ਖੇਤੀ ਮੋਟਰਾਂ ਲਈ ਘੱਟ ਬਿਜਲੀ ਸਪਲਾਈ ਮਿਲਣ ਦੇ ਰੋਸ ’ਚ ਕਿਸਾਨ ਜਥੇਬੰਦੀਆਂ ਵਲੋਂ ਐਕਸੀਅਨ ਦਫ਼ਤਰਾਂ ਦੇ ਘਿਰਾਓ
ਮਾਨਸਾ, 14 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਕੱਟਾਂ ਦੇ ਰੋਸ ’ਚ ਪਾਵਰਕਾਮ ਦੇ ਐਕਸੀਅਨ ਦਫ਼ਤਰਾਂ ਅੱਗੇ ਧਰਨੇ ਲਗਾ ਕੇ ਸਰਕਾਰ ਤੇ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਸਰਕਾਰ ਦੀਆਂ ਨਾਕਾਮੀਆਂ ਕਾਰਨ ਬਿਜਲੀ ਕੱਟ ਲੱਗ ਰਹੇ ਹਨ ਅਤੇ ਸਾਉਣੀ ਦੀਆਂ ਫ਼ਸਲਾਂ ਖ਼ਾਸ ਕਰ ਕੇ ਝੋਨੇ ਦੀ ਜਿਣਸ ਦਾ ਵੱਡਾ ਨੁਕਸਾਨ ਹੋ ਰਿਹਾ ਹੈ।
ਮਾਨਸਾ, 14 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਕੱਟਾਂ ਦੇ ਰੋਸ ’ਚ ਪਾਵਰਕਾਮ ਦੇ ਐਕਸੀਅਨ ਦਫ਼ਤਰਾਂ ਅੱਗੇ ਧਰਨੇ ਲਗਾ ਕੇ ਸਰਕਾਰ ਤੇ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਸਰਕਾਰ ਦੀਆਂ ਨਾਕਾਮੀਆਂ ਕਾਰਨ ਬਿਜਲੀ ਕੱਟ ਲੱਗ ਰਹੇ ਹਨ ਅਤੇ ਸਾਉਣੀ ਦੀਆਂ ਫ਼ਸਲਾਂ ਖ਼ਾਸ ਕਰ ਕੇ ਝੋਨੇ ਦੀ ਜਿਣਸ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਰਸ਼ਾਂ ਨਾਮਾਤਰ ਹੋਣ ਕਰ ਕੇ ਪਹਿਲਾਂ ਹੀ ਫ਼ਸਲਾਂ ਝੰਬੀਆਂ ਗਈਆਂ ਅਤੇ ਉੱਪਰੋਂ ਟਿਊਬਵੈੱਲਾਂ ਨੂੰ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਫ਼ਸਲਾਂ ਸੁੱਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਝਾੜ ’ਤੇ ਵੱਡਾ ਅਸਰ ਪਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਭਾਵੇਂ ਦਿੱਲੀ ਅਤੇ ਪੰਜਾਬ ਦੀਆਂ ਕੁਰਸੀਆਂ ਤੋਂ ਬੈਠ ਕੇ ਕਿਸਾਨਾਂ ਦੇ ਹਿਤਾਂ ਲਈ ਵੱਡੇ ਦਾਅਵੇ ਕਰਦੀਆਂ ਹਨ ਪਰ ਜ਼ਮੀਨੀ ਹਕੀਕਤ ਹੋਰ ਹੈ। ਉਨ੍ਹਾਂ ਕਿਹਾ ਕਿ ਸੰਕਟ ਸਿਰਫ਼ ਬਿਜਲੀ ਤੱਕ ਹੀ ਸੀਮਤ ਨਹੀਂ ਹੈ ਬਲਕਿ ਐੱਸ.ਵਾਈ.ਐੱਲ. ਨਹਿਰ ਦੇ ਵਿਵਾਦ ਨੂੰ ਹੱਲ ਨਾ ਕਰਨ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚੋਂ ਸੂਬੇ ਦੀ ਭਾਗੀਦਾਰੀ ਘਟਾਉਣ ਦੀਆਂ ਸਾਜ਼ਿਸ਼ਾਂ ਵੀ ਜੱਗ ਜ਼ਾਹਿਰ ਹਨ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਲਈ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅੱਗੇ ਗੋਡੇ ਟੇਕ ਚੁੱਕੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਖੇਤੀ ਮੋਟਰਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਚਾਲੂ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਧਰਨੇ ਨੂੰ ਨਿਰਮਲ ਸਿੰਘ ਝੰਡੂਕੇ, ਲਖਵੀਰ ਸਿੰਘ ਅਕਲੀਆ, ਮਹਿੰਦਰ ਸਿੰਘ ਭੈਣੀਬਾਘਾ, ਲਾਲ ਚੰਦ ਸਰਦੂਲਗੜ੍ਹ, ਭਜਨ ਸਿੰਘ ਘੁੰਮਣ, ਨਰਿੰਦਰ ਕੌਰ ਬੁਰਜ ਹਮੀਰਾ, ਰੂਪ ਸਿੰਘ ਢਿੱਲੋਂ, ਹਰਦੇਵ ਸਿੰਘ ਕੋਟਧਰਮੂ, ਰਾਵਲ ਕੋਟੜਾ, ਸ਼ਿਵਚਰਨ ਸੂਚਨ, ਹਰਜਿੰਦਰ ਸਿੰਘ ਮਾਨਸ਼ਾਹੀਆ, ਜੱਗਰ ਸਿੰਘ ਆਦਿ ਨੇ ਸੰਬੋਧਨ ਕੀਤਾ। ਕਿਸਾਨਾਂ ਵਲੋਂ ਐਕਸੀਅਨ ਦਫ਼ਤਰ ਬੁਢਲਾਡਾ ਦਾ ਘਿਰਾਓ ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਬਿਜਲੀ ਦੇ ਲੰਬੇ ਲੰਬੇ ਕੱਟਾਂ ਤੋਂ ਦੁਖੀ ਸੈਂਕੜੇ ਕਿਸਾਨਾਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸਥਾਨਕ ਐਕਸੀਅਨ ਦਫ਼ਤਰ ਦਾ ਘਿਰਾਓ ਕੀਤਾ ਗਿਆ। ਕਿਸਾਨ ਆਗੂ ਲਛਮਣ ਸਿੰਘ ਚੱਕ ਅਲੀਸ਼ੇਰ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਬਿਜਲੀ ਵਿਭਾਗ ਵਲੋਂ ਕਿਸਾਨਾਂ ਨੂੰ ਖੇਤੀ ਮੋਟਰਾਂ ਲਈ ਦਿੱਤੀ ਜਾਂਦੀ ਬਿਜਲੀ ’ਚ ਵੱਡੇ ਪੱਧਰ ’ਤੇ ਕਟੌਤੀ ਕਰ ਦਿੱਤੀ ਹੈ, ਜਿਸ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਦਿਨ ਬਰਬਾਦ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਆਏ ਦਿਨ ਸਿਆਸੀ ਸਟੇਜਾਂ ਉੱਪਰ ਕਿਸਾਨਾਂ ਨੂੰ ਖੇਤੀ ਮੋਟਰਾਂ ਲਈ 8 ਘੰਟੇ ਨਿਰਵਿਘਨ ਬਿਜਲੀ ਦੇ ਦਾਅਵੇ ਕਰਦੀ ਥੱਕਦੀ ਨਹੀਂ ਪਰ ਅਸਲ ’ਚ ਸਚਾਈ ਕੋਹਾਂ ਤੋਂ ਦੂਰ ਹੈ। ਉਨ੍ਹਾਂ ਕਿਹਾ ਕਿ ਫ਼ਸਲ ਪੱਕਣ ਕਿਨਾਰੇ ’ਤੇ ਪੁੱਜ ਚੁੱਕੀ ਹੈ ਪਰ ਖੇਤੀ ਮੋਟਰਾਂ ਦੀ ਬਿਜਲੀ ਪੂਰੀ ਨਾ ਮਿਲਣ ਕਾਰਨ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਰਹੀ ਜਿਸ ਕਾਰਨ ਕਿਸਾਨ ਆਰਥਿਕ ਪੱਖੋਂ ਕਮਜ਼ੋਰ ਹੋ ਜਾਵੇਗਾ। ਧਰਨੇ ਨੂੰ ਭੋਲਾ ਸਿੰਘ, ਜਰਨੈਲ ਸਿੰਘ, ਦਰਸ਼ਨ ਸਿੰਘ, ਮੇਜਰ ਸਿੰਘ, ਲਛਮਣ ਸਿੰਘ, ਸਰਦੂਲ ਸਿੰਘ, ਕਰਮ ਸਿੰਘ, ਬਲਜਿੰਦਰ ਸਿੰਘ, ਬਲਵਿੰਦਰ ਸਿੰਘ, ਸਤਨਾਮ ਸਿੰਘ, ਰੁਲਦੂ ਸਿੰਘ, ਰਾਮ ਸਿੰਘ, ਗਿਆਨ ਸਿੰਘ ਆਦਿ ਨੇ ਸੰਬੋਧਨ ਕੀਤਾ।