ਬਠਿੰਡਾ, 6 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-2003 ਦੀ ਵੋਟਰ ਸੂਚੀ ਨਾਲ ਵੋਟਰਾਂ ਦੀ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਤਵਾਰ 7 ਜੂਨ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਭਰ ਦੇ ਸਾਰੇ 1192 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ | ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਵੋਟਰ ਵੇਰਵਿਆਂ ਦੀ ਸਹੀ ਢੰਗ ਨਾਲ ਮੈਪਿੰਗ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਤਹਿਤ ਚੋਣ ਰਿਕਾਰਡਾਂ ਨੂੰ ਸੁਚਾਰੂ ਬਣਾਉਣ ਅਤੇ ਵੋਟਰਾਂ ਨੂੰ ਉਨ੍ਹਾਂ ਦੀ ਜਾਣਕਾਰੀ ਨੂੰ ਅੱਪਡੇਟ ਅਤੇ ਤਸਦੀਕ ਕਰਨ ਵਿਚ ਸਹਾਇਤਾ ਕਰਨ ਲਈ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਨੂੰ ਦਿਨ ਭਰ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ 'ਤੇ ਮੌਜੂਦ ਰਹਿਣ ਅਤੇ ਕੈਂਪਾਂ ਵਿਚ ਆਉਣ ਵਾਲੇ ਨਾਗਰਿਕਾਂ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ ਹਨ | ਡਿਪਟੀ ਕਮਿਸ਼ਨਰ ਨੇ ਪਾਰਦਰਸ਼ੀ ਅਤੇ ਗਲਤੀ ਮੁਕਤ ਚੋਣ ਰਿਕਾਰਡਾਂ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਜ਼ਿਲ੍ਹਾ ਵਾਸੀਆਂ ਨੂੰ ਚੋਣ ਅਧਿਕਾਰੀਆਂ ਨਾਲ ਸਹਿਯੋਗ ਕਰਨ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਵਿਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ |