ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਲਿਆਉਣ ਦੀ ਅਪੀਲ
ਮਾਨਸਾ, 12 ਅਕਤੂਬਰ (ਸ. ਰਿ.)
ਮਾਨਸਾ, 12 ਅਕਤੂਬਰ (ਸ.ਰਿ.)- ਬੀਤੇ ਦਿਨੀਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ’ਚ ਹੋਈ ਭਾਰੀ ਬਰਸਾਤ ਕਾਰਨ ਖੇਤਾਂ ’ਚ ਖੜ੍ਹੀ ਝੋਨੇ ਦੀ ਪੱਕੀ ਫ਼ਸਲ ਦੇ ਗਿੱਲੇ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਸਾਨਾਂ ਨੂੰ ਗਿੱਲੀ ਫ਼ਸਲ ਕੱਟਣ ਤੋਂ ਪਹਿਲਾਂ 2-3 ਦਿਨ ਧੁੱਪ ਲਗਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਗਿੱਲੀ ਫ਼ਸਲ ਦੀ ਕਟਾਈ ਕਰਨ ਨਾਲ ਜਿਣਸ ’ਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਵੇਚਣ ’ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਮੰਡੀਆਂ ’ਚ ਲਿਆਂਦੇ ਜਾਣ ਵਾਲੇ ਸੁੱਕੇ ਝੋਨੇ ਦੀ ਨਾਲੋ-ਨਾਲ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਸਮੂਹ ਖ਼ਰੀਦ ਏਜੰਸੀਆਂ ਨੂੰ ਵੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮੰਡੀਆਂ ’ਚ ਪਹੁੰਚਣ ਵਾਲੀ ਸੁੱਕੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਅਦਾਇਗੀ ’ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।