤਾਰ ਸਿੱਖੀ ਦੀ ਪਛਾਣ ਅਤੇ ਗੁਰੂ ਸਾਹਿਬ ਵਲੋਂ ਬਖ਼ਸ਼ੀ ਸਰਦਾਰੀ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ, 'ਅੱਜ ਦੇ ਪੱਛਮੀ ਸੱਭਿਆਚਾਰ ਦੇ ਪ੍ਰਭਾਵ ਹੇਠ ਸਾਡੀ ਨੌਜਵਾਨੀ ਨੂੰ ਆਪਣੇ ਅਮੀਰ ਵਿਰਸੇ ਤੋਂ ਦੂਰ ਹੋਣ ਤੋਂ ਬਚਾਉਣ ਲਈ ਅਜਿਹੇ ਉਪਰਾਲੇ ਬਹੁਤ ਜ਼ਰੂਰੀ ਹਨ | ਦਸਤਾਰ ਸਿਰਫ਼ ਪਹਿਰਾਵਾ ਨਹੀਂ, ਸਗੋਂ ਸਿੱਖ ਦੇ ਸਿਰ ਦਾ ਤਾਜ ਹੈ ਜੋ ਉਸ ਨੂੰ ਜ਼ਿੰਮੇਵਾਰੀ ਅਤੇ ਅਣਖ ਦਾ ਅਹਿਸਾਸ ਕਰਵਾਉਂਦਾ ਹੈ |' ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਬਚਪਨ ਤੋਂ ਹੀ ਸਿੱਖੀ ਸਰੂਪ ਅਤੇ ਦਸਤਾਰ ਨਾਲ ਜੋੜਨ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਜਥੇਦਾਰ ਮੋਹਣ ਸਿੰਘ ਬੰਗੀ ਅਤੇ ਜਗਸੀਰ ਸਿੰਘ ਮਾਂਗੇਆਣਾ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਅਵਤਾਰ ਸਿੰਘ ਬਣਵਾਲਾ ਮੈਂਬਰ ਧਰਮ ਪ੍ਰਚਾਰ ਕਮੇਟੀ ਨੇ ਵੀ ਸ਼ਮੂਲੀਅਤ ਕੀਤੀ ਜਦੋਂਕਿ ਇਸ ਮੌਕੇ ਤਖਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ, ਸੁਖਬੀਰ ਸਿੰਘ ਮੀਤ ਸਕੱਤਰ, ਗੁਰਪ੍ਰੀਤ ਸਿੰਘ ਰੋਡੇ ਮੇਲਾ ਪ੍ਰਬੰਧਕ, ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ ਸਬ ਆਫ਼ਿਸ, ਮੀਤ ਮੈਨੇਜਰ ਗੁਰਸੇਵਕ ਸਿੰਘ ਕਿੰਗਰਾ, ਮਨਦੀਪ ਸਿੰਘ ਮਾਖਾ, ਵਧੀਕ ਮੈਨੇਜਰ ਗੁਰਦੇਵ ਸਿੰਘ ਸੰਧੂ, ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਦਸਤਾਰ ਕੋਚ ਮਨਦੀਪ ਸਿੰਘ ਵੀ ਮੌਜੂਦ ਸਨ | ਦਸਤਾਰ ਕੋਚ ਮਨਦੀਪ ਸਿੰਘ ਦੀ ਦੇਖ-ਰੇਖ ਹੇਠ ਬੱਚਿਆਂ ਨੂੰ ਸੁੰਦਰ ਦਸਤਾਰਾਂ ਸਜਾਉਣ ਦੀ ਸਿਖਲਾਈ ਵੀ ਦਿੱਤੀ ਗਈ | ਪ੍ਰਬੰਧਕਾਂ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਦਾ ਇਹ ਯਤਨ ਭਵਿੱਖ ਵਿਚ ਵੀ ਜਾਰੀ ਰਹੇਗਾ ਤਾਂ ਜੋ ਹਰ ਸਿੱਖ ਬੱਚੇ ਦੇ ਸਿਰ 'ਤੇ ਦਸਤਾਰ ਦੀ ਸ਼ਾਨ ਬਰਕਰਾਰ ਰਹੇ |