ਬਠਿੰਡਾ, 12 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰਾਂ, ਮਿਡ-ਡੇਅ-ਮੀਲ ਸਥਾਨਾਂ, ਰਾਸ਼ਨ ਡਿਪੂਆਂ 'ਤੇ ਸਾਇਨ ਬੋਰਡ ਅਤੇ ਪੰਜਾਬ ਰਾਜ ਫ਼ੂਡ ਕਮਿਸ਼ਨ ਦਾ ਹੈਲਪਲਾਈਨ ਨੰਬਰ 98767-64545 ਲਿਖਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਆਮ ਵਿਅਕਤੀ ਕਿਸੇ ਵੀ ਸਮੱਸਿਆ ਜਾਂ ਸ਼ਿਕਾਇਤ ਦੇ ਸਬੰਧ ਵਿਚ ਕਮਿਸ਼ਨ ਤੱਕ ਪਹੁੰਚ ਕਰ ਸਕੇ | ਮੈਂਬਰ ਪੰਜਾਬ ਰਾਜ ਫੂਡ ਕਮਿਸ਼ਨ ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ | ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹੇ ਵਿਚ ਰਾਸ਼ਨ ਵੰਡ ਪ੍ਰਣਾਲੀ, ਮਿਡ-ਡੇਅ-ਮੀਲ, ਆਂਗਨਵਾੜੀ ਕੇਂਦਰਾਂ ਦੇ ਕੰਮ-ਕਾਜ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ | ਇਸ ਮੌਕੇ ਉਨ੍ਹਾਂ ਖਾਦ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਸ਼ਨ ਦੀ ਸਮੇਂ-ਸਿਰ ਵੰਡ ਯਕੀਨੀ ਬਣਾਈ ਜਾਵੇ | ਜ਼ਿਲ੍ਹਾ ਬਠਿੰਡਾ 'ਚ 2.13 ਲੱਖ ਰਾਸ਼ਨ ਕਾਰਡ ਧਾਰਕ ਹਨ, ਜਿਨ੍ਹਾਂ ਵਿਚੋਂ 88.8 ਫ਼ੀਸਦੀ ਦੀ ਈ ਕੇ.ਵਾਈ.ਸੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ | ਜਸਵੀਰ ਸਿੰਘ ਨੇ ਬਾਕੀ ਰਹਿੰਦੇ ਕਾਰਡਾਂ ਦੀ ਈ ਕੇ.ਵਾਈ.ਸੀ ਦੇ ਕੰਮ ਨੂੰ ਪਹਿਲ ਦੇ ਆਧਾਰ ਉੱਤੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ | ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿਚ ਬਗੀਚੀਆਂ ਬਣਾਈਆਂ ਜਾਣ, ਜਿਥੇ ਮੌਸਮ ਅਨੁਸਾਰ ਸਬਜ਼ੀਆਂ ਅਤੇ ਫ਼ਲ ਦੀ ਕਾਸ਼ਤ ਕਰਕੇ ਉਸ ਦੀ ਵਰਤੋਂ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਭੋਜਨ 'ਚ ਕੀਤੀ ਜਾਵੇ | ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਆਂਗਨਵਾੜੀ ਕੇਂਦਰਾਂ ਵਿਚ ਬੱਚਿਆਂ ਲਈ ਖੇਡਣ ਦਾ ਸਮਾਨ, ਸਾਫ ਪੀਣ ਵਾਲਾ ਪਾਣੀ, ਬੱਚਿਆਂ ਨੂੰ ਸਮੇਂ 'ਤੇ ਰਾਸ਼ਨ, ਘਰੇਲੂ ਬਗੀਚੀ ਆਦਿ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ |
ਰਾਮਨਗਰ ਸਰਕਾਰੀ ਸਕੂਲ ਵਿਖੇ ਕੀਤਾ ਗਿਆ ਨਿਰੀਖਣ-ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਅਤੇ ਆਂਗਣਵਾੜੀ ਕੇਂਦਰ ਰਾਮਨਗਰ (ਮੌੜ) ਦਾ ਦੌਰਾ ਕੀਤਾ | ਉਨ੍ਹਾਂ ਸਕੂਲ 'ਚ ਵਰਤੇ ਜਾਣ ਵਾਲੇ ਰਾਸ਼ਨ ਦੀ ਚੈਕਿੰਗ ਕੀਤੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ | ਆਂਗਣਵਾੜੀ ਕੇਂਦਰ ਵਿਖੇ ਉਨ੍ਹਾਂ ਫ਼ੂਡ ਪੈਕਟਾਂ ਦੀ ਚੈਕਿੰਗ ਕੀਤੀ | ਦੋਨੋਂ ਹੀ ਥਾਵਾਂ ਤੇ ਕੰਮ ਤਸੱਲੀਬਖਸ਼ ਪਾਇਆ ਗਿਆ |
ਰਾਸ਼ਨ ਡਿਪੂਆਂ 'ਤੇ ਫੂਡ ਕਮਿਸ਼ਨ ਦਾ ਹੈਲਪਲਾਈਨ ਨੰਬਰ ਲਿਖਣਾ ਯਕੀਨੀ ਬਣਾਇਆ ਜਾਵੇ-ਸੇਖੋਂ <br/>
ਅਜੀਤ ਡੈਸਕ
13-05-2026