ਮਾਨਸਾ, 30 ਸਤੰਬਰ (ਸ.ਰਿ.)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਸੂਬਾ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਕੁਲਦੀਪ ਸਿੰਘ ਚੱਕ ਭਾਈਕੇ ਅਤੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਗਾਗੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਹਾੜ੍ਹੀ ਦੀਆਂ ਫ਼ਸਲਾਂ ’ਚ ਕੀਤਾ ਨਿਗੂਣਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਸਹਾਇਕ ਕੀਮਤ ’ਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦਾ ਹੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਕਣਕ ਦੀ ਖ਼ਰੀਦ ਦੀ ਸਹਾਇਕ ਕੀਮਤ ਜੋ 2585 ਰੁਪਏ ਪ੍ਰਤੀ ਕੁਇੰਟਲ ਸੀ ਇਸ ਤਰ੍ਹਾਂ ਇਸ ਵਾਰ ਇਹ ਵਾਧਾ ਕਰ ਕੇ ਬੁੱਤਾ ਸਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਕਣਕ ਅਤੇ ਹੋਰ ਫ਼ਸਲਾਂ ਦੀ ਪੈਦਾਵਾਰ ਕਰਨ ਲਈ ਵਰਤੀਆਂ ਜਾਣ ਵਾਲੀਆਂ ਵਸਤੂਆਂ ਬੀਜ, ਖਾਂਦਾ, ਕੀੜੇਮਾਰ ਦਵਾਈਆਂ, ਮਸ਼ੀਨਰੀ ਅਤੇ ਤੇਲ ’ਚ ਰਿਕਾਰਡ ਤੋੜ ਵਾਧਾ ਹੋਇਆ ਹੈ, ਦੀ ਪੂਰਤੀ ਕਣਕ ਦੇ ਭਾਅ ’ਚ ਨਾਮਾਤਰ ਵਾਧੇ ਨਾਲ ਪੂਰਤੀ ਨਹੀਂ ਕੀਤੀ ਜਾ ਸਕਦੀ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨੀ ਜਿਣਸਾਂ ਦੇ ਭਾਅ ਡਾ. ਸਵਾਮੀਨਾਥਨ ਦੀ ਰਿਪੋਰਟ ਮੁਤਾਬਿਕ ਤੈਅ ਕੀਤੇ ਜਾਣ।