ਬਠਿੰਡਾ, 27 ਅਪ੍ਰੈਲ (ਪ.ਪ.)-ਪਿੰਡ ਜੀਦਾ ਵਿਖੇ ਸਥਿੱਤ ਸਪੋਰਟਸ ਕਿੰਗ ਫ਼ੈਕਟਰੀ ਮੂਹਰੇ ਸੰਘਰਸ਼ ਕਰ ਰਹੇ ਮਜ਼ਦੂਰਾਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰਨ ਦੀ ਡੈਮੋਕ੍ਰੇਟਿਕ ਟੀਚਰ ਫ਼ਰੰਟ ਬਠਿੰਡਾ ਨੇ ਸਖ਼ਤ ਨਿੰਦਾ ਕੀਤੀ ਹੈ | ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ, ਸਕੱਤਰ ਜਸਵਿੰਦਰ ਸਿੰਘ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੋਆਣਾ ਨੇ ਕਿਹਾ ਕਿ ਸਪੋਰਟਸ ਕਿੰਗ ਫ਼ੈਕਟਰੀ ਜੀਦਾ ਵਿਚ ਜਿੱਥੇ ਮਜ਼ਦੂਰਾਂ ਦੀ ਕਿਰਤ ਦੀ ਲੁੱਟ ਕੀਤੀ ਜਾਂਦੀ ਹੈ, ਉੱਥੇ ਅੱਤ ਦੀ ਗਰਮੀ ਦੇ ਵਿਚ ਉਨ੍ਹਾਂ ਨੂੰ ਬੇਹੱਦ ਮਾੜੀਆਂ ਹਾਲਤਾਂ ਵਿਚ ਕੰਮ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ | ਉਨ੍ਹਾਂ ਤੋਂ 12-12 ਘੰਟੇ ਕੰਮ ਲੈ ਕੇ ਬੇਹੱਦ ਨਿਗੂਣਾ ਮਿਹਨਤਾਨਾ ਦਿੱਤਾ ਜਾਂਦਾ ਹੈ ਤੇ ਬਿਨ੍ਹਾਂ ਜਾਣਕਾਰੀ ਓਵਰ ਟਾਈਮ ਲਗਾਉਣ ਲਈ ਮਜਬੂਰ ਕੀਤਾ ਜਾਂਦਾ ਹੈ | ਪਿਛਲੇ ਲੰਬੇ ਸਮੇਂ ਤੋਂ ਆਪਣੇ ਨਾਲ ਹੋ ਰਹੇ ਇਨ੍ਹਾਂ ਵਿਤਕਰਿਆਂ ਦੇ ਖ਼ਿਲਾਫ਼ ਮਜ਼ਦੂਰਾਂ ਨੇ ਜਦੋਂ ਸੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਤਾਂ ਉਨ੍ਹਾਂ ਨੂੰ ਅੱਜ ਜਬਰੀ ਗਿ੍ਫ਼ਤਾਰ ਕਰਕੇ ਵੱਖ-ਵੱਖ ਥਾਣਿਆਂ ਵਿਚ ਬੰਦ ਕਰ ਦਿੱਤਾ ਗਿਆ | ਡੈਮੋਕਰੈਟਿਕ ਟੀਚਰ ਫ਼ਰੰਟ ਨੇ ਮੰਗ ਕੀਤੀ ਕਿ ਮਜ਼ਦੂਰਾਂ ਦੀਆਂ ਮੰਗਾਂ ਨੂੰ ਪੂਰਾ ਕਰਦਿਆਂ ਹੋਇਆ ਗਿ੍ਫ਼ਤਾਰ ਕੀਤੇ ਆਗੂਆਂ ਅਤੇ ਮਜ਼ਦੂਰਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ, ਨਹੀਂ ਤਾਂ ਸਾਂਝੇ ਤੌਰ 'ਤੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਮੀਤ ਪ੍ਰਧਾਨ ਵਿਕਾਸ ਗਰਗ, ਵਿੱਤ ਸਕੱਤਰ ਅਨਿਲ ਭੱਟ, ਸਹਾਇਕ ਸਕੱਤਰ ਕੁਲਵਿੰਦਰ ਸਿੰਘ ਵਿਰਕ ਅਤੇ ਪੈੱ੍ਰਸ ਸਕੱਤਰ ਗੁਰਪ੍ਰੀਤ ਸਿੰਘ ਖੇਮੋਆਣਾ ਨੇ ਮਜ਼ਦੂਰਾਂ ਦੇ ਸੰਘਰਸ਼ ਵਿਚ ਇੱਕ ਮੁੱਠਤਾ ਪ੍ਰਗਟਾਉਂਦੇ ਹੋਏ ਸਮੂਹ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਮਜ਼ਦੂਰਾਂ ਦੇ ਸੰਘਰਸ਼ ਦੀ ਵੱਧ ਚੜ੍ਹ ਕੇ ਹਮਾਇਤ ਕੀਤੀ ਜਾਵੇ |