ਦਫ਼ਤਰੀ ਕਾਮਿਆਂ ਨੇ ਚੌਥੇ ਦਿਨ ਵੀ ਹੜਤਾਲ ਰੱਖ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਦਫ਼ਤਰੀ ਕਰਮਚਾਰੀਆਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ ਰਹੀ। ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ, ਡੀ.
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਦਫ਼ਤਰੀ ਕਰਮਚਾਰੀਆਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ ਰਹੀ। ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ, ਡੀ.ਸੀ. ਦਫ਼ਤਰ ਦੇ ਪ੍ਰਧਾਨ ਤੇ ਸਟੇਟ ਕਾਨੂੰਨੀ ਸਲਾਹਕਾਰ ਹਰਪ੍ਰੀਤ ਸਿੰਘ, ਸਿਹਤ ਵਿਭਾਗ ਦੇ ਪ੍ਰਧਾਨ ਸੰਦੀਪ ਸਿੰਘ ਵਾਲੀਆ, ਵਾਟਰ ਸਪਲਾਈ ਵਿਭਾਗ ਦੇ ਆਗੂ ਸੁਖਵਿੰਦਰ ਸਿੰਘ, ਪੀ.ਡਬਲਯੂ.ਡੀ. ਦੇ ਆਗੂ ਯਾਦਵਿੰਦਰ ਸਿੰਘ ਆਦਿ ਨੇ ਦੋਸ਼ ਲਗਾਇਆ ਕਿ ਮੁਲਾਜ਼ਮ ਲੰਮੇ ਸਮੇਂ ਤੋਂ ਜਾਇਜ਼ ਮੰਗਾਂ ਲਈ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਵਲੋਂ ਲਗਾਤਾਰ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 21 ਅਗਸਤ ਨੂੰ ਜ਼ਿਲ੍ਹਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ ਅਤੇ ਸਰਕਾਰ ਵਲੋਂ ਮਹਿੰਗਾਈ ਭੱਤੇ ਸਬੰਧੀ ਜਾਰੀ ਕੀਤੇ ਗਏ ਪੱਤਰ ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰ ਮੰਗਾਂ ਪ੍ਰਵਾਨ ਨਹੀਂ ਕਰਦੀ ਸੰਘਰਸ਼ ਜਾਰੀ ਰਹੇਗਾ। ਉੱਧਰ ਹੜਤਾਲ ਕਾਰਨ ਕੰਮ-ਧੰਦੇ ਆਏ ਲੋਕਾਂ ਨੂੰ ਖੱਜਲ-ਖੁਆਰੀਆਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਪ੍ਰਸ਼ਾਸਨ ਅਤੇ ਰਾਜ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਸਲੇ ਦਾ ਜਲਦ ਤੋਂ ਜਲਦ ਹੱਲ ਕੱਢ ਕੇ ਦਫ਼ਤਰੀ ਕੰਮ-ਕਾਜ ਬਹਾਲ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਦੇ ਦਫ਼ਤਰੀ ਕੰਮ ਹੋ ਸਕਣ।