ਬਠਿੰਡਾ, 12 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ ਦਾ 11ਵਾਂ ਡਿਗਰੀ ਵੰਡ ਸਮਾਰੋਹ 23 ਮਈ, 2026 ਨੂੰ ਆਯੋਜਿਤ ਕੀਤਾ ਜਾਵੇਗਾ | ਜਸਟਿਸ ਸੂਰਿਆ ਕਾਂਤ, ਭਾਰਤ ਦੇ ਚੀਫ਼ ਜਸਟਿਸ ਇਸ ਮੌਕੇ 'ਤੇ ਮੁੱਖ ਮਹਿਮਾਨ ਵਜੋਂ ਸਮਾਰੋਹ ਦੀ ਸ਼ੋਭਾ ਵਧਾਉਣਗੇ | ਜਸਟਿਸ ਸ਼ੀਲ ਨਾਗੂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਸਮਾਰੋਹ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਡਿਗਰੀ ਵੰਡ ਸਮਾਰੋਹ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਚਾਂਸਲਰ ਪ੍ਰੋ. ਜਗਬੀਰ ਸਿੰਘ ਕਰਨਗੇ | ਵਾਇਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਸੱਦੇ ਗਏ ਮਹਿਮਾਨਾਂ ਦੀ ਹਾਜ਼ਰੀ ਵਿਚ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨਗੇ | ਇਹ ਡਿਗਰੀ ਵੰਡ ਸਮਾਰੋਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਵਿੱਦਿਅਕ ਸਫ਼ਰ ਦਾ ਇਕ ਮਹੱਤਵਪੂਰਨ ਮੋੜ ਹੋਵੇਗਾ, ਜਿਸ ਦੌਰਾਨ ਪੋਸਟ ਗ੍ਰੈਜੂਏਟ ਅਤੇ ਡਾਕਟਰੇਟ ਪ੍ਰੋਗਰਾਮਾਂ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ | ਯੂਨੀਵਰਸਿਟੀ ਪ੍ਰਸ਼ਾਸਨ ਨੇ 11ਵੇਂ ਡਿਗਰੀ ਵੰਡ ਸਮਾਰੋਹ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਇਸ ਸਮਾਰੋਹ ਵਿਚ ਪ੍ਰਸਿੱਧ ਸਿੱਖਿਆ ਸ਼ਾਸਤਰੀਆਂ, ਨਿਆਂਪਾਲਿਕਾ ਨਾਲ ਸੰਬੰਧਿਤ ਸਖਸ਼ੀਅਤਾਂ, ਪ੍ਰਸ਼ਾਸਕਾਂ ਅਤੇ ਹੋਰ ਪ੍ਰਮੁੱਖ ਵਿਅਕਤੀਆਂ ਦੀ ਭਾਗੀਦਾਰੀ ਦੀ ਉਮੀਦ ਹੈ |