ਬਠਿੰਡਾ, 27 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਭਾਵਨਾਤਮਕ ਢੰਗ ਨਾਲ ਮਨਾਇਆ ਜਾ ਰਿਹਾ ਹੈ | ਇਸ ਦੌਰਾਨ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਵੱਖ-ਵੱਖ ਸਮਾਗਮਾਂ ਦਾ ਮੁਖ ਮੰਤਵ ਗੁਰੂ ਜੀ ਦੇ ਉਪਦੇਸ਼ਾਂ ਅਤੇ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੁਨੇਹੇ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਗੁਰੂ ਰਵਿਦਾਸ ਜੀ ਸੰਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਲਈ ਬੁਲਾਈ ਵਿਸ਼ੇਸ਼ ਬੈਠਕ ਦੌਰਾਨ ਕੀਤਾ | ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿਚ ਸ਼੍ਰੀ ਗੁਰੂ ਰਵੀਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜਿਕ ਸੁਨੇਹੇ ਪਹੁੰਚਾਉਣ ਲਈ ਵਿਸ਼ੇਸ਼ ਪੇਂਟਿੰਗ ਮੁਕਾਬਲੇ ਅਤੇ ਜਾਗਰੂਕਤਾ ਸੈਮੀਨਾਰ ਕਰਵਾਏ ਜਾਣ | ਇਸ ਮੌਕੇ ਵਿਦਿਆਰਥੀਆਂ ਨੂੰ ਸਮਾਨਤਾ ਅਤੇ ਭਾਈਚਾਰੇ ਨਾਲ ਜੋੜਨ ਉੱਤੇ ਜ਼ੋਰ ਦਿੱਤਾ ਜਾਵੇਗਾ | ਇਸ ਨਾਲ ਨੌਜਵਾਨ ਪੀੜ੍ਹੀ ਮਹਾਨ ਸੰਤਾਂ ਦੀ ਸਿੱਖਿਆ ਤੋਂ ਪ੍ਰੇਰਿਤ ਹੋ ਕੇ ਸਮਾਜ ਵਿਚ ਸਕਾਰਾਤਮਿਕ ਭੂਮਿਕਾ ਨਿਭਾ ਸਕੇਗੀ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜੰਗਲਾਤ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਵਾਤਾਵਰਣ ਨੂੰ ਸਾਫ਼ ਰੱਖਣ ਲਈ ਬਗ਼ੀਚੀਆਂ ਲਗਾਈਆਂ ਜਾਣ | ਉਨ੍ਹਾਂ ਦੱਸਿਆ ਕਿ ਸਰਕਾਰੀ ਵਿਭਾਗਾਂ ਕੋਲ ਪਈਆਂ ਖੁੱਲ੍ਹੀਆਂ ਥਾਵਾਂ 'ਚ ਇਹ ਬਗ਼ੀਚਿਆਂ ਲਗਾਈਆਂ ਜਾਣਗੀਆਂ ਅਤੇ ਹਰ ਇਕ ਬਗੀਚੀ ਵਿਚ 650 ਪੌਦੇ ਲਗਾਏ ਜਾਣਗੇ | ਸਮੂਹ ਜ਼ਿਲ੍ਹੇ ਵਿਚ ਕੁੱਲ 6,50,000 ਬੂਟੇ ਲਗਾਉਣ ਦਾ ਟੀਚਾ ਤਹਿ ਕੀਤਾ ਗਿਆ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ) ਗੁਰਪ੍ਰੀਤ ਸਿੰਘ ਥਿੰਦ, ਉਪ ਮੰਡਲ ਮੈਜਿਸਟਰੇਟ ਬਠਿੰਡਾ ਬਲਕਰਨ ਸਿੰਘ ਮਾਹਲ, ਉਪ ਮੰਡਲ ਮੈਜਿਸਟਰੇਟ ਤਲਵੰਡੀ ਸਾਬੋ ਰਾਕੇਸ਼ ਕੁਮਾਰ, ਸਿਵਲ ਸਰਜਨ ਡਾ. ਤਪਿੰਦਰਜੋਤ, ਡਾ. ਉਸ਼ਾ ਗੋਇਲ ਜ਼ਿਲ੍ਹਾ ਸਿਹਤ ਅਧਿਕਾਰੀ, ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ, ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਖੁਰਾਣਾ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ |